Arth Parkash : Latest Hindi News, News in Hindi
ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ‘ਚ ਬਿਜਲੀ ਅਤੇ ਫਾਇਰ ਸੇਫ਼ਟੀ ਸਹੂਲਤਾਂ ਦਾ ਆਡਿਟ ਕਰਵਾਉਣ ਦੇ ਹੁਕ ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ‘ਚ ਬਿਜਲੀ ਅਤੇ ਫਾਇਰ ਸੇਫ਼ਟੀ ਸਹੂਲਤਾਂ ਦਾ ਆਡਿਟ ਕਰਵਾਉਣ ਦੇ ਹੁਕਮ
Sunday, 26 Jan 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ‘ਚ ਬਿਜਲੀ ਅਤੇ ਫਾਇਰ ਸੇਫ਼ਟੀ ਸਹੂਲਤਾਂ ਦਾ ਆਡਿਟ ਕਰਵਾਉਣ ਦੇ ਹੁਕਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਡਾ. ਬਲਬੀਰ ਸਿੰਘ ਨੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਬੁਲਾਈ

ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਮਹੱਤਵਪੂਰਨ ਦੇਖਭਾਲ ਇਕਾਈਆਂ ‘ਚ ਯੂ.ਪੀ.ਐਸ.-ਅਧਾਰਤ ਪਾਵਰ ਬੈਕਅੱਪ ਅਤੇ ਸਿਹਤ ਸਹੂਲਤਾਂ ਵਿਖੇ ਪੂਰੀ ਤਰ੍ਹਾਂ ਕਾਰਜਸ਼ੀਲ ਜਰਨੇਟਰ ਸੈੱਟ ਉਪਲੱਬਧ ਕਰਵਾਉਣ ਲਈ ਕਿਹਾ


ਸਿਹਤ ਮੰਤਰੀ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਦੇ ਪੱਧਰ 'ਤੇ ਕਮੇਟੀਆਂ ਦਾ ਗਠਨ ਕਰਨ ਦੇ ਹੁਕਮ

ਫਾਇਰ ਸੇਫ਼ਟੀ ਸਹੂਲਤਾਂ ਦਾ ਆਡਿਟ ਅਤੇ ਅੱਗ ਬੁਝਾਊ ਉਪਕਰਨਾਂ ਦੀ ਉਪਲਬਧਤਾ ਦੇ ਵੀ ਦਿੱਤੇ ਹੁਕਮ

ਚੰਡੀਗੜ੍ਹ, 27 ਜਨਵਰੀ:


ਸਰਕਾਰੀ ਸਿਹਤ ਸਹੂਲਤਾਂ ਵਿਖੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਭਰ ਦੇ ਸਾਰੇ ਮੈਡੀਕਲ ਕਾਲਜਾਂ, ਸਿਵਲ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਬਲਾਕ ਪੱਧਰ ਦੇ ਹਸਪਤਾਲਾਂ ਵਿੱਚ ਬਿਜਲੀ ਸਪਲਾਈ ਅਤੇ ਫਾਇਰ ਸੇਫਟੀ ਦਾ ਆਡਿਟ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

ਸਿਹਤ ਮੰਤਰੀ ਸਿਵਲ ਹਸਪਤਾਲਾਂ ਦੇ ਸਾਰੇ ਸਿਵਲ ਸਰਜਨਾਂ ਅਤੇ ਮੈਡੀਕਲ ਕਾਲਜਾਂ ਦੇ ਮੈਡੀਕਲ ਸੁਪਰਡੈਂਟਾਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਮੀਟਿੰਗ ਵਿੱਚ ਪ੍ਰਸ਼ਾਸਨਿਕ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਸਕੱਤਰ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਰਵੀ ਭਗਤ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਦੇ ਮੈਨੇਜਿੰਗ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਸੀ.ਐਮ.ਡੀ. ਪੀਐਸਪੀਸੀਐਲ ਇੰਜੀਨੀਅਰ ਬਲਦੇਵ ਸਿੰਘ ਸਰਾਂ, ਡਾਇਰੈਕਟਰ ਸਿਹਤ ਡਾ. ਹਿਤਿੰਦਰ ਕੌਰ ਅਤੇ ਡਾਇਰੈਕਟਰ ਖੋਜ ਤੇ ਮੈਡੀਕਲ ਸਿੱਖਿਆ ਡਾ. ਅਵਨੀਸ਼ ਕੁਮਾਰ ਵੀ ਸ਼ਾਮਲ ਸਨ।

ਸਿਹਤ ਮੰਤਰੀ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਬਿਜਲੀ ਬੰਦ ਹੋਣ ਦੀ ਸਥਿਤੀ ਵਿੱਚ ਸਾਰੀਆਂ ਮਹੱਤਵਪੂਰਨ ਦੇਖਭਾਲ ਇਕਾਈਆਂ, ਜਿਨ੍ਹਾਂ ਵਿੱਚ ਆਪ੍ਰੇਸ਼ਨ ਥੀਏਟਰ, ਲੇਬਰ ਰੂਮ, ਐਮਰਜੈਂਸੀ, ਐਸਐਨਸੀਯੂਜ਼ ਅਤੇ ਐਨਆਈਸੀਯੂਜ਼ ਸ਼ਾਮਲ ਹਨ, ਵਿੱਚ ਘੱਟੋ-ਘੱਟ 30 ਮਿੰਟਾਂ ਦਾ ਯੂਪੀਐਸ ਪਾਵਰ ਬੈਕਅੱਪ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਾਰੀਆਂ ਸਿਹਤ ਸਹੂਲਤਾਂ ਵਿਖੇ ਡੀਜ਼ਲ ਦੀ ਲੋੜੀਂਦੀ ਸਪਲਾਈ ਦੇ ਨਾਲ ਇੱਕ ਪੂਰੀ ਤਰ੍ਹਾਂ ਕਾਰਜਸ਼ੀਲ ਜਨਰੇਟਰ ਸੈੱਟ ਮੌਜੂਦ ਹੋਣਾ ਚਾਹੀਦਾ ਹੈ।

ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ, ਸਬ-ਡਿਵੀਜ਼ਨ ਅਤੇ ਬਲਾਕ ਪੱਧਰ ਦੇ ਹਸਪਤਾਲਾਂ ਸਮੇਤ ਸਾਰੇ ਪੱਧਰਾਂ 'ਤੇ ਕਮੇਟੀਆਂ ਦਾ ਗਠਨ ਕਰਨ ਦੇ ਹੁਕਮ ਵੀ ਜਾਰੀ ਕੀਤੇ।

ਉਕਤ ਕਮੇਟੀਆਂ, ਜਿਨ੍ਹਾਂ ਵਿੱਚ ਸਿਹਤ ਵਿਭਾਗ/ਮੈਡੀਕਲ ਕਾਲਜ, ਪੀਐਸਪੀਸੀਐਲ, ਅਤੇ ਪੀਡਬਲਿਊਡੀ-ਇਲੈਕਟ੍ਰੀਕਲ ਦੇ ਨੁਮਾਇੰਦੇ ਸ਼ਾਮਲ ਹੋਣਗੇ, ਸਾਰੀਆਂ ਸਿਹਤ ਸਹੂਲਤਾਂ ਵਿਖੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹੋਣਗੀਆਂ। ਕਮੇਟੀ ਦੇ ਮੈਂਬਰ ਇੱਕ ਦੂਜੇ ਨਾਲ ਤਾਲਮੇਲ ਕਰਦਿਆਂ ਸਿਹਤ ਸਹੂਲਤ ਵਿਖੇ ਉਪਲਬਧ ਯੂਪੀਐਸ ਅਤੇ ਹੋਰ ਪਾਵਰ ਬੈਕਅੱਪ ਪ੍ਰਣਾਲੀਆਂ ਦੀ ਕਾਰਜਸ਼ੀਲਤਾ ਬਾਰੇ ਰਿਪੋਰਟ ਦੇਣਗੇ।

ਉਨ੍ਹਾਂ ਅੱਗੇ ਕਿਹਾ ਕਿ ਇਹ ਕਮੇਟੀਆਂ ਆਪੋ-ਆਪਣੇ ਸਬੰਧਤ ਹਸਪਤਾਲਾਂ ਦਾ ਸਮੇਂ-ਸਮੇਂ ‘ਤੇ ਦੌਰਾ ਕਰਕੇ ਇਹ ਯਕੀਨੀ ਬਣਾਉਣਗੀਆਂ ਕਿ ਉਥੇ ਬਿਜਲੀ ਬੈਕਅੱਪ ਅਤੇ ਪੂਰੀ ਤਰ੍ਹਾਂ ਕਾਰਜਸ਼ੀਲ ਜਰਨੇਟਰ ਸੈੱਟ ਦੀ ਸਹੂਲਤ ਮੌਜੂਦ ਹੈ।

ਸਿਹਤ ਮੰਤਰੀ ਨੇ ਸਾਰੇ ਸਿਵਲ ਸਰਜਨਾਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਬਿਜਲੀ ਕੱਟ ਲੱਗਣ ਦੀ ਸਥਿਤੀ ਵਿੱਚ ਬੈਕਅੱਪ ਬਿਜਲੀ ਸਪਲਾਈ ਤੁਰੰਤ ਸ਼ੁਰੂ ਕੀਤੀ ਜਾਵੇ ਤਾਂ ਜੋ ਮਹੱਤਵਪੂਰਨ ਦੇਖਭਾਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਕੋਈ ਦਿੱਕਤ ਦਰਪੇਸ਼ ਨਾ ਆਵੇ। ਉਨ੍ਹਾਂ ਅੱਗੇ ਕਿਹਾ ਕਿ ਇਸ ਉਦੇਸ਼ ਲਈ ਬੈਕਅੱਪ ਬਿਜਲੀ ਸਪਲਾਈ ਚਾਲੂ ਕਰਨ ਵਾਲੇ ਵਿਅਕਤੀ ਨਾਲ ਸੰਪਰਕ ਲਈ ਢੁਕਵੀਂ ਸੰਚਾਰ ਪ੍ਰਣਾਲੀ ਵੀ ਸਥਾਪਤ ਕੀਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਨੇ ਬਿਜਲੀ ਬੰਦ ਹੋਣ ਦੀ ਕਿਸੇ ਵੀ ਸਥਿਤੀ ਵਿੱਚ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਉਪਰੋਕਤ ਕਮੇਟੀਆਂ ਦੇ ਸਾਰੇ ਮੈਂਬਰਾਂ ਦਾ ਇੱਕ ਵਟਸਐਪ ਗਰੁੱਪ ਬਣਾਉਣ ਦੇ ਵੀ ਆਦੇਸ਼ ਵੀ ਦਿੱਤੇ।

ਸਿਹਤ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਫੌਰੀ ਢੰਗ ਨਾਲ ਫਾਇਰ ਸੇਫਟੀ ਆਡਿਟ ਕਰਵਾਉਣ ਅਤੇ ਸਿਹਤ ਸਹੂਲਤਾਂ ਖਾਸ ਕਰਕੇ ਸਾਰੀਆਂ ਮਹੱਤਵਪੂਰਨ ਦੇਖਭਾਲ ਇਕਾਈਆਂ ਵਿੱਚ ਅੱਗ ਬੁਝਾਊ ਉਪਕਰਨਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।