Arth Parkash : Latest Hindi News, News in Hindi
ਨਸ਼ਿਆਂ ਦੀ ਰੋਕਥਾਮ ਲਈ ਵੱਧ ਤੋਂ ਵੱਧ ਜਾਗਰੂਕਤਾ ਲਾਜ਼ਮੀ: ਡਿਪਟੀ ਕਮਿਸ਼ਨਰ ਨਸ਼ਿਆਂ ਦੀ ਰੋਕਥਾਮ ਲਈ ਵੱਧ ਤੋਂ ਵੱਧ ਜਾਗਰੂਕਤਾ ਲਾਜ਼ਮੀ: ਡਿਪਟੀ ਕਮਿਸ਼ਨਰ
Tuesday, 18 Mar 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਨਸ਼ਿਆਂ ਦੀ ਰੋਕਥਾਮ ਲਈ ਵੱਧ ਤੋਂ ਵੱਧ ਜਾਗਰੂਕਤਾ ਲਾਜ਼ਮੀ: ਡਿਪਟੀ ਕਮਿਸ਼ਨਰ

ਐਨਕੋਰਡ ਦੀ ਮੀਟਿੰਗ ‘ਚ ਸਬੰਧਤ ਵਿਭਾਗਾਂ ਨੂੰ ਨਸ਼ਿਆਂ ਵਿਰੁੱਧ ਸਾਂਝੇ ਅਤੇ ਠੋਸ ਯਤਨਾਂ ਦੀ ਤਾਕੀਦ

ਕਿਹਾ ਨਸ਼ਿਆਂ ਵਿਰੁੱਧ ਜਨਤਕ ਮੁਹਿੰਮ ਬਣਾਈ ਜਾਵੇ

ਹੁਸ਼ਿਆਰਪੁਰ, 19 ਮਾਰਚ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਨਸ਼ਿਆਂ ਦੀ ਰੋਕਥਾਮ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ, ਨਸ਼ਿਆਂ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਲਈ ਠੋਸ ਉਪਰਾਲਿਆਂ ਤੋਂ ਇਲਾਵਾ ਨਸ਼ਿਆਂ ਵਿਰੁੱਧ ਜਨਤਕ ਮੁਹਿੰਮ ਨੂੰ ਅਮਲ ਵਿਚ ਲਿਆਉਣ ਦੀ ਲੋੜ ‘ਤੇ ਜ਼ੋਰ ਦਿੱਤਾ।

        ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਪੰਜਾਬ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਤੇ ਨਾਰਕੋ ਕੋਆਰਡੀਨੇਸ਼ਨ (ਐਨਕੋਰਡ) ਤਹਿਤ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਖ-ਵੱਖ ਪੱਧਰ ‘ਤੇ ਨਸ਼ਿਆਂ ਵਿਰੁੱਧ ਹੋਰ ਅਸਰਦਾਰ ਢੰਗ ਨਾਲ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਗ੍ਰਿਫਤ ਵਿਚ ਆ ਚੁੱਕੇ ਵਿਅਕਤੀਆਂ ਨੂੰ ਜ਼ਿਲ੍ਹਾ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਅਤੇ ਹੋਰਨਾਂ ਸੈਂਟਰਾਂ ਵਿਚ ਭਰਤੀ ਕਰਵਾ ਕੇ ਉਨ੍ਹਾਂ ਦਾ ਇਲਾਜ਼ ਕਰਵਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਮੁਹਿੰਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਇਨ੍ਹਾਂ ਯਤਨਾਂ ਨੂੰ ਜਨਤਕ ਮੁਹਿੰਮ ਬਣਾਇਆ ਜਾਵੇ।

        ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਨਸ਼ਾ ਮੁਕਤੀ ਕੇਂਦਰ ਬਾਰੇ ਜਾਣਕਾਰੀ ਲੈਂਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਸੈਂਟਰ ਦੀ ਵੱਖ-ਵੱਖ ਪੱਧਰ ‘ਤੇ ਸਮਰੱਥਾ ਵਿਚ ਵਾਧੇ ਦੀ ਤਜਵੀਜ਼ ਹੈ ਅਤੇ ਜਲਦ ਹੀ ਇਸ ਨੂੰ ਅਮਲੀ ਜ਼ਾਮਾ ਪਹਿਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸੈਂਟਰ ਵਿਚ ਹੁਨਰ ਵਿਕਾਸ ਦੀਆਂ ਕਲਾਸਾਂ ਲੈ ਰਹੇ ਨੌਜਵਾਨਾਂ ਨੂੰ ਢੁਕਵੇਂ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਵੀ ਜ਼ਿਲ੍ਹਾ ਪ੍ਰਸ਼ਾਸਨ ਯਤਨ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਛੁਡਾਊ ਕੇਂਦਰਾਂ ਵਿਚ ਦਾਖਲ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਤੰਦਰੁਸਤ ਕਰਨ ਲਈ ਵਰਜਿਸ਼, ਜਿੰਮ ਦੇ ਪ੍ਰਬੰਧਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਯੋਗਾ ਕਲਾਸਾਂ ਵੀ ਸ਼ੁਰੂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਇਹ ਨੌਜਵਾਨ ਪੂਰੀ ਤਰ੍ਹਾਂ ਰਿਸ਼ਟ-ਪੁਸ਼ਟ ਹੋ ਸਕਣ।

        ਪੁਲਿਸ ਵਿਭਾਗ ਤੋਂ ਪਿਛਲੇ ਦਿਨੀਂ ਕੀਤੀ ਕਾਰਵਾਈ ਬਾਰੇ ਜਾਣਕਾਰੀ ਲੈਂਦਿਆਂ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਗਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਪਿਛਲੇ 3 ਹਫ਼ਤਿਆਂ ਦੌਰਾਨ ਐਨ.ਡੀ.ਪੀ.ਐਸ. ਦੇ 98 ਮਾਮਲੇ ਦਰਜ ਕੀਤੇ ਗਏ ਅਤੇ 121 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸੇ ਤਰ੍ਹਾਂ 394 ਗ੍ਰਾਮ ਹੈਰੋਇਨ, 2 ਕਿਲੋ 306 ਗ੍ਰਾਮ ਅਫੀਮ, 2 ਕਿਲੋ 472 ਗ੍ਰਾਮ ਨਸ਼ੀਲਾ ਪਾਊਡਰ, 4933 ਨਸ਼ੀਲੇ ਕੈਪਸੂਲ/ਗੋਲੀਆਂ ਅਤੇ 20200 ਰੁਪਏ ਡਰੱਗ ਮਨੀ ਦੇ ਜ਼ਬਤ ਕੀਤੇ ਗਏ। ਡਿਪਟੀ ਕਮਿਸ਼ਨਰ ਨੇ ਸਿਹਤ ਅਤੇ ਪੁਲਿਸ ਵਿਭਾਗ ਨੂੰ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਿਰੁੱਧ ਸਾਂਝੀ ਚੈਕਿੰਗ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।

        ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਤਾਕੀਦ ਕੀਤੀ ਕਿ ਉਹ ਆਪੋ-ਆਪਣੇ ਪੱਧਰ ‘ਤੇ ਨਸ਼ਿਆਂ ਦੀ ਰੋਕਥਾਮ ਲਈ ਠੋਸ ਯਤਨ ਕਰਨ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਇਸ ਅਲਾਮਤ ਤੋਂ ਬਚਾਅ ਕੇ ਉਨ੍ਹਾਂ ਦੀ ਅਥਾਹ ਊਰਜਾ ਨੂੰ ਸੁਚੱਜੇ ਪਾਸੇ ਲਾਇਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।