Arth Parkash : Latest Hindi News, News in Hindi
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ: ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ: ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ
Monday, 18 Mar 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:

ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

- ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸੂਬੇ ਭਰ ‘ਚ 15,653 ਪੋਸਟਰ ਅਤੇ 7,511 ਬੈਨਰ ਹਟਾਏ ਗਏ

-1 ਮਾਰਚ ਤੋਂ ਹੁਣ ਤੱਕ 113.45 ਕਰੋੜ ਦੀ ਨਕਦੀ ਸਮੇਤ ਨਸ਼ੀਲੇ ਪਦਾਰਥਾਂ ਬਰਾਮਦ

ਚੰਡੀਗੜ੍ਹ, 19 ਮਾਰਚ:

 ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸੈਕਟਰ 17 ਸਥਿਤ ਆਪਣੇ ਦਫ਼ਤਰ ਵਿਖੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਸਬੰਧੀ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਨੇ ਆਦਰਸ਼ ਚੋਣ ਜ਼ਾਬਤੇ (ਐਮ.ਸੀ.ਸੀ.) ਨੂੰ ਸਹੀ ਅਤੇ ਸੁਚੱਜੇ ਢੰਗ ਨਾਲ ਲਾਗੂ ਕਰਨ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ਤਾਂ ਜੋ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਯਕੀਨੀ ਬਣਾਈਆਂ ਜਾ ਸਕਣ। ਉਨ੍ਹਾਂ ਵੇਰਵਿਆਂ ਦਿੰਦਿਆਂ ਦੱਸਿਆ ਕਿ 16 ਮਾਰਚ ਤੋਂ 18 ਮਾਰਚ, 2024 ਤੱਕ ਸੂਬੇ ਭਰ ਵਿੱਚ 24,433 ਕੰਧ ਲਿਖਤਾਂ, 15,653 ਪੋਸਟਰਾਂ, 7,511 ਬੈਨਰਾਂ ਅਤੇ 23,916 ਜਾਇਦਾਦਾਂ ਤੇ ਲਿਖੀਆਂ ਹੋਰ ਲਿਖਤਾਂ ਨੂੰ ਹਟਾਇਆ ਗਿਆ ਹੈ।

 ਉਨ੍ਹਾਂ ਜ਼ੋਰ ਦਿੰਦਿਆ ਕਿਹਾ ਕਿ ਬਲ ਅਤੇ ਪੈਸੇ ਦੀ ਤਾਕਤ ਦੀ ਦੁਰਵਰਤੋਂ ਨੂੰ ਰੋਕਣ ਲਈ ਵਿਆਪਕ ਉਪਰਾਲੇ ਕੀਤੇ ਗਏ ਹਨ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਦੱਸਿਆ ਕਿ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਇਲਾਕੇ ਦੀ ਸੰਵੇਦਨਸ਼ੀਲਤਾਂ ਦੇ ਆਧਾਰ ’ਤੇ ਵਾਧੂ ਤਾਇਨਾਤੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਇੱਕ ਮਜ਼ਬੂਤ ਜ਼ਬਤੀ ਪ੍ਰਬੰਧਨ ਪ੍ਰਣਾਲੀ ਲਾਗੂ ਕੀਤੀ ਗਈ ਹੈ, ਜਿਸ ਦੇ ਨਤੀਜੇ ਵਜੋਂ 1 ਮਾਰਚ, 2024 ਤੋਂ ਹੁਣ ਤੱਕ 113.45 ਕਰੋੜ ਰੁਪਏ ਦੀਆਂ ਜ਼ਬਤੀਆਂ ਹੋਈਆਂ ਹਨ।

 ਉਨ੍ਹਾਂ ਅੱਗੇ ਦੱਸਿਆ ਕਿ ਸੀ-ਵਿਜੀਲ ਐਪ ਰਾਹੀਂ 119 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 86 ਜਾਇਜ਼ ਪਾਈਆਂ ਗਈਆਂ ਹਨ ਅਤੇ ਹੱਲ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਅੰਤਰ-ਰਾਜੀ ਨਾਕਿਆਂ ’ਤੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ ਅਤੇ ਲੋੜੀਂਦੇ ਉਪਕਰਨਾਂ ਨਾਲ ਲੈਸ ਫਲਾਇੰਗ ਸਕੁਐਡ ਅੰਤਰ-ਜ਼ਿਲ੍ਹਾ ਚੌਕੀਆਂ ’ਤੇ ਤਾਇਨਾਤ ਕੀਤੇ ਗਏ ਹਨ।

 ਸਿਬਿਨ ਸੀ ਨੇ ਕਿਹਾ ਕਿ ਸੂਬੇ ਦੇ 24,433 ਪੋਲਿੰਗ ਸਟੇਸ਼ਨਾਂ ਵਿੱਚੋਂ 2,416 ਨੂੰ ਹੁਣ ਤੱਕ ਸੰਵੇਦਨਸ਼ੀਲ ਵਜੋਂ ਪਛਾਣਿਆ ਗਿਆ ਹੈ, ਜਿਨ੍ਹਾਂ ਨੂੰ ਵਾਧੂ ਸੁਰੱਖਿਆ ਉਪਾਵਾਂ ਦੀ ਲੋੜ ਹੈ। ਸਾਰੇ ਪੋਲਿੰਗ ਸਟੇਸ਼ਨਾਂ ’ਤੇ ਸੀਸੀਟੀਵੀ ਇੰਸਟਾਲੇਸ਼ਨ ਅਤੇ ਕੇਂਦਰੀਕ੍ਰਿਤ ਨਿਗਰਾਨੀ ਲਾਗੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ 12,000 ਪੋਲਿੰਗ ਸਟੇਸ਼ਨਾਂ ਉੱਤੇ ਖ਼ਾਸ ਤਵੱਜੋ ਦਿੱਤੀ ਜਾ ਰਹੀ ਹੈ, ਜਿੱਥੇ ਮਤਦਾਨ ਰਾਸ਼ਟਰੀ ਅਤੇ ਸੂਬੇ ਦੇ ਹੋਰਨਾਂ ਹਿੱਸਿਆਂ ਨਾਲੋਂ 2019 ਵਿੱਚ ਔਸਤ ਨਾਲੋਂ ਘੱਟ ਰਿਹਾ ਸੀ। 

 ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪੋਲਿੰਗ ਸਟੇਸ਼ਨਾਂ ’ਤੇ ਪੀਣ ਵਾਲੇ ਪਾਣੀ, ਪਖਾਨੇ, ਦਿਸ਼ਾ ਸੂਚਕ, ਰੈਂਪ/ਵ੍ਹੀਲ ਚੇਅਰ, ਹੈਲਪ ਡੈਸਕ, ਵੋਟਰ ਸੁਵਿਧਾ ਕੇਂਦਰ, ਲੋੜੀਂਦੀ ਰੋਸ਼ਨੀ ਅਤੇ ਸ਼ੈੱਡ ਦੀ ਸਹੂਲਤ ਨੂੰ ਯਕੀਨੀ ਬਣਾਉਣ।

 ਉਨ੍ਹਾਂ ਦੱਸਿਆ ਕਿ 1 ਮਾਰਚ, 2024 ਤੱਕ ਪੰਜਾਬ ਵਿੱਚ ਕੁੱਲ 2,12,71,246 ਵੋਟਰ ਹਨ ਅਤੇ ਡੁਪਲੀਕੇਟ ਵੋਟ ਨੂੰ ਰੋਕਣ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੁਧਾਈ ਦੌਰਾਨ ਵਿਸ਼ੇਸ਼ ਯਤਨ ਕੀਤੇ ਗਏ ਹਨ। ਇਸ ਤੋਂ ਇਲਾਵਾ ਵੋਟਰ ਸੂਚੀ ਸੁਧਾਈ ਦੇ ਹਰ ਪੜਾਅ ’ਤੇ ਰਾਜਨੀਤਿਕ ਪਾਰਟੀਆਂ ਨਾਲ ਨਿਯਮਤ ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਇਤਰਾਜ਼ ਦੇਣ ਦਾ ਮੌਕਾ ਪ੍ਰਦਾਨ ਕੀਤਾ ਗਿਆ ਹੈ।

 ਸਿਬਿਨ ਸੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਮੀਡੀਆ ਚੋਣ ਕਮਿਸ਼ਨ ਦੀਆਂ ਅੱਖਾਂ ਅਤੇ ਕੰਨਾਂ ਵਜੋਂ ਕੰਮ ਕਰੇ ਤਾਂ ਜੋ ਚੋਣਾਂ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹੀਆਂ ਜਾ ਸਕਣ। ਮੁੱਖ ਚੋਣ ਅਧਿਕਾਰੀ ਨੇ ਵਚਨਬੱਧਤਾ ਪ੍ਰਗਟਾਈ ਕਿ ਉਹ ਮੀਡੀਆ ਨਾਲ ਸਰਗਰਮੀ ਨਾਲ ਜੁੜੇ ਰਹਿਣਗੇ ਅਤੇ ਮੀਡੀਆ ਰਾਹੀਂ ਮਹੱਤਵਪੂਰਨ ਜਾਣਕਾਰੀਆਂ ਲੋਕਾਂ ਤੱਕ ਪੁੱਜਦੀਆਂ ਕਰਨਗੇ।