ਜਨਸ਼ਕਤੀ ਨਾਲ ਹੁਣ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ”: ਨਯਨ ਛਾਬੜਾ
ਯੁੱਧ ਨਸ਼ਿਆਂ ਵਿਰੁੱਧ'
“ਜਨਸ਼ਕਤੀ ਨਾਲ ਹੁਣ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ”: ਨਯਨ ਛਾਬੜਾ
- ਨਸ਼ਾ ਮੁਕਤੀ ਮੋਰਚੇ ਦੇ ਦੋਆਬਾ ਜ਼ੋਨ ਕੋਆਰਡੀਨੇਟਰ ਨੇ ਕੀਤੀ ਪ੍ਰੈਸ ਕਾਨਫਰੰਸ
ਹੁਸ਼ਿਆਰਪੁਰ, 30 ਅਪ੍ਰੈਲ:
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਅੰਤਿਮ ਮੁਕਾਮ ਤੱਕ ਪਹੁੰਚਾਉਣ ਲਈ ਹੁਣ ਇਸ ਨੂੰ ਜਨ ਅੰਦੋਲਨ ਦਾ ਰੂਪ ਦਿੱਤਾ ਜਾਵੇਗਾ ਅਤੇ ਜਨਸ਼ਕਤੀ ਦੇ ਨਾਲ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਲੜੀ ਜਾਵੇਗੀ। ਇਹ ਵਿਚਾਰ ਨਸ਼ਾ ਮੁਕਤੀ ਮੋਰਚੇ ਦੇ ਦੋਆਬਾ ਜ਼ੋਨ ਕੋਆਰਡੀਨੇਟਰ ਨਯਨ ਛਾਬੜਾ ਨੇ ਅੱਜ ਹੁਸ਼ਿਆਰਪੁਰ ਵਿੱਚ ਜ਼ਿਲ੍ਹਾ ਕੋਆਰਡੀਨੇਟਰ ਮਨਜਿੰਦਰ ਸਿੰਘ ਸਿਆਣ ਦੇ ਨਾਲ ਆਯੋਜਿਤ ਪ੍ਰੈਸ ਕਾਨਫਰੰਸ ਵਿੱਚ ਰੱਖੇ।
ਨਯਨ ਛਾਬੜਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਨਸ਼ਾ ਤਸਕਰਾਂ ਨੂੰ ਸਪੱਸ਼ਟ ਸੁਨੇਹਾ ਦੇ ਦਿੱਤਾ ਹੈ—ਜਾਂ ਤਾਂ ਨਸ਼ਿਆਂ ਦਾ ਧੰਦਾ ਛੱਡ ਦਿਓ ਜਾਂ ਫਿਰ ਪੰਜਾਬ। ਇਹ ਪਹਿਲੀ ਸਰਕਾਰ ਹੈ ਜਿਸ ਨੇ ਨਸ਼ਿਆਂ ਵਿਰੁੱਧ ਯੁੱਧ ਪੱਧਰ ’ਤੇ ਕਾਰਵਾਈ ਕਰਕੇ ਨਸ਼ਿਆਂ ਦੇ ਨੈੱਟਵਰਕ ਨੂੰ ਤੋੜਨ ਦੀ ਠੋਸ ਪਹਿਲ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਪਿਛਲੇ ਦੋ ਦਹਾਕਿਆਂ ਤੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਖੋਖਲਾ ਕਰ ਰਹੇ ਨਸ਼ਿਆਂ ਦੇ ਜਾਲ ਨੂੰ ਤੋੜਨ ਲਈ ਸਰਕਾਰ ਨੇ ਸਖ਼ਤ ਕਾਰਵਾਈ ਕੀਤੀ ਹੈ।
ਨਯਨ ਛਾਬੜਾ ਨੇ ਜਾਣਕਾਰੀ ਦਿੱਤੀ ਕਿ 2 ਮਈ ਨੂੰ ਹੁਸ਼ਿਆਰਪੁਰ ਵਿੱਚ ‘ਵਿਲੇਜ ਡਿਫੈਂਸ ਕਮੇਟੀਆਂ’ ਦਾ ਇੱਕ ਵਿਸ਼ਾਲ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ, ਜਿਸ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ।
ਉਨ੍ਹਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿੱਚ ਗਠਿਤ ਟੀਮਾਂ ਲੋਕਾਂ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਸਫਲ ਬਣਾਉਣਗੀਆਂ ਅਤੇ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ਵਿੱਚ ਫੈਸਲਾਕੁੰਨ ਕਦਮ ਚੁੱਕਿਆ ਜਾਵੇਗਾ।