ਸਿਹਤ ਸਬੰਧੀ ਸਰਕਾਰੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਿਹਤ ਵਿਭਾਗ ਸਰਗਰਮ
ਸੀਨੀਅਰ ਮੈਡੀਕਲ ਅਫਸਰਾਂ ਵੱਲੋਂ ਸਿਹਤ ਕੇਂਦਰਾਂ ਦਾ ਕੀਤਾ ਜਾ ਰਿਹਾ ਅਚਨਚੇਤ ਦੌਰਾ
ਕੀਰਤਪੁਰ ਸਾਹਿਬ 14 ਅਗਸਤ (2025)
ਡਾ.ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਸਿਹਤ ਵਿਭਾਗ ਹਰ ਵਿਅਕਤੀ ਤੱਕ ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ ਹੈ। ਇਸ ਲਈ ਜਿੱਥੇ ਸਰਕਾਰ ਵੱਲੋਂ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਉੱਥੇ ਹੀ ਇਹਨਾਂ ਯੋਜਨਾਵਾਂ ਦਾ ਲਾਭ ਪਾਤਰੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਮਰੀਜ਼ਾਂ ਨੂੰ ਸਿਹਤ ਕੇਂਦਰਾਂ 'ਤੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਸਮੇਂ-ਸਮੇਂ 'ਤੇ ਜਾਇਜ਼ਾ ਵੀ ਲਿਆ ਜਾ ਰਿਹਾ ਹੈ।
ਬਲਾਕ ਐਕਸਟੈਨਸ਼ਨ ਐਜੂਕੇਟਰ ਰਤਿਕਾ ਓਬਰਾਏ ਨੇ ਦੱਸਿਆ ਕਿ ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਡਾ.ਜੰਗਜੀਤ ਸਿੰਘ ਨੇ ਬੀਤੇ ਦਿਨੀਂ ਢੇਰ ਸਥਿਤ ਮਿੰਨੀ ਪੀ.ਐੱਚ.ਸੀ ਅਤੇ ਆਯੂਸ਼ਮਾਨ ਅਰੋਗਿਆ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਅਤੇ ਇਸ ਦੌਰਾਨ ਉੱਥੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਉਹਨਾਂ ਸਟਾਫ਼ ਦੀ ਵਧੀਆ ਕਾਰਗੁਜ਼ਾਰੀ ਅਤੇ ਪੂਰੇ ਸਟਾਫ਼ ਦੇ ਡਿਊਟੀ 'ਤੇ ਹਾਜ਼ਰ ਪਾਏ ਜਾਣ ਲਈ ਸ਼ਲਾਘਾ ਕੀਤੀ, ਉੱਥੇ ਹੀ ਮਿਆਰੀ ਸਿਹਤ ਸਹੂਲਤਾਂ ਦੀ ਪਹੁੰਚ ਹੋਰ ਬਿਹਤਰ ਬਣਾਉਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਦਿੱਤੇ।
ਉਹਨਾਂ ਡਾਕਟਰਾਂ ਅਤੇ ਕਮਿਊਨਿਟੀ ਹੈਲਥ ਅਫ਼ਸਰਾਂ ਨੂੰ ਮਰੀਜ਼ਾਂ ਲਈ ਈ.ਡੀ.ਐੱਲ ਮੁਤਾਬਿਕ ਸਾਰੀਆਂ ਦਵਾਈਆਂ ਦਾ ਪੂਰਾ ਸਟਾਕ ਰੱਖਣ ਅਤੇ ਮਰੀਜ਼ ਦਾ ਕੋਈ ਵੀ ਟੈੱਸਟ ਬਾਹਰੋਂ ਨਾ ਕਰਵਾਉਣ ਦੇ ਨਿਰਦੇਸ਼ ਦਿੱਤੇ। ਡਾ.ਜੰਗਜੀਤ ਸਿੰਘ ਨੇ ਸਿਹਤ ਸੰਸਥਾਵਾਂ ਵਿੱਚ ਸਾਫ਼ ਸਫ਼ਾਈ ਦਾ ਖ਼ਾਸ ਖ਼ਿਆਲ ਰੱਖਣ ਦੀ ਹਦਾਇਤ ਵੀ ਦਿੱਤੀ। ਇਸ ਦੌਰਾਨ ਡਾਕਟਰ ਜੰਗਜੀਤ ਸਿੰਘ ਨੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਉਹਨਾਂ ਦੀ ਪ੍ਰਤੀਕਿਰਿਆ ਵੀ ਲਈ।
ਬਲਾਕ ਐਕਸਟੈਨਸ਼ਨ ਐਜੂਕੇਟਰ ਨੇ ਦੱਸਿਆ ਕਿ ਰੂਪਨਗਰ ਦੇ ਸਿਵਲ ਸਰਜਨ ਡਾ. ਬਲਵਿੰਦਰ ਕੌਰ ਦੀ ਅਗਵਾਈ ਅਤੇ ਡਾ.ਜੰਗਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੈਡੀਕਲ ਅਫ਼ਸਰ ਡਾਕਟਰ ਦਿਨੇਸ਼ ਵੱਲੋਂ ਵੀ ਭੱਲੜੀ ਅਤੇ ਸਹਿਜੋਵਾਲ ਸਥਿਤ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਡਾਕਟਰ ਦਿਨੇਸ਼ ਨੇ ਨਾ ਸਿਰਫ਼ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਨਿਰੀਖਣ ਕੀਤਾ ਸਗੋਂ ਇਹਨਾਂ ਨੂੰ ਹੋਰ ਬਿਹਤਰ ਬਣਾਉਣ ਲਈ ਕਈ ਸੁਝਾਅ ਵੀ ਦਿੱਤੇ।