ਡੇਂਗੂ ਮਲੇਰੀਆ ਤੋਂ ਬਚਾਓ ਸਬੰਧੀ ਅੰਤਰ ਵਿਭਾਗੀ ਕਮੇਟੀ ਦੀ ਹੋਈ ਮੀਟਿੰਗ
ਡੇਂਗੂ, ਮਲੇਰੀਆ ’ਤੇ ਕਾਬੂ ਪਾਉਣ ਲਈ ਸਾਰਿਆਂ ਦਾ ਸਹਿਯੋਗ ਜ਼ਰੂਰੀ : ਵਧੀਕ ਡਿਪਟੀ ਕਮਿਸ਼ਨਰ
ਫ਼ਿਰੋਜ਼ਪੁਰ, 17 ਜੂਨ ( )
ਡੇਂਗੂ ਮਲੇਰੀਆ ਵਰਗੀਆਂ ਮੱਛਰਾਂ ਨਾਲ ਫੈਲਣ ਵਾਲੀਆਂ ਬੀਮਾਰੀਆਂ ਅਤੇ ਹੋਰ ਵੈਕਟਰ/ਵਾਟਰ ਬੋਰਨ ਡਜ਼ੀਜ਼ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰੀ ਅੰਤਰ ਵਿਭਾਗੀ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਦਮਨਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ। ਇਸ ਮੀਟਿੰਗ ਵਿੱਚ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਭਾਗ ਲਿਆ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਮੀਨਾਕਸ਼ੀ ਅਬਰੋਲ ਨੇ ਵੱਖ-ਵੱਖ ਵਿਭਾਗਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਅਤੇ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਤਹਿਤ ਮਣਾਉਣ ਲਈ ਕਿਹਾ। ਉਨ੍ਹਾਂ ਨੇ ਸਿੱਖਿਆ ਵਿਭਾਗ ਨੂੰ ਸਿਹਤ ਵਿਭਾਗ ਵੱਲੋਂ ਡੇਂਗੂ ਮਲੇਰੀਆ ਤੋਂ ਬਚਾਓ ਸਬੰਧੀ ਮੁਹਇਆ ਕਰਵਾਏ ਪੈਂਫਲੇਟ ਸਾਰੇ ਸਕੂਲਾਂ ਵਿੱਚ ਬੋਰਡਾਂ ਉਪਰ ਲਗਾਏ ਜਾਣ, ਅਧਿਆਪਕ ਮਾਂਪੇ ਅਧਿਆਪਕ ਮਿਲਣੀ ਦੌਰਾਨ ਅਤੇ ਬੱਚਿਆਂ ਨੂੰ ਸਵੇਰ ਦੀ ਸਭਾ ਵਿੱਚ ਡੇਂਗੂ ਮਲੇਰੀਆ ਅਤੇ ਆਲੇ-ਦੁਆਲੇ ਦੀ ਸਫ਼ਾਈ ਬਾਰੇ ਜਾਗਰੂਕ ਕਰਨ ਦੀ ਸਿਖਿਆ ਵਿਭਾਗ ਨੂੰ ਹਦਾਇਤ ਕੀਤੀ ਗਈ। ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਨੂੰ ਕੰਡਮ ਪਏ ਟਾਇਰਾਂ ਨੂੰ ਸਟੋਰ ਵਿੱਚ ਢੱਕ ਕੇ ਰੱਖਣ ਦੀ ਹਦਾਇਤ ਕੀਤੀ ਗਈ ਤਾਂ ਜੋ ਉਨ੍ਹਾਂ ਵਿਚ ਪਾਣੀ ਨਾ ਖੜ ਸਕੇ ਜਿਸ ਨਾਲ ਕਿ ਡੇਂਗੂ ਦਾ ਲਾਰਵਾ ਪੈਦਾ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਆਂਗਨਵਾੜੀ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਸਾਫ਼-ਸਫ਼ਾਈ ਵੱਲ ਖ਼ਾਸ ਤੌਰ ’ਤੇ ਧਿਆਨ ਦਿੱਤਾ ਜਾਵੇ ਅਤੇ ਵੱਖ-ਵੱਖ ਥਾਵਾਂ ’ਤੇ ਵਾਧੂ ਖੜ੍ਹੇ ਪਾਣੀ ਦੇ ਸੌਮਿਆਂ ਨੂੰ ਪੂਰਿਆ ਜਾਵੇ ਤਾਂ ਜੋ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਕੌਂਸਲ ਦੇ ਨੁਮਾਇੰਦਿਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਸਿਹਤ ਵਿਭਾਗ ਵੱਲੋਂ ਭੇਜੀ ਗਈ ਲਾਰਵਾ ਮਿਲਣ ਵਾਲੇ ਖੇਤਰਾਂ ਦੀ ਲਿਸਟ ਵਾਲੇ ਏਰੀਆ ਦੇ ਚਲਾਨ ਕੱਟੇ ਜਾਣ ਅਤੇ ਫੋਗਿੰਗ ਕਰਵਾਉਣਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸਮਿੰਦਰ ਕੌਰ ਵੱਲੋਂ ਡੇਂਗੂ ਲਾਰਵਾ ਸਬੰਧੀ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਸਾਰੇ ਵਿਭਾਗਾਂ ਨੂੰ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਮੁਨੀਲਾ ਅਰੋੜਾ, ਮੁੱਖ ਖੇਤੀਬਾੜੀ ਅਫ਼ਸਰ ਗੁਰਪ੍ਰੀਤ ਸਿੰਘ ਸਿੱਧੂ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਵੀ ਹਾਜ਼ਰ ਸਨ।