ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਉੱਪਰ: ਹਰਜੋਤ ਬੈਂਸ ਵੱਲੋਂ ਸਿੱਖਿਆ ਸੰਸਥਾਵਾਂ ਨੂੰ ਨਿਰਦੇਸ਼ ਜਾਰੀ
•ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਲੋੜੀਂਦੇ ਕਦਮ ਚੁੱਕਣ ਲਈ ਕਿਹਾ
ਚੰਡੀਗੜ੍ਹ, 10 ਮਈ:
ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਹਰ ਪੱਖ ਤੋਂ ਵਿਦਿਆਰਥੀਆਂ ਦੀ ਸੁਰੱਖਿਆ ਤੇ ਭਲਾਈ ਨੂੰ ਮੁੱਖ ਰੱਖਦਿਆਂ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਉਣ।
ਅੱਜ ਇੱਥੇ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਵਿਦਿਅਕ ਸੰਸਥਾਵਾਂ, ਕੈਂਪਸ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕਣ ਅਤੇ ਜੇਕਰ ਵਿਦਿਆਰਥੀ ਸੁਰੱਖਿਆ, ਆਵਾਜਾਈ ਜਾਂ ਨਿੱਜੀ ਕਾਰਨਾਂ ਕਰਕੇ ਕੈਂਪਸ ਨਹੀਂ ਛੱਡਣਾ ਚਾਹੁੰਦੇ ਤਾਂ ਉਨ੍ਹਾਂ ਨੂੰ ਕੈਂਪਸ ਛੱਡਣ ਲਈ ਨਾ ਕਿਹਾ ਜਾਵੇ ਅਤੇ ਉਨ੍ਹਾਂ ਲਈ ਕੈਂਪਸ ਵਿੱਚ ਖਾਣ-ਪੀਣ, ਰਿਹਾਇਸ਼, ਦੇਖਭਾਲ ਅਤੇ ਜ਼ਰੂਰੀ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਇੱਕ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਵਿਦਿਆਰਥੀ ਪ੍ਰੀਖਿਆਵਾਂ ਲਈ ਕੈਂਪਸ ਵਿੱਚ ਨਹੀਂ ਰੁਕਣਾ ਚਾਹੁੰਦੇ ਤਾਂ ਉਨ੍ਹਾਂ ਨੂੰ ਇਸ ਸਬੰਧੀ ਕੈਂਪਸ ਵਿੱਚ ਰੁਕਣ ਲਈ ਮਜਬੂਰ ਨਾ ਕੀਤਾ ਜਾਵੇ ਅਤੇ ਜਿਹੜੇ ਵਿਦਿਆਰਥੀ ਆਪਣੇ ਘਰ ਜਾਣਾ ਚਾਹੁੰਦੇ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਅਕਾਦਮਿਕ ਜੁਰਮਾਨੇ ਦੇ ਅਜਿਹਾ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪ੍ਰਖਿਆਵਾਂ ਮੁਲਤਵੀ ਕਰਕੇ ਇਸ ਲਈ ਬਦਲਵੇਂ ਪ੍ਰਬੰਧ ਕਰਨ ਨੂੰ ਤਰਜੀਹ ਦਿੱਤੀ ਜਾਵੇ।
ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਲਈ ਨਿਰਵਿਘਨ ਸਹਾਇਤਾ ਨੂੰ ਯਕੀਨੀ ਬਣਾਉਣ ਲਈ ਸਿੱਖਿਆ ਸੰਸਥਾਵਾਂ ਨੂੰ ਨੋਡਲ ਅਫ਼ਸਰ ਨਿਯੁਕਤ ਕਰਨ ਅਤੇ ਵਿਦਿਆਰਥੀਆਂ ਨਾਲ ਪ੍ਰਭਾਵਸ਼ਾਲੀ ਸੰਚਾਰ ਦੀ ਸਹੂਲਤ ਲਈ ਹੈਲਪ-ਡੈਸਕ ਸਥਾਪਤ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦਰਪੇਸ਼ ਕਿਸੇ ਵੀ ਤਰ੍ਹਾਂ ਦੀਆਂ ਚਿੰਤਾਵਾਂ ਜਾਂ ਮੁੱਦਿਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਸ. ਹਰਜੋਤ ਸਿੰਘ ਬੈਂਸ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਉੱਪਰ ਹੈ ਅਤੇ ਵਿਦਿਅਕ ਸੰਸਥਾਵਾਂ ਇਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸੁਰੱਖਿਆ ਪ੍ਰੋਟੋਕੋਲ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਸਾਹਮਣੇ ਆਉਣ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਲਈ ਸਬੰਧਤ ਵਿਦਿਅਕ ਸੰਸਥਾ ਦੀ ਮੈਨੇਜਮੈਂਟ ਨਿੱਜੀ ਤੌਰ 'ਤੇ ਜ਼ਿੰਮੇਵਾਰ ਹੋਵੇਗੀ।
ਸਿੱਖਿਆ ਮੰਤਰੀ ਨੇ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਇਨ੍ਹਾਂ ਨਿਰਦੇਸ਼ਾਂ ਦੀ ਤੁਰੰਤ ਪਾਲਣਾ ਕਰਨ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।
--------