Arth Parkash : Latest Hindi News, News in Hindi
ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਲਈ ਫੋਨ ਨੰਬਰ- 0181-2240064 ਕੀਤਾ ਜਾਰੀ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਲਈ ਫੋਨ ਨੰਬਰ- 0181-2240064 ਕੀਤਾ ਜਾਰੀ
Sunday, 24 Aug 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਹੜ੍ਹਾਂ ਦੀ ਰੋਕਥਾਮ ਲਈ ਮਾਨ ਸਰਕਾਰ ਦਾ ਵੱਡਾ ਉਪਰਾਲਾ, ਜਲੰਧਰ 'ਚ 24x7 ਕੰਟਰੋਲ ਰੂਮ ਕੀਤਾ ਸਥਾਪਤ

ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਲਈ ਫੋਨ ਨੰਬਰ- 0181-2240064 ਕੀਤਾ ਜਾਰੀ

ਹੜ੍ਹ ਪ੍ਰਬੰਧਨ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੌਂਪੀ ਜਲੰਧਰ ਕੰਟਰੋਲ ਰੂਮ ਦੀ ਕਮਾਨ

ਚੰਡੀਗੜ੍ਹ/ਜਲੰਧਰ, 25 ਅਗਸਤ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਹੜ੍ਹਾਂ ਦੀ ਕਿਸੇ ਵੀ ਸੰਭਾਵੀ ਸਥਿਤੀ ਨਾਲ ਨਜਿੱਠਣ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਰਾਹਤ ਪਹੁੰਚਾਉਣ ਲਈ ਜਲੰਧਰ ਦੇ ਸਰਕਟ ਹਾਊਸ ਵਿਖੇ ਇੱਕ ਕੇਂਦਰੀ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਹ ਕੰਟਰੋਲ ਰੂਮ 24 ਘੰਟੇ ਕੰਮ ਕਰੇਗਾ। ਸਰਕਾਰ ਵਲੋਂ ਇੱਕ ਐਮਰਜੈਂਸੀ ਨੰਬਰ 0181-2240064 ਵੀ ਜਾਰੀ ਕੀਤਾ ਗਿਆ ਹੈ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਹੜ੍ਹਾਂ ਦੀ ਰੋਕਥਾਮ ਅਤੇ ਪ੍ਰਬੰਧਨ ਨੂੰ ਹੋਰ ਮਜ਼ਬੂਤ ਕਰਨਾ ਹੈ।

ਸਰਕਾਰ ਨੇ ਇਸ ਮਹੱਤਵਪੂਰਨ ਕੰਟਰੋਲ ਰੂਮ ਦੀ ਸਮੁੱਚੀ ਜ਼ਿੰਮੇਵਾਰੀ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੌਂਪੀ ਹੈ, ਜੋ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਵਿਭਾਗ ਦੇ ਮੰਤਰੀ ਹਨ। ਉਹਨਾਂ ਦੇ ਸਹਿਯੋਗ ਲਈ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ, ਜਲੰਧਰ ਅਤੇ ਦੀਪਕ ਬਾਲੀ, ਸਲਾਹਕਾਰ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਪੰਜਾਬ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਹੜ੍ਹ/ਆਪਦਾ ਪ੍ਰਬੰਧਨ ਨਾਲ ਸਬੰਧਤ ਫੋਨ ਕਾਲਾਂ ਨੂੰ ਸੁਣਨ ਲਈ 18 ਕਰਮਚਾਰੀਆਂ ਦਾ ਸਟਾਫ਼ ਤਾਇਨਾਤ ਕੀਤਾ ਗਿਆ ਹੈ। 

ਇਹ ਕੰਟਰੋਲ ਰੂਮ ਮੁੱਖ ਤੌਰ 'ਤੇ ਤਿੰਨ ਜ਼ਿਲ੍ਹਿਆਂ - ਕਪੂਰਥਲਾ, ਤਰਨਤਾਰਨ, ਅਤੇ ਫਾਜ਼ਿਲਕਾ 'ਤੇ ਵਿਸ਼ੇਸ਼ ਨਿਗਰਾਨੀ ਰੱਖੇਗਾ। ਸੂਬਾ ਪੱਧਰ 'ਤੇ ਹੜ੍ਹ ਪ੍ਰਬੰਧਨ ਦੀ ਨਿਗਰਾਨੀ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੂੰ ਸਮੁੱਚੇ ਪੰਜਾਬ ਲਈ ਮੰਤਰੀ ਨਾਮਜ਼ਦ ਕੀਤਾ ਗਿਆ ਹੈ।

ਇਸ ਤੋਂ ਇਲਾਵਾ, ਹਰੇਕ ਜ਼ਿਲ੍ਹੇ ਲਈ ਵੱਖਰੇ ਤੌਰ 'ਤੇ ਮੰਤਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ

*ਕਪੂਰਥਲਾ*: ਰੱਖਿਆ ਸੇਵਾਵਾਂ ਭਲਾਈ ਮੰਤਰੀ, ਮੋਹਿੰਦਰ ਭਗਤ ਅਤੇ ਮਾਲ, ਪੁਨਰਵਾਸ ਅਤੇ ਆਪਦਾ ਪ੍ਰਬੰਧਨ ਮੰਤਰੀ, ਹਰਦੀਪ ਸਿੰਘ ਮੁੰਡੀਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।

*ਤਰਨਤਾਰਨ*: ਇੱਥੇ ਟਰਾਂਸਪੋਰਟ ਮੰਤਰੀ, ਸ. ਲਾਲਜੀਤ ਸਿੰਘ ਭੁੱਲਰ ਅਤੇ ਲੋਕ ਨਿਰਮਾਣ ਮੰਤਰੀ, ਹਰਭਜਨ ਸਿੰਘ ਈ.ਟੀ.ਓ. ਨਿਗਰਾਨੀ ਕਰਨਗੇ।

*ਫਾਜ਼ਿਲਕਾ*: ਇਸ ਜ਼ਿਲ੍ਹੇ ਦੀ ਜ਼ਿੰਮੇਵਾਰੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ, ਡਾ. ਬਲਜੀਤ ਕੌਰ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ, ਤਰੁਨਪ੍ਰੀਤ ਸਿੰਘ ਸੌਂਧ ਨੂੰ ਦਿੱਤੀ ਗਈ ਹੈ।

ਸਰਕਾਰ ਦਾ ਇਹ ਕਦਮ ਆਉਣ ਵਾਲੇ ਸਮੇਂ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸਾਰੇ ਨਿਯੁਕਤ ਕੀਤੇ ਗਏ ਮੰਤਰੀਆਂ ਅਤੇ ਅਧਿਕਾਰੀਆਂ ਦੇ ਮੋਬਾਈਲ ਨੰਬਰ ਵੀ ਜਾਰੀ ਕੀਤੇ ਗਏ ਹਨ ਤਾਂ ਜੋ ਲੋੜ ਪੈਣ 'ਤੇ ਤੁਰੰਤ ਸੰਪਰਕ ਕੀਤਾ ਜਾ ਸਕੇ।