ਅਗਲੇ ਦੋ ਦਿਨ ਬਰਸਾਤ ਦੀ ਪੇਸ਼ਨਗੋਈ ਦੇ ਮੱਦੇਨਜ਼ਰ ਲੋਕ ਇਹਤਿਹਾਤ ਵਰਤਣ: ਡਿਪਟੀ ਕਮਿਸ਼ਨਰ
-ਨਦੀਆਂ, ਟੋਭਿਆਂ ਤੇ ਬੰਨ੍ਹਾਂ ਤੋਂ ਦੂਰ ਰਹਿਣ ਦੀ ਸਲਾਹ
ਪਟਿਆਲਾ, 25 ਅਗਸਤ:
ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਗਲੇ ਦੋ ਦਿਨ ਬਰਸਾਤ ਦੀ ਪੇਸ਼ਨਗੋਈ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਹਤਿਹਾਤ ਵਰਤਣ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੱਦੇਨਜ਼ਰ ਲੋਕ ਨਦੀਆਂ, ਟੋਭਿਆਂ ਤੇ ਬੰਨ੍ਹਾਂ ਤੋਂ ਦੂਰ ਰਹਿਣ ਖਾਸ ਤੌਰ 'ਤੇ ਬੱਚਿਆਂ ਨੂੰ ਟੋਭਿਆਂ ਆਦਿ ਤੋਂ ਦੂਰ ਰੱਖਿਆ ਜਾਵੇ।
ਇਸ ਸਬੰਧੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ ਕਰਦਿਆਂ ਕਿਹਾ ਕਿ ਅਗਲੇ ਦੋ ਦਿਨਾਂ ਬਰਸਾਤ ਦੀ ਹੋਈ ਪੇਸ਼ਨਗੋਈ ਦੇ ਮੱਦੇਨਜ਼ਰ ਆਪਣੇ ਅਧੀਨ ਪੈਂਦੇ ਖੇਤਰ ਅੰਦਰ ਖਾਸ ਚੌਕਸੀ ਰੱਖੀ ਜਾਵੇ ਅਤੇ ਨੀਵੇਂ ਖੇਤਰਾਂ ਵਿੱਚ ਬਰਸਾਤੀ ਪਾਣੀ ਖੜੇ ਹੋਣ ਦੀ ਸੂਰਤ ਵਿੱਚ ਇਸ ਦੀ ਨਿਕਾਸੀ ਦੇ ਪ੍ਰਬੰਧ ਕੀਤੇ ਜਾਣ। ਇਸ ਮੌਕੇ ਏ.ਡੀ.ਸੀ. ਨਵਰੀਤ ਕੌਰ ਸੇਖੋਂ ਤੇ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਵੀ ਮੌਜੂਦ ਸਨ।
ਡਾ. ਪ੍ਰੀਤੀ ਯਾਦਵ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਸਲਾਹਕਾਰੀ ਬਰਸਾਤ ਦੇ ਮੌਸਮ ਵਿੱਚ ਲੋਕਾਂ ਨੂੰ ਚੌਕਸ ਰਹਿਣ ਲਈ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਲੋਕਾਂ ਦੀ ਸਹੂਲਤ ਲਈ 24 ਘੰਟੇ ਕਾਰਜਸ਼ੀਲ ਹੈ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਬਰਸਾਤਾਂ ਦੇ ਮੌਸਮ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀ ਸਬੰਧੀ ਵੀ ਲੋਕਾਂ ਨੂੰ ਸਮੇਂ ਸਮੇਂ 'ਤੇ ਜਾਗਰੂਕ ਕਰਨ ਦੀ ਹਦਾਇਤ ਕੀਤੀ।