Arth Parkash : Latest Hindi News, News in Hindi
ਇਕ ਦਿਨ ਡੀ.ਸੀ ਦੇ ਨਾਲ; ਹੁਸ਼ਿਆਰਪੁਰ ਦੇ ਟਾਪਰਾਂ ਨੂੰ ਮਿਲਿਆ ਪ੍ਰਸ਼ਾਸਕੀ ਤਜ਼ਰਬਾ, ਲੀਡਰਸ਼ਿਪ ਅਤੇ ਲੋਕ ਸੇਵਾ ਦੀ ਪ੍ਰੇਰ ਇਕ ਦਿਨ ਡੀ.ਸੀ ਦੇ ਨਾਲ; ਹੁਸ਼ਿਆਰਪੁਰ ਦੇ ਟਾਪਰਾਂ ਨੂੰ ਮਿਲਿਆ ਪ੍ਰਸ਼ਾਸਕੀ ਤਜ਼ਰਬਾ, ਲੀਡਰਸ਼ਿਪ ਅਤੇ ਲੋਕ ਸੇਵਾ ਦੀ ਪ੍ਰੇਰਨਾ
Sunday, 25 May 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਇਕ ਦਿਨ ਡੀ.ਸੀ ਦੇ ਨਾਲ; ਹੁਸ਼ਿਆਰਪੁਰ ਦੇ ਟਾਪਰਾਂ ਨੂੰ ਮਿਲਿਆ ਪ੍ਰਸ਼ਾਸਕੀ ਤਜ਼ਰਬਾ, ਲੀਡਰਸ਼ਿਪ ਅਤੇ ਲੋਕ ਸੇਵਾ ਦੀ ਪ੍ਰੇਰਨਾ

-ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਦੀ ਅਗਵਾਈ ‘ਚ ਮਿਲਿਆ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਮ ਕਰਨ ਦਾ ਵਿਹਾਰਿਕ ਅਨੁਭਵ

-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਦਫ਼ਤਰਾਂ ਦਾ ਦੌਰਾ ਕਰਕੇ ਸਰਕਾਰੀ ਕੰਮਕਾਜ਼ ਦੇ ਬਾਰੇ ‘ਚ ਜਾਣਕਾਰੀ ਕੀਤੀ ਹਾਸਲ

-ਖੁੱਲ੍ਹੇ ਸੰਵਾਦ ਸੈਸ਼ਨ ‘ਚ ਵਿਦਿਆਰਥੀਆਂ ਨੇ ਸਾਂਝੇ ਕੀਤੇ ਆਪਣੇ ਤਜ਼ਰਬੇ, ਡੀ.ਸੀ ਤੋਂ ਸਿੱਖੀਆਂ ਪ੍ਰੇਰਨਾਦਾਇਕ ਗੱਲਾਂ

-ਡਿਪਟੀ ਕਮਿਸ਼ਨਰ ਨੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ, ਭਵਿੱਖ ਦੀ ਅਗਵਾਈ ਲਈ ਕੀਤਾ
ਪ੍ਰੇਰਿਤ

ਹੁਸ਼ਿਆਰਪੁਰ, 26 ਮਈ :
      ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲਕਦਮੀ ‘ਇਕ ਦਿਨ ਡੀ.ਸੀ ਦੇ ਨਾਲ’ ਪ੍ਰੋਗਰਾਮ ਤਹਿਤ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸਵੀਂ ਜਮਾਤ ਵਿਚ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਾਲ ਇਕ ਪ੍ਰੇਰਣਾਦਾਇਕ ਦਿਨ ਬਿਤਾਇਆ। ਇਸ ਅਨੂਠੀ ਪਹਿਲਕਦਮੀ ਦਾ ਉਦੇਸ਼ ਨਾ ਕੇਵਲ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨਾ ਸੀ, ਸਗੋਂ ਉਨ੍ਹਾਂ ਨੂੰ ਪ੍ਰਸ਼ਾਸਨਿਕ ਅਨੁਭਵ, ਲੀਡਰਸ਼ਿਪ ਅਤੇ ਜਨਤਕ ਸੇਵਾ ਦੀਆਂ ਜ਼ਮੀਨੀ ਹਕੀਕਤਾਂ ਤੋਂ ਜਾਣੂ ਕਰਵਾਉਣਾ ਵੀ ਸੀ।
        ਸਵੇਰੇ 7 ਵਜੇ ਵਿਦਿਆਰਥੀ ਡੀ.ਸੀ ਨਿਵਾਸ 'ਤੇ ਪਹੁੰਚੇ, ਜਿਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵਿਦਿਆਰਥੀਆਂ ਨਾਲ ਜਾਣ-ਪਛਾਣ ਸੈਸ਼ਨ ਵਿਚ ਹਿੱਸਾ ਲਿਆ ਅਤੇ ਆਪਣੀ ਰੋਜ਼ਾਨਾ ਅਨੁਸ਼ਾਸਿਤ ਜੀਵਨ ਸ਼ੈਲੀ ਦੀ ਝਲਕ ਦਿਖਾਈ। ਯੋਗਾ ਅਤੇ ਸਵੇਰ ਦੀ ਕਸਰਤ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨਾਲ ਨਾਸ਼ਤਾ ਕੀਤਾ।
       9 ਵਜੇ ਤੋਂ ਬਾਅਦ ਵਿਦਿਆਰਥੀਆਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਦੌਰਾ ਕਰਵਾਇਆ ਗਿਆ। ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਦੇ ਕੰਮਕਾਜ਼, ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ ਅਤੇ ਸਰਕਾਰੀ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਨੂੰ ਪ੍ਰਤੱਖ ਤੌਰ 'ਤੇ ਦੇਖਣ ਦਾ ਮੌਕਾ ਮਿਲਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਇਕ ਛੋਟੀ ਵਿਕਾਸ ਯੋਜਨਾ ਮੀਟਿੰਗ ਵਿਚ ਵੀ ਹਿੱਸਾ ਲਿਆ ਜਿਥੇ ਜ਼ਿਲ੍ਹੇ ਦੇ ਵਿਕਾਸ ਮੁੱਦਿਆਂ 'ਤੇ ਚਰਚਾ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਐਸ.ਡੀ.ਐਮ ਟਾਂਡਾ ਪਰਮਪ੍ਰੀਤ ਸਿੰਘ ਨਾਲ ਦੁਪਹਿਰ ਦਾ ਖਾਣਾ ਖਾਧਾ। ਬਾਅਦ ਵਿਚ ਉਹ ਵਧੀਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਗਏ ਅਤੇ ਪੇਂਡੂ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ।
     ਸ਼ਾਮ 4 ਵਜੇ ਦੇ ਕਰੀਬ ਉਨ੍ਹਾਂ ਨੂੰ ਡਿਜੀਟਲ ਲਾਇਬ੍ਰੇਰੀ, ਹੁਸ਼ਿਆਰਪੁਰ ਦਾ ਦੌਰਾ ਕਰਵਾਇਆ ਗਿਆ, ਜਿਥੇ ਉਨ੍ਹਾਂ ਲਾਇਬ੍ਰੇਰੀ ਵਿਚ ਉਪਲਬੱਧ ਸਹੂਲਤਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਅਤੇ ਉਥੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਨੌਜਵਾਨਾਂ ਨਾਲ ਗੱਲਬਾਤ ਵੀ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੂੰ ਵਣ ਚੇਤਨਾ ਪਾਰਕ ਦਾ ਦੌਰਾ ਵੀ ਕਰਵਾਇਆ ਗਿਆ।
         ਦਿਨ ਦੇ ਅੰਤ ਵਿਚ ਵਿਦਿਆਰਥੀਆਂ ਅਤੇ ਡਿਪਟੀ ਕਮਿਸ਼ਨਰ ਵਿਚਕਾਰ ਇਕ ਖੁੱਲ੍ਹਾ ਸੰਵਾਦ ਸੈਸ਼ਨ ਹੋਇਆ, ਜਿਸ ਵਿਚ ਵਿਦਿਆਰਥੀਆਂ ਨੇ ਆਪਣੇ ਅਨੁਭਵ ਸਾਂਝੇ ਕੀਤੇ ਅਤੇ ਡਿਪਟੀ ਕਮਿਸ਼ਨਰ ਤੋਂ ਪ੍ਰੇਰਨਾਦਾਇਕ ਵਿਚਾਰ ਸੁਣੇ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਰੋਸ਼ਨ ਭਵਿੱਖ ਦੀ ਕਾਮਨਾ ਕੀਤੀ।
      ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਪ੍ਰੋਗਰਾਮ ਨੇ ਵਿਦਿਆਰਥੀਆਂ ਨੂੰ ਨਾ ਕੇਵਲ ਸਰਕਾਰੀ ਪ੍ਰਸ਼ਾਸਨ ਦੇ ਕੰਮਕਾਜ਼ ਤੋਂ ਜਾਣੂ ਕਰਵਾਇਆ ਸਗੋਂ ਉਨ੍ਹਾਂ ਵਿੱਚ ਲੀਡਰਸ਼ਿਪ, ਅਨੁਸ਼ਾਸਨ ਅਤੇ ਲੋਕ ਸੇਵਾ ਦੀ ਭਾਵਨਾ ਵੀ ਭਰੀ। ਉਨ੍ਹਾਂ ਕਿਹਾ ਕਿ ‘ਇਕ ਦਿਨ ਡੀ.ਸੀ ਦੇ ਨਾਲ’ ਵਰਗੇ ਉਪਰਾਲੇ ਵਿਦਿਆਰਥੀਆਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਲਈ ਇਕ ਮੀਲ ਪੱਥਰ ਸਾਬਤ ਹੋ ਸਕਦੇ ਹਨ।
    ਇਸ ਮੌਕੇ ਪਹਿਲੇ ਸਥਾਨ ‘ਤੇ ਆਉਣ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਰੈਜ਼ੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਤਲਵਾੜਾ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ, ਦੂਸਰੇ ਸਥਾਨ ‘ਤੇ ਆਉਣ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਰੈਜ਼ੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਤਲਵਾੜਾ ਦੀ ਵਿਦਿਆਰਥਣ ਸੁਰੇਖਾ ਅਤੇ ਤੀਸਰੇ ਸਥਾਨ ‘ਤੇ ਆਉਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਤੋਵਾਲ ਦੇ ਵਿਦਿਆਰਥੀ ਮੰਤਵਯ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਉਹਨ੍ਾਂ ਦੇ ਜੀਵਨ ਦਾ ਇਕ ਵਿਲੱਖਣ ਮੌਕਾ ਸੀ ਜਿਸ ਨੇ ਉਨ੍ਹਾਂ ਨੂੰ ਪ੍ਰਸ਼ਾਸਨਿਕ ਪ੍ਰਕਿਰਿਆ, ਲੀਡਰਸ਼ਿਪ ਅਤੇ ਜਨਤਕ ਸੇਵਾ ਦੀਆਂ ਬਾਰੀਕੀਆਂ ਨੂੰ ਸਮਝਣ ਦਾ ਮੌਕਾ ਦਿੱਤਾ। ਉਨ੍ਹਾਂ ਨੇ ਇਸ ਅਨੁਭਵ ਨੂੰ ਅਭੁੱਲ ਅਤੇ ਪ੍ਰੇਰਨਾਦਾਇਕ ਦੱਸਿਆ ਅਤੇ ਕਿਹਾ ਕਿ ਇਹ ਉਨ੍ਹਾਂ ਨੂੰ ਆਪਣੇ ਭਵਿੱਖ ਦੇ ਟੀਚੇ ਨਿਰਧਾਰਤ ਕਰਨ ਵਿਚ ਮਦਦ ਕਰੇਗਾ। ਬੱਚਿਆਂ ਦੇ ਮਾਪਿਆਂ ਨੇ ਵੀ ਇਸਨੂੰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਇਕ ਪ੍ਰੇਰਨਾਦਾਇਕ ਕਦਮ ਕਿਹਾ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਲਲਿਤਾ ਅਰੋੜਾ ਵੀ ਮੌਜੂਦ ਸਨ।