Arth Parkash : Latest Hindi News, News in Hindi
ਡਿਪਟੀ ਕਮਿਸ਼ਨਰ ਵਲੋਂ ਖੇਤੀਬਾੜੀ ਵਿਭਾਗ ਦੀਆਂ ਗਤੀਵਿਧੀਆਂ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਵਲੋਂ ਖੇਤੀਬਾੜੀ ਵਿਭਾਗ ਦੀਆਂ ਗਤੀਵਿਧੀਆਂ ਦਾ ਜਾਇਜ਼ਾ
Thursday, 12 Jun 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਡਿਪਟੀ ਕਮਿਸ਼ਨਰ ਵਲੋਂ ਖੇਤੀਬਾੜੀ ਵਿਭਾਗ ਦੀਆਂ ਗਤੀਵਿਧੀਆਂ ਦਾ ਜਾਇਜ਼ਾ

 

ਆਉਣ ਵਾਲੀ ਫ਼ਸਲ ਲਈ ਖਾਦਾਂ ਦੀ ਉਪਲਬਧਤਾ ਬਾਰੇ ਲਈ ਜਾਣਕਾਰੀ

 

 ਕਿਸਾਨਾਂ ਨੂੰ ਪੂਸਾ 44 ਦੀ ਬਿਜਾਈ ਨਾ ਕਰਨ ਦੀ ਅਪੀਲ

 

ਬਰਨਾਲਾ, 13 ਜੂਨ

  ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ ਅਤੇ ਵਿਭਾਗ ਦੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ।

    ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਸੀਰ ਸਿੰਘ ਨੇ ਦੱਸਿਆ ਕਿ ਇਸ ਸਮੇਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ। ਹੁਣ ਤੱਕ ਜ਼ਿਲ੍ਹੇ ਵਿੱਚ 2000 ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋ ਚੁੱਕੀ ਹੈ ਤੇ ਹੋਰ ਕਿਸਾਨਾਂ ਨੂੰ ਕੈਂਪ ਲਗਾ ਕੇ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

   ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੂਸਾ 44 ਬੈਨ ਕੀਤੀ ਗਈ ਹੈ, ਇਸ ਲਈ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਪ੍ਰਮਾਣਿਤ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਕਿ ਪੀ ਆਰ 126, 128, 131 ਤੋਂ ਹੋਰ ਫਸਲਾਂ ਦੀ ਬਿਜਾਈ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ, ਇਹ ਕਿਸਮਾਂ ਘੱਟ ਸਮਾਂ ਲੈਂਦੀਆਂ ਹਨ, ਜਿਸ ਨਾਲ ਪਾਣੀ ਦੀ ਬੱਚਤ ਹੁੰਦੀ ਹੈ, ਉੱਥੇ ਏਨਾ ਕਿਸਮਾਂ ਦਾ ਕੱਦ ਛੋਟਾ ਹੋਣ ਕਾਰਨ ਪਰਾਲੀ ਵੀ ਘੱਟ ਬਚਦੀ ਹੈ ਤੇ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਵਿੱਚ ਕਟੌਤੀ ਆਉਂਦੀ ਹੈ। ਡਿਪਟੀ ਕਮਿਸ਼ਨਰ ਬਰਨਾਲਾ ਨੇ ਕਿਹਾ ਕਿ ਪੂਸਾ 44 ਦੀ ਵਿਕਰੀ 'ਤੇ ਪਾਬੰਦੀ ਲਗਾਈ ਹੋਈ ਹੈ, ਇਸ ਲਈ ਵੱਖ ਵੱਖ ਬੀਜਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਜਾਵੇ ਤਾਂ ਜੋ ਪੂਸਾ 44 ਦੀ ਵਿਕਰੀ ਨਾ ਹੋ ਸਕੇ।

 ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੁਆਲਿਟੀ ਕੰਟਰੋਲ ਲਈ ਜ਼ਿਲ੍ਹੇ ਵਿੱਚ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਕਿ ਸਮੇਂ ਸਮੇਂ 'ਤੇ ਪੈਸਟੀਸਾਈਡ ਦੁਕਾਨਾਂ 'ਤੇ ਜਾ ਕੇ ਕੀੜੇਮਾਰ ਦਵਾਈਆਂ, ਬੀਜਾਂ ਤੇ ਖਾਦਾਂ ਦੀਆਂ ਦੁਕਾਨਾਂ 'ਤੇ ਸੈਂਪਲਿੰਗ ਕਰਦੀਆਂ ਹਨ। ਹੁਣ ਤੱਕ ਜ਼ਿਲ੍ਹੇ ਨੂੰ ਮਿਲੇ ਟੀਚੇ ਅਨੁਸਾਰ ਬੀਜਾਂ ਦੇ 83, ਖਾਦਾਂ ਦੇ 7 ਅਤੇ ਕੀੜਮਾਰ ਦਵਾਈਆਂ ਦੇ 170 ਸੈਂਪਲ ਭਰੇ ਗਏ ਹਨ। ਓਨ੍ਹਾਂ ਕਿਹਾ ਕਿ ਫੇਲ ਹੋਏ ਸੈਂਪਲਾਂ ਲਈ ਐਕਟ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਬਰਨਾਲਾ ਨੇ ਆਉਣ ਵਾਲੀ ਫ਼ਸਲ ਲਈ ਖਾਦਾਂ ਦੀ ਉਪਲਬਧਤਾ ਬਾਰੇ ਜਾਣਕਾਰੀ ਲੈਣ ਲਈ ਪੁੱਛਿਆ ਤਾਂ ਖੇਤੀ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਖਾਦਾਂ ਦੀ ਕੋਈ ਘਾਟ ਨਹੀਂ ਹੈ।

  ਡਿਪਟੀ ਕਮਿਸ਼ਨਰ ਨੇ ਸਾਲ 2025 ਦੌਰਾਨ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਤੇ ਸਬਸਿਡੀ ਬਾਰੇ ਪੁੱਛਿਆ , ਇਸ ਤੋਂ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਨੇ ਦੱਸਿਆ ਕਿ ਸਾਲ 2025 ਦੌਰਾਨ ਸੀ ਆਰ ਐਮ ਸਕੀਮ, ਸਮੈਮ ਤੇ ਸੀ ਡੀ ਪੀ ਸਕੀਮ ਲਈ ਡਰਾਅ ਕੱਢੇ ਜਾ ਚੁੱਕੇ ਹਨ, ਇਹਨਾਂ ਕਿਸਾਨਾਂ ਦੀ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ। ਵੈਰੀਫਿਕੇਸ਼ਨ ਹੋਣ ਉਪਰੰਤ ਕਿਸਾਨਾਂ ਨੂੰ ਸਬਸਿਡੀ ਦੀ ਰਕਮ ਓਨ੍ਹਾਂ ਦੇ ਖਾਤੇ ਵਿੱਚ ਪਾ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਹਦਾਇਤ ਕਰਦਿਆਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਚੋਣ ਹੋਈ ਹੈ, ਉਹਨਾਂ ਦੀ ਜਲਦ ਤੋਂ ਜਲਦ ਪਾਰਦਰਸ਼ਤਾ ਨਾਲ ਵੈਰੀਫਿਕੇਸ਼ਨ ਕੀਤੀ ਜਾਵੇ ਤਾਂ ਜੋ ਸਮਾਂ ਰਹਿੰਦੇ ਕਿਸਾਨ ਆਪਣੀਆਂ ਮਸ਼ੀਨਾਂ ਦੀ ਖਰੀਦ ਕਰ ਸਕਣ ਤੇ ਆਉਣ ਵਾਲੇ ਪਰਾਲੀ ਦੇ ਸੀਜ਼ਨ ਦੌਰਾਨ ਪਰਾਲੀ ਦੀ ਸੰਭਾਲ ਕੀਤੀ ਜਾ ਸਕੇ ਤੇ ਕਿਸਾਨ ਇਹਨਾਂ ਸਕੀਮਾਂ ਦਾ ਲਾਭ ਲੈ ਸਕਣ।

  ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪੂਸਾ 44 ਤੇ ਹੋਰ ਹਾਈਬ੍ਰਿਡ ਕਿਸਮਾਂ ਦੀ ਬਿਜਾਈ ਨਾ ਕਰਨ ਤੇ ਘੱਟ ਸਮਾਂ ਲੈਣ ਵਾਲੀਆਂ ਫਸਲਾਂ ਦੀ ਬਿਜਾਈ ਦੀ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਜੋ ਵੀ ਖੇਤੀ ਇਨਪੁਟਸ ਖਰੀਦ ਕਰੇ ਹਨ, ਓਨ੍ਹਾਂ ਦਾ ਬਿੱਲ ਜ਼ਰੂਰ ਲੈਣ ਤਾਂ ਜੋ ਬਾਅਦ ਵਿੱਚ ਕਿਸੇ ਕਿਸਮ ਦੀ ਕੋਈ ਸਮੱਸਿਆ ਨਾ ਆਵੇ।

   ਇਸ ਮੌਕੇ ਡਾ. ਧਰਮਵੀਰ ਸਿੰਘ ਖੇਤੀਬਾੜੀ ਅਫ਼ਸਰ, ਡਾ. ਸੁਖਪਾਲ ਸਿੰਘ ਭੂਮੀ ਪਰਖ ਅਫ਼ਸਰ, ਡਾ. ਸਤਨਾਮ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਡਾ. ਜਸਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਸ੍ਰੀ ਬੇਅੰਤ ਸਿੰਘ ਇੰਜੀਨੀਅਰ ਗਰੇਡ 1 ਹਾਜ਼ਰ ਸਨ।