ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਹੜ੍ਹਾਂ ਸਬੰਧੀ ਸੂਚਨਾ ਦੇਣ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਿਤ
ਮਾਨਸਾ, 17 ਜੂਨ :
ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਰੂਮ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਸਮੀਖਿਆ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤਾਂ ਸ਼ੁਰੂ ਹੋਣ ਤੋਂ ਪਹਿਲਾਂ ਸਾਰੀਆਂ ਨਾਲੀਆਂ, ਸੀਵਰੇਜ਼ ਅਤੇ ਡਰੇਨਾਂ ਦੀ ਪੂਰੀ ਤਰ੍ਹਾਂ ਸਫਾਈ ਯਕੀਨੀ ਬਣਾਈ ਜਾਵੇ, ਤਾਂ ਜੋ ਪਾਣੀ ਇਕੱਠਾ ਨਾ ਹੋਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਪਾਂ ਦੇ ਅਗਾਊਂਂ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ, ਤਾਂ ਜੋ ਲੋੜ ਪੈਣ ’ਤੇ ਪਾਣੀ ਨੂੰ ਤੁਰੰਤ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਤੈਰਾਕਾਂ ਅਤੇ ਗੋਤਾਖੋਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸੂਚੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਐਮਰਜੈਂਸੀ ਸਥਿਤੀਆਂ ਵਿਚ ਰਾਹਤ ਕਾਰਜਾਂ ਦੌਰਾਨ ਉਨ੍ਹਾਂ ਦੀ ਸਹਾਇਤਾ ਲਈ ਜਾ ਸਕੇ। ਇਸ ਤੋਂ ਇਲਾਵਾ ਸੰਭਾਵੀ ਖੇਤਰਾਂ ’ਚ ਰਾਹਤ ਕੈਂਪ ਬਣਾਉਣ ਦੀ ਵੀ ਯੋਜਨਾ ਰੱਖਣ ਦੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਸੰਭਾਵੀ ਖੇਤਰਾਂ ਦੇ ਆਲੇ-ਦੁਆਲੇ ਸਕੂਲਾਂ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ, ਜਿੰਨ੍ਹਾਂ ਨੂੰ ਲੋੜ ਪੈਣ ’ਤੇ ਅਸਥਾਈ ਰਾਹਤ ਕੈਂਪਾਂ ਵਜੋਂ ਵਰਤਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗ ਆਪਸੀ ਤਾਲਮੇਲ ਅਤੇ ਸੰਪਰਕ ਦਾ ਮੁਕੰਮਲ ਪਲਾਨ ਤਿਆਰ ਕਰਕੇ ਰੱਖਣ। ਉਨ੍ਹਾਂ ਨਾਲ ਹੀ ਕਿਹਾ ਕਿ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਕਾਰਜਾਂ ’ਚ ਮਦਦ ਲਈ ਮਗਨਰੇਗਾ ਲੇਬਰ ਵੀ ਤਿਆਰ ਰੱਖੀ ਜਾਵੇ।
ਮੀਟਿੰਗ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ, ਲੋਕ ਨਿਰਮਾਣ ਵਿਭਾਗ, ਡਰੇਨੇਜ਼ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪਸ਼ੂ ਪਾਲਣ ਵਿਭਾਗ, ਖੇਤੀਬਾੜੀ ਵਿਭਾਗ, ਸਿਹਤ ਵਿਭਾਗ, ਪੀ.ਐਸ.ਪੀ.ਸੀ.ਐਲ, ਮੰਡੀ ਬੋਰਡ, ਕਾਰਜਸਾਧਕ ਅਫ਼ਸਰਾਂ, ਬੀ.ਡੀ.ਪੀ.ਓਜ਼ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਹੜ੍ਹ ਪ੍ਰਬੰਧਨ ਦੀਆਂ ਤਿਆਰੀਆਂ ਨੂੰ ਤਰਜੀਹ ਦੇਣ ਅਤੇ ਆਫ਼ਤ ਪ੍ਰਬੰਧਨ ਦੌਰਾਨ ਰਾਹਤ ਅਤੇ ਬਚਾਅ ਕਾਰਜਾਂ ਵਿਚ ਸਹਾਇਤਾ ਕਰਨ ਦੇ ਨਿਰਦੇਸ਼ ਦਿੱਤੇ ਗਏ, ਜਦੋਂ ਕਿ ਬੀ.ਡੀ.ਪੀ.ਓਜ਼ ਨੂੰ ਪੇਂਡੂ ਖੇਤਰਾਂ ਵਿਚ ਰਾਹਤ ਕਾਰਜਾਂ ਨੂੰ ਚਲਾਉਣ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਗਿਆ।
ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੂੰ ਲੋੜ ਪੈਣ ’ਤੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਜ਼ਰੂਰੀ ਖਾਣ-ਪੀਣ ਦੀਆਂ ਵਸਤਾਂ ਅਤੇ ਹੋਰ ਜ਼ਰੂਰੀ ਸਾਮਾਨ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ। ਲੋਕ ਨਿਰਮਾਣ ਅਤੇ ਡਰੇਨੇਜ ਵਿਭਾਗ ਨੂੰ ਸੜਕਾਂ ਅਤੇ ਡਰੇਨੇਜ ਪ੍ਰਣਾਲੀ ਨੂੰ ਸੁਚਾਰੂ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਗਏ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਸਾਫ਼ ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ ਨੂੰ ਯਕੀਨੀ ਬਣਾਉਣ ਲੲਈ ਕਿਹਾ ਗਿਆ। ਇਸੇ ਤਰ੍ਹਾਂ ਪਸ਼ੂ ਪਾਲਣ ਵਿਭਾਗ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਪਸ਼ੂਆਂ ਦੀ ਸੁਰੱਖਿਆ, ਸਿਹਤ ਸੇਵਾਵਾਂ ਅਤੇ ਚਾਰੇ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ, ਜਦੋਂ ਕਿ ਸਿਹਤ ਵਿਭਾਗ ਨੂੰ ਲੋੜੀਂਦੀਆਂ ਦਵਾਈਆਂ ਅਤੇ ਬਚਾਅ ਕਾਰਜਾਂ ਲਈ ਲੋੜੀਂਦੇ ਸਾਧਨ ਤਿਆਰ ਰੱਖਣ ਦੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਇਕ-ਦੂਜੇ ਨਾਲ ਤਾਲਮੇਲ ਕਰਕੇ ਕੰਮ ਕਰਨ ਅਤੇ ਕਿਸੇ ਵੀ ਸੰਭਾਵੀ ਐਮਰਜੈਂਸੀ ਸਥਿਤੀ ਨਾਲ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਤਿਆਰ ਰਹਿਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਸੰਭਾਵੀ ਹੜ੍ਹਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸੂਚਨਾ ਲਈ ਜ਼ਿਲ੍ਹਾ ਪੱਧਰ ’ਤੇ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਸ ਹੜ੍ਹ ਕੰਟਰੋਲ ਰੂਮ ਦੇ ਟੈਲੀਫੋਨ ਨੰਬਰ 01652-229082 ’ਤੇ ਸੰਪਰਕ ਕਰਕੇ ਹੜ੍ਹਾਂ ਸਬੰਧੀ ਸੂਚਨਾ ਦਿੱਤੀ ਜਾ ਸਕਦੀ ਹੈ।
ਇਸ ਮੌਕੇ ਮਿਸ ਗੁਰਲੀਨ ਕੌਰ (ਆਈ.ਏ.ਐਸ.) (ਯੂ.ਟੀ), ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਸਰਦੂਲਗੜ੍ਹ ਸ੍ਰ. ਗਗਨਦੀਪ ਸਿੰਘ, ਡੀ.ਐਸ.ਪੀ. ਪੁਸ਼ਪਿੰਦਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।