ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ੍ਰ ਇੱਟਾਂਵਾਲੀ ਨੇ ਪਿੰਡ ਝੰਡੇਂਆਣਾ ਸਰਕੀ ‘ਚ ਮੀਂਹ ਦੇ ਪਾਣੀ ਨਾਲ ਹੋਏ ਨੁਕਸਾਨ ਨੂੰ ਲੈਕੇ ਐਸ.ਸੀ ਪਰਿਵਾਰਾਂ ਦੀ ਕੀਤੀ ਸੁਣਵਾਈ
ਕਿਹਾ ਗੰਦੇ ਪਾਣੀ ਦੀ ਨਿਕਾਸੀ ਨੂੰ ਪਹਿਲਕਦਮੀ ਨਾਲ ਹੱਲ ਕਰਨਾ ਯਕੀਨੀ ਬਣਾਇਆ ਜਾਵੇ
ਐਸ.ਸੀ ਕਮਿਸ਼ਨ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ-ਮੈਂਬਰ ਐਸ.ਸੀ ਕਮਿਸ਼ਨ ਗੁਰਪ੍ਰੀਤ ਸਿੰਘ ਇੱਟਾਂਵਾਲੀ
ਮੋਗਾ, 26 ਜੁਲਾਈ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ ਗੁਰਪ੍ਰੀਤ ਸਿੰਘ ਇੱਟਾਂਵਾਲੀ ਵੱਲੋਂ ਪਿੰਡ ਝੰਡੇਆਣਾ ਸਰਕੀ ਵਿਖੇ ਮੀਂਹ ਦੇ ਪਾਣੀ ਨਾਲ ਹੋਏ ਨੁਕਸਾਨ ਅਤੇ ਬਰਸਾਤੀ ਪਾਣੀ ਦਾ ਨਿਕਾਸ ਨਾ ਹੋਣ ਸਬੰਧੀ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ।
ਸ੍. ਗੁਰਪ੍ਰੀਤ ਸਿੰਘ ਨੇ ਕਿਹਾ ਕਮਿਸ਼ਨ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ ਹੈ, ਇਸ ਕਰਕੇ ਐਸ.ਸੀ ਵਰਗ ਨੂੰ ਹਰੇਕ ਲੋੜੀਂਦੀ ਸੁਵਿਧਾ ਅਤੇ ਉਨ੍ਹਾਂ ਦੇ ਹੱਕਾਂ ਨਾਲ ਕੋਈ ਅਣਗਹਿਲੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਮੌਕੇ ਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਬਰਸਾਤੀ ਪਾਣੀ ਦਾ ਨਿਕਾਸ ਕਰਨ ਦੇ ਆਦੇਸ਼ ਜਾਰੀ ਕੀਤੇ, ਤਾਂ ਜੋ ਭਵਿੱਖ ਅੰਦਰ ਮਾਨਸੂਨ ਦੇ ਮੋਸਮ ਦੌਰਾਨ ਕਿਸੇ ਦਾ ਕੋਈ ਆਰਥਿਕ ਨੁਕਸਾਨ ਨਾ ਹੋਵੇ।
ਉਨ੍ਹਾਂ ਕਿਹਾ ਕਿ ਬਰਸਾਤੀ ਪਾਣੀ ਨਾਲ ਹੋਏ ਘਰਾਂ ਦੇ ਨੁਕਸਾਨ ਲਈ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਸ਼ਾਸਨ ਨੂੰ ਬਣਦਾ ਮੁਆਵਜ਼ਾ ਮਹੁੱਈਆ ਕਰਵਾਉਣ ਲਈ ਜਾਣੂ ਕਰਵਾਇਆ ਜਾਵੇਗਾ।
ਬਾਰਿਸ਼ ਦੇ ਪਾਣੀ ਨਾਲ ਬੰਦ ਪਏ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਖੁਲਵਾਉਣ ਲਈ ਉਹਨਾਂ ਸਿੱਖਿਆ ਵਿਭਾਗ ਨੂੰ ਆਦੇਸ਼ ਜਾਰੀ ਕੀਤੇ ਤਾਂ ਕਿ ਵਿਦਿਆਰਥੀਆਂ ਦੀ ਪੜਾਈ ਦਾ ਕੋਈ ਨੁਕਸਾਨ ਨਾ ਹੋਵੇ।
ਉਹਨਾਂ ਕਿਹਾ ਕਿ ਵੈਸੇ ਤਾਂ ਇਹ ਕੁਦਰਤੀ ਆਫ਼ਤ ਹੈ ਜਿਸ ਨਾਲ ਹਰੇਕ ਵਰਗ ਦੇ ਲੋਕ ਪ੍ਰਭਾਵਿਤ ਹੋਏ ਹਨ ਪ੍ਰੰਤੂ ਪਾਣੀ ਦੀ ਨਿਕਾਸੀ ਸੰਬੰਧੀ ਜੇਕਰ ਕਿਸੇ ਵਿਭਾਗ ਦੀ ਅਣਗਹਿਲੀ ਸਾਹਮਣੇ ਆਉਂਦੀ ਹੈ ਤਾਂ ਉਸ ਉੱਪਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸ੍ਰ ਗੁਰਪ੍ਰੀਤ ਸਿੰਘ ਨੇ ਪਿੰਡ ਦੇ ਲੋਕਾਂ ਨੂੰ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਪ੍ਰੇਰਿਆ ਅਤੇ ਕਿਹਾ ਕਿ ਇਸ ਕੁਦਰਤੀ ਆਫ਼ਤ ਵਿੱਚ ਸਾਰੇ ਇੱਕ ਦੂਸਰੇ ਦਾ ਸਾਥ ਦੇਣ, ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਉਹਨਾਂ ਦੀ ਹਰੇਕ ਮੱਦਦ ਲਈ ਤਤਪਰ ਹੈ।
ਇਸ ਮੌਕੇ ਉਨ੍ਹਾਂ ਨਾਲ ਐਸ ਡੀ ਐਮ ਮੋਗਾ ਸਾਰੰਗਪ੍ਰੀਤ ਸਿੰਘ ਔਜਲਾ, ਪੀ ਏ ਹਰਜਿੰਦਰ ਸਿੰਘ ਫਿਰੋਜ਼ਸ਼ਾਹ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀ ਵੀ ਮੌਜੂਦ ਸਨ।
ਤਸਵੀਰਾਂ
ਗੁਰਪ੍ਰੀਤ ਸਿੰਘ ਇੱਟਾਂਵਾਲੀ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਝੰਡੇਆਣੀ ਸਰਕੀ ਵਿੱਚ ਐਸ.ਸੀ ਪਰਿਵਾਰਾਂ ਦੇ ਮੀਂਹ ਦੇ ਪਾਣੀ ਨਾਲ ਹੋਏ ਨੁਕਸਾਨ ਨੂੰ ਲੈ ਕੇ ਆਈ ਸਮੱਸਿਆਵਾਂ ਨੂੰ ਸੁਣਦੇ ਹੋਏ।