Arth Parkash : Latest Hindi News, News in Hindi
ਆਪ' ਸਰਕਾਰ ਦੀ ਨਾਜਾਇਜ਼ ਸ਼ਰਾਬ ਪ੍ਰਤੀ 'ਜ਼ੀਰੋ ਟੋਲਰੇਂਸ': ਹਰਪਾਲ ਚੀਮਾ ਆਪ' ਸਰਕਾਰ ਦੀ ਨਾਜਾਇਜ਼ ਸ਼ਰਾਬ ਪ੍ਰਤੀ 'ਜ਼ੀਰੋ ਟੋਲਰੇਂਸ': ਹਰਪਾਲ ਚੀਮਾ
Sunday, 25 May 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਆਪ' ਸਰਕਾਰ ਦੀ ਨਾਜਾਇਜ਼ ਸ਼ਰਾਬ ਪ੍ਰਤੀ 'ਜ਼ੀਰੋ ਟੋਲਰੇਂਸ': ਹਰਪਾਲ ਚੀਮਾ
 
ਆਬਕਾਰੀ ਵਿਭਾਗ ਨੂੰ ਚੌਕਸੀ ਅਤੇ ਕਾਰਵਾਈਆਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 26 ਮਈ:


ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਵਿੱਚ ਗੈਰ-ਕਾਨੂੰਨੀ ਸ਼ਰਾਬ ਦੇ ਨਿਰਮਾਣ, ਵਪਾਰ ਅਤੇ ਤਸਕਰੀ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਨੀਤੀ ਨੂੰ ਲਾਜ਼ਮੀ ਬਣਾਉਣ ਲਈ ਆਬਕਾਰੀ ਵਿਭਾਗ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ। ਵਿੱਤ ਮੰਤਰੀ ਨੇ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਚੌਕਸੀ ਅਤੇ ਸਰਗਰਮ ਉਪਾਵਾਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਤੌਰ 'ਤੇ ਆਦਤਨ ਅਪਰਾਧੀਆਂ 'ਤੇ ਲਗਾਤਾਰ ਨਜ਼ਰ ਰੱਖਣ 'ਤੇ ਜ਼ੋਰ ਦਿੱਤਾ।

ਅੱਜ ਇੱਥੇ ਹੋਈ ਸਮੀਖਿਆ ਮੀਟਿੰਗ ਦੌਰਾਨ ਆਬਕਾਰੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਨੂੰਨ ਲਾਗੂਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਨਾਜਾਇਜ਼ ਸ਼ਰਾਬ ਸਬੰਧੀ ਗਤੀਵਿਧੀਆਂ ਨੂੰ ਰੋਕਣ ਵਿੱਚ ਕੁਤਾਹੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

ਵਿੱਤ ਮੰਤਰੀ ਨੇ ਅੰਤਰ-ਵਿਭਾਗੀ ਸਹਿਯੋਗ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਆਬਕਾਰੀ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਸ਼ਰਾਬ ਦੇ ਖਤਰੇ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨਾਲ ਲਗਾਤਾਰ ਤਾਲਮੇਲ ਬਣਾ ਕੇ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਗੈਰ-ਕਾਨੂੰਨੀ ਸ਼ਰਾਬ ਦੇ ਵਪਾਰ ਵਿੱਚ ਸ਼ਾਮਲ ਸ਼ੱਕੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਮੌਜੂਦਾ ਮਾਮਲਿਆਂ ਦੀ ਨਿਰੰਤਰ ਨਿਗਰਾਨੀ ਅਤੇ ਸਰਗਰਮ ਖੁਫੀਆ ਜਾਣਕਾਰੀ ਇਕੱਠੀ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।

ਵਿੱਤ ਮੰਤਰੀ ਚੀਮਾ ਨੇ ਵਿਭਾਗ ਨੂੰ ਆਬਕਾਰੀ ਨਾਲ ਸਬੰਧਤ ਸਾਰੇ ਅਦਾਲਤੀ ਮਾਮਲਿਆਂ ਦੀ ਠੋਸ ਪੈਰਵੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਜਿਹੀਆਂ ਅਪਰਾਧਿਕ ਗਤੀਵਿਧੀਆਂ ਦੇ ਮਾਮਲਿਆਂ ਵਿੱਚ ਵੱਧ ਤੋਂ ਵੱਧ ਸੰਭਵ ਸਜ਼ਾ ਦਰ ਪ੍ਰਾਪਤ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਿਲ ਵਿਅਕਤੀਆਂ ਨੂੰ ਇੱਕ ਸਖ਼ਤ ਸੁਨੇਹਾ ਜਾਂਦਾ ਹੈ।

ਇਸ ਤੋਂ ਇਲਾਵਾ ਵਿੱਤ ਮੰਤਰੀ ਵੱਲੋਂ ਪੰਜਾਬ ਵਿੱਚ ਦੂਸਰੇ ਰਾਜਾਂ ਖਾਸ ਕਰਕੇ ਚੰਡੀਗੜ੍ਹ ਤੋਂ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਚੌਕਸੀ ਨੂੰ ਮਜ਼ਬੂਤ ਕਰਨ ‘ਤੇ ਜੋਰ ਦਿੱਤਾ ਗਿਆ। ਉਨ੍ਹਾਂ ਵਿਭਾਗ ਨੂੰ  ਨਿਰਦੇਸ਼ ਦਿੱਤੇ ਕਿ ਦੂਸਰੇ ਰਾਜਾਂ ਨਾਲ ਲੱਗਦੀਆਂ ਹੱਦਾਂ ਤੇ ਨਾਕਿਆਂ ਅਤੇ ਸ਼ਰਾਬ ਤਸਕਰੀ ਵਾਲੇ ਹੋਰ ਸੰਭਾਵੀ ਰਸਤਿਆਂ 'ਤੇ ਨਿਗਰਾਨੀ ਵਧਾਉਣ ਅਤੇ ਮਜ਼ਬੂਤ ਚੈਕਿੰਗ ਪ੍ਰਣਾਲੀ ਯਕੀਨੀ ਬਣਾਈ ਜਾਵੇ।

ਸ਼ਰਾਬ ਵੰਡ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਅਧਿਕਾਰਤ ਸਰੋਤਾਂ ਤੋਂ ਸ਼ਰਾਬ ਦੀ ਕੁੱਲ ਲਿਫਟਿੰਗ ਇਸ ਦੀ ਕਾਊਂਟਰ ਵਿਕਰੀ ਦੇ ਬਰਾਬਰ ਹੋਵੇ। ਇਸ ਕਦਮ ਦਾ ਉਦੇਸ਼ ਕਾਨੂੰਨੀ ਤੌਰ 'ਤੇ ਤਿਆਰ ਕੀਤੀ ਗਈ ਸ਼ਰਾਬ ਨੂੰ ਗੈਰ-ਕਾਨੂੰਨੀ ਬਾਜ਼ਾਰ ਵਿੱਚ ਭੇਜਣ ਦੀ ਕਿਸੇ ਵੀ ਗੁੰਜਾਇਸ਼ ਨੂੰ ਪੂਰੀ ਤਰ੍ਹਾਂ ਖ਼ਤਮ ਕਰਨਾ ਹੈ।

ਇਸ ਦੌਰਾਨ ਵਧੀਕ ਮੁੱਖ ਸਕੱਤਰ (ਆਬਕਾਰੀ) ਵਿਕਾਸ ਪ੍ਰਤਾਪ ਨੇ ਵਿੱਤ ਮੰਤਰੀ ਦੀਆਂ ਹਦਾਇਤਾਂ ਨੂੰ ਦੁਹਰਾਇਆ ਅਤੇ ਵਿਭਾਗ ਦੇ ਸਾਰੇ ਫੀਲਡ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਨ੍ਹਾਂ ਵੱਲੋਂ ਪੂਰੇ ਸਮਰਥਨ ਦਾ ਭਰੋਸਾ ਦਿੰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਉਹ ਵਿੱਤ ਮੰਤਰੀ ਦੇ ਨਿਰਦੇਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਗੈਰ-ਕਾਨੂੰਨੀ ਸ਼ਰਾਬ ਨਾਲ ਸਬੰਧਤ ਗਤੀਵਿਧੀਆਂ ਵਿਰੁੱਧ ਨਿਰੰਤਰ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਨਿੱਜੀ ਤੌਰ 'ਤੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕਾਰਗੁਜ਼ਾਰੀ ਦੀ ਨਿਯਮਤ ਹਫਤਾਵਾਰੀ ਸਮੀਖਿਆ ਕਰਨਗੇ।
 

ਇਸ ਮੌਕੇ ਆਬਕਾਰੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਵਿੱਤ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਆਬਕਾਰੀ ਵਿਭਾਗ ਸੂਬੇ ਵਿੱਚ ਗੈਰ-ਕਾਨੂੰਨੀ ਸ਼ਰਾਬ ਸਬੰਧੀ ਗਤੀਵਿਧੀਆਂ ਨੂੰ ਮੁਕੰਮਲ ਤੌਰ ‘ਤੇ ਰੋਕਣ ਲਈ ਜ਼ਮੀਨੀ ਪੱਧਰ 'ਤੇ ਕਾਰਵਾਈ ਨੂੰ ਹੋਰ ਤੇਜ ਕਰਨ ਲਈ ਤਿਆਰ-ਬਰ-ਤਿਆਰ ਹੈ।