ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ
ਜ਼ਰੂਰੀ ਵਸਤਾਂ ਦੀ ਜਮ੍ਹਾਂਖੋਰੀ, ਕਾਲਾਬਜ਼ਾਰੀ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਖ਼ਤ ਹੁਕਮ ਜਾਰੀ
ਗੁਰਦਾਸਪੁਰ, 8 ਮਈ (2025 ) - ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐੱਸ., ਨੇ ਜ਼ਰੂਰੀ ਵਸਤਾਂ ਦੀ ਜਮ੍ਹਾਖੋਰੀ ਅਤੇ ਕਾਲਾਬਾਜ਼ਾਰੀ ਨੂੰ ਰੋਕਣ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। ਇਹ ਕਾਰਵਾਈ ਐਸੈਂਸ਼ੀਅਲ ਕਮੋਡਿਟੀਜ਼ ਐਕਟ, 1955 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਐਕਟ, 2023 ਦੀ ਧਾਰਾ 163 ਅਧੀਨ ਕੀਤੀ ਗਈ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਟਾਕਿਸਟ ਜ਼ਰੂਰੀ ਵਸਤਾਂ ਜਿਵੇਂ ਕਿ ਅਨਾਜ, ਤੇਲ, ਡੀਜ਼ਲ, ਪਸ਼ੂ ਚਾਰਾ, ਦੁੱਧ ਅਤੇ ਰੋਜ਼ਮਰ੍ਹਾ ਦੀਆਂ ਵਸਤਾਂ ਦੀ ਜਮ੍ਹਾਖੋਰੀ ਕਰ ਰਹੇ ਹਨ, ਜਿਸ ਨਾਲ ਕੀਮਤਾਂ ਵਧਣ, ਕਾਲਾਬਾਜ਼ਾਰੀ ਅਤੇ ਸਪਲਾਈ ਦੀ ਕਮੀ ਦੀ ਸਮੱਸਿਆ ਪੈਦਾ ਹੋ ਸਕਦੀ ਹੈ। ਇਸ ਨਾਲ ਆਮ ਲੋਕਾਂ, ਖਾਸ ਤੌਰ `ਤੇ ਕਮਜ਼ੋਰ ਵਰਗ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ, ਵਪਾਰੀ ਜਾਂ ਸੰਸਥਾ ਜ਼ਰੂਰੀ ਵਸਤਾਂ ਦੀ ਜਮ੍ਹਾਖੋਰੀ ਨਹੀਂ ਕਰੇਗੀ। ਇਸ ਵਿੱਚ ਅਨਾਜ, ਪਸ਼ੂ ਚਾਰਾ, ਦੁੱਧ ਅਤੇ ਡੇਅਰੀ ਉਤਪਾਦ, ਪੈਟਰੋਲ, ਡੀਜ਼ਲ ਅਤੇ ਹੋਰ ਰੋਜ਼ਮਰ੍ਹਾ ਦੀਆਂ ਵਸਤਾਂ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ, ਵਪਾਰੀ ਜਾਂ ਸੰਸਥਾ ਜ਼ਰੂਰੀ ਵਸਤਾਂ ਦੀ ਜਮ੍ਹਾਖੋਰੀ, ਕਾਲਾਬਾਜ਼ਾਰੀ ਜਾਂ ਕੀਮਤਾਂ ਵਿੱਚ ਹੇਰਾਫੇਰੀ ਕਰਦਾ ਹੈ ਤਾਂ ਇਸ ਦੀ ਸੂਚਨਾ ਸਬੰਧਤ ਅਧਿਕਾਰੀਆਂ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਐਸੈਂਸ਼ੀਅਲ ਕਮੋਡਿਟੀਜ਼, ਪੈਟਰੋਲ, ਡੀਜ਼ਲ ਦੀ ਕਾਲਬਜ਼ਾਰੀ ਜਾਂ ਜਮ੍ਹਾਂਖੋਰੀ ਕਰਦਾ ਹੈ ਤਾਂ ਇਸ ਲਈ ਜ਼ਿਲ੍ਹਾ ਫੂਡ ਸਪਲਾਈ ਅਤੇ ਸਿਵਲ ਸਪਲਾਈ ਕੰਟਰੋਲਰ ਸੁਖਜਿੰਦਰ ਸਿੰਘ ਦੇ ਨੰਬਰ 8284878182 `ਤੇ ਰਾਬਤਾ ਕੀਤਾ ਜਾ ਸਕਦਾ ਹੈ। ਪਸ਼ੂਆਂ ਨਾਲ ਸਬੰਧਿਤ ਜ਼ਰੂਰਤਾਂ ਲਈ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਜਸਪ੍ਰੀਤ ਸਿੰਘ ਨਾਗਪਾਲ ਦੇ ਨੰਬਰ 9878177491, ਸਬਜ਼ੀਆਂ ਆਦਿ ਦੀ ਉਪਲੱਬਧਤਾ ਸਬੰਧੀ ਮੰਡੀ ਬੋਰਡ ਦੇ ਸ਼੍ਰੀ ਜਸਪਾਲ ਸਿੰਘ ਦੇ ਨੰਬਰ 9779800094, ਮਾਰਕਫੈੱਡ ਦੇ ਉਤਪਾਦਾਂ ਸਬੰਧੀ ਸ਼੍ਰੀ ਗੁਰਪ੍ਰੀਤ ਸਿੰਘ, ਡੀ.ਐੱਮ. ਮਾਰਕਫੈੱਡ ਦੇ ਨੰਬਰ 9914120446, ਵੇਰਕਾ ਕੈਟਲ ਫੀਡ, ਘਣੀਏ ਕੇ ਬਾਂਗਰ ਸਤਿੰਦਰ ਪ੍ਰਸਾਦ ਦੇ ਨੰਬਰ 9417069430, ਏ.ਸੀ.ਐੱਸ.ਟੀ. ਸ੍ਰੀਮਤੀ ਸੁਪਨਨਦੀਪ ਉੱਪਲ ਦੇ ਨੰਬਰ 9872910028 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ ਤਾਂ ਜੋ ਜ਼ਰੂਰੀ ਵਸਤਾਂ ਦੀ ਸੁਚਾਰੂ ਸਪਲਾਈ ਅਤੇ ਨਿਰਪੱਖ ਵੰਡ ਨੂੰ ਯਕੀਨੀ ਬਣਾਇਆ ਜਾ ਸਕੇ।