ਨਵਨਿਯੁਕਤ ਡੀ.ਸੀ. ਵੱਲੋਂ ਐਸ.ਐਸ.ਪੀ. ਨਾਲ ਵਿਸ਼ੇਸ਼ ਮਿਲਣੀ
ਪੰਜਾਬ ਸਰਕਾਰ ਦੀਆਂ ਵੱਖ ਵੱਖ ਮੁਹਿੰਮਾਂ ਨੂੰ ਸਿਵਲ ਤੇ ਪੁਲਿਸ ਪ੍ਰਸਾਸ਼ਨ ਦੇ ਸਹਿਯੋਗ ਨਾਲ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਬਾਰੇ ਕੀਤੀ ਚਰਚਾ
ਐਸ.ਐਸ.ਪੀ. ਵੱਲੋਂ ਡਿਪਟੀ ਕਮਿਸ਼ਨਰ ਦਾ ਸਵਾਗਤ
ਮਾਨਸਾ, 26 ਅਗਸਤ:
ਮਾਨਸਾ ਦੇ ਨਵਨਿਯੁਕਤ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਵੱਲੋਂ ਅੱਜ ਐਸ.ਐਸ.ਪੀ. ਮਾਨਸਾ ਸ੍ਰੀ ਭਾਗੀਰਥ ਸਿੰਘ ਮੀਨਾ ਨਾਲ ਵਿਸ਼ੇਸ਼ ਮਿਲਣੀ ਕਰਦਿਆਂ ਪੰਜਾਬ ਸਰਕਾਰ ਦੁਆਰਾ ਚਲਾਈਆਂ ਗਈਆਂ ਵੱਖ ਵੱਖ ਸਕੀਮਾਂ ਨੂੰ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਸਬੰਧੀ ਵਿਚਾਰ ਚਰਚਾ ਕੀਤੀ ਗਈ।
ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਨੇ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਕੀਤੀਆਂ ਜਾ ਰਹੀਆਂ ਤਲਾਸ਼ੀ ਮੁਹਿੰਮਾਂ, ਅੰਤਰਰਾਜੀ ਨਾਕਾਬੰਦੀਆਂ ਅਤੇ ਜਾਗਰੂਕਤਾ ਅਭਿਆਨ ਬਾਰੇ ਜਾਣੂ ਕਰਵਾਇਆ।
ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਜਿਸ ਤਰ੍ਹਾਂ ਲੋਕਾਂ ਨੂੰ ਨਸ਼ਿਆਂ ਖਿਲਾਫ ਲਾਮਬੰਦ ਕੀਤਾ ਜਾ ਰਿਹਾ ਹੈ ਉਸੇ ਤਰ੍ਹਾਂ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਤਸਕਰਾਂ ਖਿਲਾਫ਼ ਵੀ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਦੇ ਵਿਚ ਭ੍ਰਿਸ਼ਟਾਚਾਰ ਨੂੰ ਜੜ ਤੋਂ ਖ਼ਤਮ ਕਰਨ ਲਈ ਜ਼ਿਲ੍ਹਾ ਤੇ ਪੁਲਿਸ ਪ੍ਰਸਾਸ਼ਨ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹੇ ਵਿਚੋਂ ਕਰਾਈਮ ਨੁੰ ਖ਼ਤਮ ਕਰਨ ਅਤੇ ਨਸ਼ੇ ਨੂੰ ਠੱਲ੍ਹ ਪਾਉਣ ਲਈ ਉਪਰਾਲੇ ਜਾਰੀ ਰਹਿਣਗੇ।