ਲੋਕਾਂ ਦਾ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ ਵਧਿਆ : ਵਿਧਾਇਕ ਬਲਕਾਰ ਸਿੰਘ
ਹਲਕਾ ਕਰਤਾਰਪੁਰ ਦੇ 3 ਸਰਕਾਰੀ ਪ੍ਰਾਇਮਰੀ ਸਕੂਲਾਂ ’ਚ 78.80 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜ ਕੀਤੇ ਸਮਰਪਿਤ
ਕਰਤਾਰਪੁਰ/ਜਲੰਧਰ, 30 ਅਪ੍ਰੈਲ : ਸੂਬਾ ਸਰਕਾਰ ਦੀ ਪਹਿਲਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਇਕ ਬਲਕਾਰ ਸਿੰਘ ਵੱਲੋਂ ਅੱਜ ਹਲਕੇ ਦੇ ਤਿੰਨ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 78.80 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਇਨ੍ਹਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਕਾਲਾ ਖੇੜਾ ਵਿਖੇ 75 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਛੋਟਾ-ਬੜਾ ਪਿੰਡ ਵਿਖੇ 3 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਰੱਜਬ ਵਿਖੇ 80 ਹਜ਼ਾਰ ਰੁਪਏ ਦੀ ਲਾਗਤ ਵਾਲੇ ਵਿਕਾਸ ਕੰਮ ਸ਼ਾਮਲ ਹਨ।
ਇਨ੍ਹਾਂ ਸਕੂਲਾਂ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਲਿਆਂਦੇ ਕ੍ਰਾਂਤੀਕਾਰੀ ਬਦਲਾਵਾਂ ਸਦਕਾ ਲੋਕਾਂ ਦਾ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ ਦਿਨੋ-ਦਿਨ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਵਿਕਸਿਤ ਕਰਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਤੇ ਸਮੇਂ ਦੇ ਹਾਣ ਦੀ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਆਪਣੇ ਰਿਸ਼ਤੇਦਾਰਾਂ, ਸਨੇਹੀਆਂ ਅਤੇ ਹੋਰਨਾਂ ਨੂੰ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਗਰੂਕ ਕਰਨ ਦੀ ਅਪੀਲ ਕੀਤੀ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਸਕੂਲਾਂ ਵਿੱਚ ਦਿੱਤੀ ਜਾਂਦੀ ਮਿਆਰੀ ਸਿੱਖਿਆ ਅਤੇ ਹੋਰ ਸਹੂਲਤਾਂ ਦਾ ਲਾਭ ਲੈ ਸਕਣ।
ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੀ ਮੌਜੂਦ ਸਨ।