Arth Parkash : Latest Hindi News, News in Hindi
ਐੱਸ.ਏ.ਐੱਸ.ਨਗਰ ਜ਼ਿਲ੍ਹੇ ਵਿੱਚ ਹਰ ਤਰ੍ਹਾਂ ਦੇ ਅਦਾਰਿਆਂ, ਸੰਸਥਾਵਾਂ ਅਤੇ ਦੁਕਾਨਾਂ ਦੇ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਐੱਸ.ਏ.ਐੱਸ.ਨਗਰ ਜ਼ਿਲ੍ਹੇ ਵਿੱਚ ਹਰ ਤਰ੍ਹਾਂ ਦੇ ਅਦਾਰਿਆਂ, ਸੰਸਥਾਵਾਂ ਅਤੇ ਦੁਕਾਨਾਂ ਦੇ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) 'ਚ ਲਿਖੇ ਜਾਣ
Monday, 27 Jan 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ

 ਐੱਸ.ਏ.ਐੱਸ.ਨਗਰ ਜ਼ਿਲ੍ਹੇ ਵਿੱਚ ਹਰ ਤਰ੍ਹਾਂ ਦੇ ਅਦਾਰਿਆਂ, ਸੰਸਥਾਵਾਂ ਅਤੇ ਦੁਕਾਨਾਂ ਦੇ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) 'ਚ ਲਿਖੇ ਜਾਣ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਜਨਵਰੀ:

ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਰਾਜ ਭਾਸ਼ਾ ਪੰਜਾਬੀ ਨੂੰ ਪ੍ਰਫੁੱਲਿਤ ਕਰਨ ਦੇ ਯਤਨਾਂ ਦੀ ਲੜੀ ਤਹਿਤ ਪੰਜਾਬ ਰਾਜ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ/ ਵਿਭਾਗਾਂ/ ਅਦਾਰਿਆਂ/ ਸੰਸਥਾਵਾਂ/ ਵਿੱਦਿਅਕ ਅਦਾਰਿਆਂ/ ਬੋਰਡਾਂ/ ਨਿਗਮਾਂ/ ਵਿੱਦਿਅਕ ਸੰਸਥਾਵਾਂ/ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ/ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ/ ਸੁਸਾਇਟੀ ਐਕਟ/ ਫੈਕਟਰੀ ਐਕਟ ਤਹਿਤ ਰਜਿਸਟਰਡ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ/ ਨਾਮ ਪੱਟੀਆਂ/ ਮੀਲ ਪੱਥਰ/ ਸਾਈਨ ਬੋਰਡ ਦੇ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਸਨ।
     ਇਨ੍ਹਾਂ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਰਸ਼ਨ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉੱਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖਿਆ ਜਾਣਾ ਹੈ। ਜੇਕਰ ਕਿਸੇ ਹੋਰ ਭਾਸ਼ਾ ਵਿੱਚ ਬੋਰਡ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਤੋਂ ਹੇਠਾਂ ਦੂਜੀ ਭਾਸ਼ਾ ਵਿੱਚ ਲਿਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਇਨ੍ਹਾਂ ਹਦਾਇਤਾਂ ਅਨੁਸਾਰ ਅਰਧ ਸਰਕਾਰੀ ਅਤੇ ਗ਼ੈਰ-ਸਰਕਾਰੀ ਸੰਸਥਾਵਾਂ, ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਨੂੰ ਵੀ ਆਪੋ-ਆਪਣੇ ਸਾਈਨ ਬੋਰਡ ਪੰਜਾਬੀ ਭਾਸ਼ਾ ਵਿਚ ਲਿਖੇ ਜਾਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਦੇ ਕਿਰਤ ਵਿਭਾਗ ਦੀ ਅਧਿਸੂਚਨਾ ਮਿਤੀ 24 ਮਾਰਚ 2023 ਦੇ ਨਿਯਮ 23 ਅਨੁਸਾਰ ਸਾਰੇ ਅਦਾਰਿਆਂ ਦੇ ਨਾਮ ਬੋਰਡ ਪੰਜਾਬੀ (ਗੁਰਮੁਖੀ ਲਿਪੀ) ਵਿੱਚ ਲਿਖੇ ਹੋਣਗੇ ਅਤੇ ਜਿੱਥੇ ਹੋਰ ਭਾਸ਼ਾਵਾਂ ਦੀ ਵਰਤੋਂ ਵੀ ਕੀਤੀ ਗਈ ਹੈ, ਉਹ ਭਾਸ਼ਾਵਾਂ ਪੰਜਾਬੀ ਭਾਸ਼ਾ ਤੋਂ ਬਾਅਦ ਹੋਣਗੀਆਂ। ਪੰਜਾਬੀ ਭਾਸ਼ਾ ਵਿੱਚ ਬੋਰਡ ਨੂੰ ਹੋਰ ਭਾਸ਼ਾਵਾਂ (ਜੇਕਰ ਹੋਣ) ਨਾਲੋਂ ਵਧੇਰੇ ਥਾਂ ਦੇ ਕੇ ਮੁੱਖ ਤੌਰ ‘ਤੇ ਲਿਖਿਆ ਜਾਵੇਗਾ।
    ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕਰਨ ’ਤੇ ਐਕਟ ਵਿੱਚ ਦਰਜ ਉਪਬੰਧਾਂ ਅਨੁਸਾਰ ਜੁਰਮਾਨਾ ਲਗਾਉਣ ਸੰਬਧੀ ਕਾਰਵਾਈ ਕੀਤੀ ਜਾਵੇਗੀ।
     ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਰਸ਼ਨ ਕੌਰ ਨੇ ਜ਼ਿਲ੍ਹਾ ਵਾਸੀਆਂ ਅਤੇ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਮਾਤ-ਭਾਸ਼ਾ ਪੰਜਾਬੀ ਪ੍ਰਤੀ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਇਸ ਕਾਰਜ ਲਈ ਪੂਰਨ ਸਹਿਯੋਗ ਦਿੱਤਾ ਜਾਵੇ ਅਤੇ ਜ਼ਿਲ੍ਹੇ ਦੇ ਸ਼ਹਿਰਾਂ, ਪਿੰਡਾਂ ਅਤੇ ਕਸਬਿਆਂ ਅੰਦਰ ਸਥਿਤ ਹਰ ਪ੍ਰਕਾਰ ਦੀਆਂ ਸੰਸਥਾਵਾਂ, ਅਦਾਰਿਆਂ ਅਤੇ ਦੁਕਾਨਾਂ ਦੇ ਬੋਰਡ ਪੰਜਾਬੀ ਵਿਚ ਲਿਖੇ ਜਾਣ। ਬੋਰਡ ਲਿਖਣ ਸਮੇਂ ਪੰਜਾਬੀ ਸ਼ਬਦ-ਜੋੜਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਇਸ ਸਬੰਧੀ ਜੇਕਰ ਕਿਸੇ ਨੂੰ ਅਗਵਾਈ ਜਾਂ ਸਹਿਯੋਗ ਦੀ ਜ਼ਰੂਰਤ ਹੈ ਤਾਂ ਉਹ ਕਿਸੇ ਵੀ ਸਮੇਂ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਤੋਂ ਅਗਵਾਈ ਜਾਂ ਸਹਿਯੋਗ ਲੈ ਸਕਦਾ ਹੈ।