ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਦਿੱਤੇ ਜ਼ਮੀਨੀ ਪੱਧਰ ‘ਤੇ ਦਿਤੇ ਨਿਰੀਖਣ ਦੇ ਹੁਕਮ
ਐਸ.ਡੀ.ਐਮ. ਨੰਗਲ ਕਰ ਰਹੇ ਹਨ ਨਿਗਰਾਨੀ, ਬਾਰਿਸ਼ ਦੀ ਸਥਿਤੀ ‘ਤੇ ਕੜੀ ਨਜ਼ਰ
ਨੰਗਲ, 20 ਅਗਸਤ: (2025)
ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਅਤੇ ਇਸ ਨਾਲ ਲੱਗਦੇ ਹੇਠਲੇ ਇਲਾਕਿਆਂ ਵਿੱਚ ਹੜ੍ਹ ਦੀ ਸੰਭਾਵਨਾ ਨੂੰ ਦੇਖਦੇ ਹੋਏ, ਕੈਬਨਿਟ ਮੰਤਰੀ ਅਤੇ ਸਥਾਨਕ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲੋਕ-ਸੁਰੱਖਿਆ ਅਤੇ ਤਿਆਰੀ ਯਕੀਨੀ ਬਣਾਉਣ ਲਈ ਨਿਯਮਿਤ ਜ਼ਮੀਨੀ ਪੱਧਰ ‘ਤੇ ਨਿਰੀਖਣ ਕਰਨ ਦੇ ਹੁਕਮ ਦਿੱਤੇ ਹਨ।
ਇਨ੍ਹਾਂ ਹੁਕਮਾਂ ਦੀ ਪਾਲਣਾ ਕਰਦਿਆਂ, ਉਪ-ਮੰਡਲ ਮੈਜਿਸਟ੍ਰੇਟ ਨੰਗਲ, ਸ੍ਰੀ ਸਚਿਨ ਪਾਠਕ ਪੀ.ਸੀ.ਐਸ. ਖੁੱਦ ਉਪ-ਮੰਡਲ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਰਹੇ ਹਨ। ਬੁੱਧਵਾਰ ਨੂੰ ਉਨ੍ਹਾਂ ਨੇ ਪਿੰਡ ਬੇਲਾ ਧਿਆਨੀ ਅਤੇ ਪਲਾਸੀ ਦਾ ਦੌਰਾ ਕੀਤਾ ਅਤੇ ਹੋਰ ਸੰਵੇਦਨਸ਼ੀਲ ਇਲਾਕਿਆਂ ਵਿੱਚ ਵੀ ਨਿਰੀਖਣ ਜਾਰੀ ਰੱਖਣਗੇ।
ਐਸ.ਡੀ.ਐਮ. ਪਾਠਕ ਨੇ ਸਥਾਨਕ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਹੈ ਅਤੇ ਸਾਰੇ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਾ ਘਬਰਾਉਣ ਅਤੇ ਸਿਰਫ਼ ਅਧਿਕਾਰਕ ਘੋਸ਼ਣਾਵਾਂ ‘ਤੇ ਹੀ ਵਿਸ਼ਵਾਸ ਕਰਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਚੌਕਸ ਹੈ ਅਤੇ ਲੋਕਾਂ ਦੇ ਜੀਵਨ ਅਤੇ ਸੰਪਤੀ ਦੀ ਸੁਰੱਖਿਆ ਲਈ 24 ਘੰਟੇ ਕੰਮ ਕਰ ਰਿਹਾ ਹੈ।
ਦੌਰੇ ਦੌਰਾਨ ਐਸ.ਡੀ.ਐਮ. ਪਾਠਕ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ “ਪ੍ਰਸ਼ਾਸਨ ਜ਼ਮੀਨੀ ਪੱਧਰ ‘ਤੇ ਸਥਿਤੀ ‘ਤੇ ਨਜ਼ਰ ਰੱਖ ਰਿਹਾ ਹੈ। ਇਸ ਵੇਲੇ ਹੜ੍ਹ ਦਾ ਕੋਈ ਖ਼ਤਰਾ ਨਹੀਂ ਹੈ ਅਤੇ ਲੋਕਾਂ ਅਤੇ ਪਸ਼ੂ-ਧਨ ਦੀ ਸੁਰੱਖਿਆ ਲਈ ਸਾਰੇ ਲੋੜੀਂਦੇ ਪ੍ਰਬੰਧ ਕਰ ਦਿੱਤੇ ਗਏ ਹਨ।”
ਇਸ ਦੌਰਾਨ, ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਖੁੱਦ ਵੀ ਹਾਲਾਤਾਂ ਦੀ ਬਾਰੀਕੀ ਨਾਲ ਸਮੀਖਿਆ ਕਰ ਰਹੇ ਹਨ। ਉਨ੍ਹਾਂ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਪਸ਼ੂ-ਪਾਲਣ ਵਿਭਾਗ ਨੂੰ ਹਾਈ ਅਲਰਟ ‘ਤੇ ਰਹਿਣ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਤੁਰੰਤ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਦੁਹਰਾਇਆ ਕਿ ਜਨਤਾ, ਪਸ਼ੂਆਂ ਅਤੇ ਸੰਪਤੀ ਦੀ ਸੁਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ।