Arth Parkash : Latest Hindi News, News in Hindi
ਜ਼ਿਲ੍ਹਾ ਪ੍ਰਸ਼ਾਸਨ ਨੇ ਨਸ਼ੇ ਦੀ ਦਲ-ਦਲ ਵਿੱਚ ਫਸੇ ਨੌਜਵਾਨਾਂ ਨੂੰ ਨਸ਼ਿਆਂ ਵਿਚੋਂ ਬਾਹਰ ਕੱਢ ਕੇ ਉਨ੍ਹਾਂ ਦੇ ਪੁਨਰਵਾਸ ਲ ਜ਼ਿਲ੍ਹਾ ਪ੍ਰਸ਼ਾਸਨ ਨੇ ਨਸ਼ੇ ਦੀ ਦਲ-ਦਲ ਵਿੱਚ ਫਸੇ ਨੌਜਵਾਨਾਂ ਨੂੰ ਨਸ਼ਿਆਂ ਵਿਚੋਂ ਬਾਹਰ ਕੱਢ ਕੇ ਉਨ੍ਹਾਂ ਦੇ ਪੁਨਰਵਾਸ ਲਈ ਯਤਨ ਅਰੰਭੇ - ਡਿਪਟੀ ਕਮਿਸ਼ਨਰ
Tuesday, 03 Jun 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ

ਜ਼ਿਲ੍ਹਾ ਪ੍ਰਸ਼ਾਸਨ ਨੇ ਨਸ਼ੇ ਦੀ ਦਲ-ਦਲ ਵਿੱਚ ਫਸੇ ਨੌਜਵਾਨਾਂ ਨੂੰ ਨਸ਼ਿਆਂ ਵਿਚੋਂ ਬਾਹਰ ਕੱਢ ਕੇ ਉਨ੍ਹਾਂ ਦੇ ਪੁਨਰਵਾਸ ਲਈ ਯਤਨ ਅਰੰਭੇ - ਡਿਪਟੀ ਕਮਿਸ਼ਨਰ

ਨੌਜਵਾਨਾਂ ਨੂੰ ਮੁਫ਼ਤ ਹੁਨਰ ਸਿਖਲਾਈ ਦੇ ਕੋਰਸ ਕਰਵਾਏ ਜਾਣਗੇ

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜ਼ਿਲ੍ਹੇ ਦੇ ਪਿੰਡਾਂ ਵਿੱਚ ਕੀਤੇ ਜਾ ਰਹੇ ਖੇਡ ਮੈਦਾਨ ਤਿਆਰ

ਗੁਰਦਾਸਪੁਰ, 04 ਜੂਨ (2025) - ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਕਾਮਯਾਬ ਕਰਨ ਲਈ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਲੋਕ ਲਹਿਰ ਬਣਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨ। ਅੱਜ ਆਪਣੇ ਦਫ਼ਤਰ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਓਥੇ ਨਸ਼ੇ ਦੀ ਦਲ-ਦਲ ਵਿੱਚ ਫਸੇ ਨੌਜਵਾਨਾਂ ਨੂੰ ਨਸ਼ਿਆਂ ਵਿਚੋਂ ਬਾਹਰ ਕੱਢ ਕੇ ਉਨ੍ਹਾਂ ਦੇ ਪੁਨਰਵਾਸ ਲਈ ਵੀ ਵਿਸ਼ੇਸ਼ ਯਤਨ ਅਰੰਭੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਵਿਅਕਤੀ ਓਟ ਕੇਂਦਰਾਂ ਜਾ ਨਸ਼ਾ ਛੁਡਾਊ ਕੇਂਦਰਾਂ ਵਿੱਚ ਆਪਣਾ ਨਸ਼ੇ ਛੱਡਣ ਦਾ ਇਲਾਜ ਕਰਵਾਉਣ ਲਈ ਪਹੁੰਚ ਰਹੇ ਹਨ ਉਨ੍ਹਾਂ ਦਾ ਮੁਫ਼ਤ ਇਲਾਜ ਕਰਨ ਦੇ ਨਾਲ ਉਨ੍ਹਾਂ ਦੀ ਰੈਗੂਲਰ ਕੌਂਸਲਿੰਗ ਕੀਤੀ ਜਾਵੇ। ਇਸ ਤੋਂ ਇਲਾਵਾ ਨਸ਼ਾ ਛੁਡਾਊ ਕੇਂਦਰਾਂ ਵਿੱਚ ਮਰੀਜ਼ਾਂ ਲਈ ਯੋਗਾ ਦੀ ਵਿਸ਼ੇਸ਼ ਕਲਾਸਾਂ ਲਗਾਈਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਛੱਡ ਰਹੇ ਨੌਜਵਾਨਾਂ ਨੂੰ ਮੁੜ ਪੈਰਾਂ ਸਿਰ ਖੜ੍ਹੇ ਕਰਨ ਲਈ ਇੱਕ ਵਿਆਪਕ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਤਹਿਤ ਅਜਿਹੇ ਨੌਜਵਾਨਾਂ ਨੂੰ ਮੁਫ਼ਤ ਕਿੱਤਾਮੁਖੀ ਕੋਰਸ ਕਰਵਾ ਕੇ ਉਨ੍ਹਾਂ ਨੂੰ ਆਪਣਾ ਰੁਜ਼ਗਾਰ ਸ਼ੁਰੂ ਕਰਨ ਦੇ ਕਾਬਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵੱਲੋਂ ਵਿਸ਼ੇਸ਼ ਹੁਨਰ ਸਿਖਲਾਈ ਕੋਰਸ ਸ਼ੁਰੂ ਕੀਤੇ ਗਏ ਹਨ।  ਇਸ ਮੌਕੇ ਉਨ੍ਹਾਂ ਸਮੂਹ ਐੱਸ.ਡੀ.ਐੱਮਜ. ਨੂੰ ਕਿਹਾ ਕਿ ਉਹ ਡੀ.ਐੱਸ.ਪੀ. ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਜ਼ਿਲ੍ਹੇ ਦੇ ਸਾਰੇ ਓਟ ਕੇਂਦਰਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਦਾ ਨਿਰੀਖਣ ਕਰਨ।

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜ਼ਿਲ੍ਹੇ ਦੇ ਪਿੰਡਾਂ ਵਿੱਚ ਖੇਡ ਮੈਦਾਨਾਂ ਨੂੰ ਬਣਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਖੇਡ ਵਿਭਾਗ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਿੰਡਾਂ ਵਿੱਚ ਜਾ ਕੇ ਨੌਜਵਾਨਾਂ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਨ।  

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੇ ਨਾਲ ਉਨ੍ਹਾਂ ਦਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਾਥ ਮੰਗਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਨਸ਼ਿਆਂ ਵਿਰੁੱਧ ਉੱਠ ਖੜ੍ਹੇ ਹੋਏ ਹਨ ਅਤੇ ਸੂਬਾ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿੱਚ ਜ਼ਿਲ੍ਹਾ ਗੁਰਦਾਸਪੁਰ ਆਪਣਾ ਮੋਹਰੀ ਰੋਲ ਅਦਾ ਕਰੇਗਾ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ, ਐੱਸ.ਡੀ.ਐੱਮ. ਗੁਰਦਾਸਪੁਰ ਸ. ਮਨਜੀਤ ਸਿੰਘ ਰਾਜਲਾ, ਐੱਸ.ਡੀ.ਐੱਮ. ਬਟਾਲਾ ਸ੍ਰੀ ਵਿਕਰਮਜੀਤ ਸਿੰਘ, ਐੱਸ.ਡੀ.ਐੱਮ. ਕਲਾਨੌਰ ਸ੍ਰੀਮਤੀ ਜਯੋਤਸਨਾ ਸਿੰਘ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਗੁਰਮੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀ ਆਦਿੱਤਯ ਗੁਪਤਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।