ਡਿਪਟੀ ਕਮਿਸ਼ਨ ਵਲੋਂ ਨਸ਼ਿਆਂ ਵਿਰੁੱਧ ਮੁਹਿੰਮ ਲਈ ਪੁਸ਼-ਅਪ ਮੈਨ ਕੁੰਵਰ ਅੰਮ੍ਰਿਤਬੀਰ ਸਿੰਘ ਨੂੰ ਜ਼ਿਲ੍ਹਾ ਯੂਥ ਆਈਕਨ ਕੀਤਾ ਨਿਯੁਕਤ
ਕਿਹਾ, ਇਹ ਨਿਯੁਕਤੀ ਨੌਜਵਾਨਾਂ ਨੂੰ ਨਸ਼ਾ ਮੁਕਤ ਤੇ ਸਿਹਤਮੰਦ ਜਿੰਦਗੀ ਅਪਣਾਉਣ ਲਈ ਕਰੇਗੀ ਪ੍ਰੇਰਿਤ
ਜਲੰਧਰ, 28 ਜੁਲਾਈ
ਜ਼ਿਲ੍ਹਾ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵਲੋਂ ‘ਪੁਸ਼-ਅਪ ਮੈਨ ਆਫ਼ ਪੰਜਾਬ’ ਵਲੋਂ ਜਾਣੇ ਜਾਂਦੇ ਨੌਜਵਾਨ ਕੁੰਵਰ ਅੰਮ੍ਰਿਤਬੀਰ ਸਿੰਘ ਨੂੰ ਨਸ਼ਾ ਵਿਰੋਧੀ ਮੁਹਿੰਮ ਲਈ ਜ਼ਿਲ੍ਹਾ ਯੂਥ ਆਈਕਨ ਨਿਯੁਕਤ ਕੀਤਾ ਗਿਆ ਹੈ।
ਨਿਯੁਕਤੀ ਪੱਤਰ ਸੌਂਪਦਿਆਂ ਡਾ.ਅਗਰਵਾਲ ਨੇ ਕਿਹਾ ਕਿ ਇਹ ਫ਼ੈਸਲਾ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਕੇ ਨਸ਼ਿਆਂ ਦੀ ਲਾਹਨਤ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰੇਗੀ। ਇਹ ਨਿਯੁਕਤੀ ਨੌਜਵਾਨ ਕੁੰਵਰ ਅੰਮ੍ਰਿਤਬੀਰ ਸਿੰਘ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਤੰਦਰੁਸਤ ਜਿੰਦਗੀ ਜਿਉਣ ਲਈ ਉਤਸ਼ਾਹਿਤ ਕਰਨ ਲਈ ਹਾਸਿਲ ਕੀਤੀਆਂ ਜਾ ਰਹੀਆਂ ਲਾਮਿਸਾਲ ਪ੍ਰਾਪਤੀਆਂ ਨੂੰ ਮਾਣਤਾ ਦਿੰਦੀ ਹੈ।
ਕੁੰਵਰ ਅੰਮ੍ਰਿਤਬੀਰ ਸਿੰਘ ਬਟਾਲਾ ਸ਼ਹਿਰ ਦਾ ਰਹਿਣ ਵਾਲਾ ਹੈ ਅਤੇ ਪੰਜਾਬ ਨੂੰ ਇਸ ’ਤੇ ਮਾਣ ਹੈ ਜਿਸ ਨੇ ਤਿੰਨ ਗਿੰਨੀਜ਼ ਰਿਕਾਰਡ ਬਣਾਏ ਹਨ ਅਤੇ 35 ਤੋਂ ਵੱਧ ਫਿਟਨੈਸ ਰਿਕਾਰਡ ਆਪਣੇ ਨਾਮ ਕੀਤੇ ਹਨ, ਖਾਸ ਕਰਕੇ ਪੁਸ਼-ਅਪ ਸ੍ਰੇਣੀ ਵਿੱਚ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਡਿਪਟੀ ਕਮਿਸ਼ਨਰ ਵਲੋਂ ਨੌਜਵਾਨ ਕੁੰਵਰ ਅੰਮ੍ਰਿਤਬੀਰ ਸਿੰਘ ਦੇ ਅਨੁਸ਼ਾਸਨ, ਲਗਨ ਅਤੇ ਸਰੀਰਿਕ ਤੰਦਰੁਸਤੀ ਦੇ ਜਜ਼ਬੇ ਦੀ ਭਰਪੂਰ ਪ੍ਰਸੰਸ਼ਾ ਕਰਦਿਆਂ ਇਸ ਨੂੰ ਸੂਬੇ ਦੇ ਅਣਗਿਣਤ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਕਰਾਰ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਕੁੰਵਰ ਅੰਮ੍ਰਿਤਬੀਰ ਸਿੰਘ ਸ਼ੋਸ਼ਲ ਮੀਡੀਆ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਢੰਗ ਅਪਣਾਉਣ ਵੱਲ ਪ੍ਰੇਰਿਤ ਕਰਨਗੇ। ਡਾ.ਅਗਰਵਾਲ ਨੇ ਆਸ ਪ੍ਰਗਟਾਈ ਕਿ ਨੌਜਵਾਨ ਅੰਮ੍ਰਿਤਬੀਰ ਸਿੰਘ ਭਵਿੱਖ ਵਿੱਚ ਵੀ ਇਸੇ ਜੋਸ਼ ਤੇ ਉਤਸ਼ਾਹ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਉਤਸ਼ਾਹਿਤ ਤੇ ਪ੍ਰੇਰਿਤ ਕਰਦੇ ਰਹਿਣਗੇ।
ਇਸ ਮੌਕੇ ਕੁੰਵਰ ਅੰਮ੍ਰਿਤਬੀਰ ਸਿੰਘ ਨੇ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਾ ਹਿੱਸਾ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਸ਼ੋਸ਼ਲ ਮੀਡੀਆ ਪਲੇਟਫਾਰਮ ਅਤੇ ਨਸ਼ਾ ਵਿਰੋਧੀ ਗਤੀਵਿਧੀਆਂ ਵਿੱਚ ਸਿੱਧੀ ਸ਼ਮੂਲੀਅਤ ਕਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰਹਿ ਕੇ ਪੰਜਾਬ ਨੂੰ ਨਸ਼ਾ ਮੁਕਤ ਤੇ ਮਜਬੂਤ ਸੂਬਾ ਬਣਾਉਣ ਲਈ ਪ੍ਰੇਰਿਤ ਤੇ ਉਤਸ਼ਾਹਿਤ ਕਰਨਗੇ ।