Arth Parkash : Latest Hindi News, News in Hindi
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ
Wednesday, 27 Aug 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ

 ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ, ਖ਼ੁਰਾਕ ਸਪਲਾਈ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਖ਼ਰੀਦ ਸਬੰਧੀ ਤਿਆਰੀਆਂ ਦੀ ਕੀਤੀ ਸਮੀਖਿਆ

 ਖੇਤੀਬਾੜੀ ਮੰਤਰੀ ਨੇ ਮੁੱਖ ਖੇਤੀਬਾੜੀ ਅਫ਼ਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੀ ਸਥਿਤੀ ਦਾ ਵੀ ਲਿਆ ਜਾਇਜ਼ਾ

ਚੰਡੀਗੜ੍ਹ, 28 ਅਗਸਤ:


ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਉਣੀ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਵਿੱਚ ਤੇਜ਼ੀ ਲਿਆਉਂਦਿਆਂ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚੋਂ ਝੋਨੇ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।

ਸ. ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨਾਲ ਅੱਜ ਕਿਸਾਨ ਭਵਨ ਵਿਖੇ ਖੇਤੀਬਾੜੀ, ਖੁਰਾਕ ਅਤੇ ਸਿਵਲ ਸਪਲਾਈ ਅਤੇ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਸਾਉਣੀ ਦੀ ਫਸਲ ਦੀ ਨਿਰਵਿਘਨ ਖਰੀਦ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੈਲੀਬਰੇਟਿਡ ਨਮੀ ਮੀਟਰ ਲਗਾਏ ਜਾਣਗੇ ਤਾਂ ਜੋ ਨਮੀ ਮਾਪਣ ਨੂੰ ਇਕਸਾਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਫਾਈ, ਪੀਣ ਵਾਲੇ ਪਾਣੀ, ਸ਼ੈੱਡ ਅਤੇ ਬਿਜਲੀ ਵਰਗੇ ਜ਼ਰੂਰੀ ਬੁਨਿਆਦੀ ਢਾਂਚੇ ਨੂੰ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ।

ਇਸੇ ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵੀ ਮੁੱਖ ਖੇਤੀਬਾੜੀ ਅਧਿਕਾਰੀਆਂ (ਸੀ.ਏ.ਓ.) ਨਾਲ ਵੀਡੀਓ ਕਾਨਫਰੰਸ ਰਾਹੀਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੀ ਸਥਿਤੀ ਦਾ ਜਾਇਜ਼ਾ ਲਿਆ। ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਸੀ.ਏ.ਓਜ਼ ਨੂੰ ਇਸ ਮੁਸ਼ਕਿਲ ਸਮੇਂ ਵਿੱਚ ਕਿਸਾਨਾਂ ਦੀ ਸਹਾਇਤਾ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਸਾਨਾਂ ਨੂੰ ਮੰਡੀ ਵਿੱਚ ਸੁੱਕੀ ਫਸਲ ਲਿਆਉਣ ਲਈ ਜਾਗਰੂਕ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਲਈ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੀ ਸਹਾਇਤਾ ਲਈ ਅਨਾਜ ਮੰਡੀਆਂ ਵਿੱਚ ਬਿਜਲੀ, ਸ਼ੈੱਡ, ਪਖਾਨੇ ਅਤੇ ਪੀਣ ਵਾਲੇ ਸਾਫ਼ ਪਾਣੀ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਬੋਰਡ ਦੇ ਫੀਲਡ ਸਟਾਫ ਨੂੰ ਤਾਇਨਾਤ ਕੀਤਾ ਗਿਆ ਹੈ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਬਾਰਦਾਨੇ ਦੀਆਂ ਲੋੜੀਂਦੀਆਂ 5.40 ਲੱਖ ਗੱਠਾਂ ਵਿੱਚੋਂ ਲਗਭਗ 3.50 ਲੱਖ ਗੱਠਾਂ ਪ੍ਰਾਪਤ ਹੋ ਚੁੱਕੀਆਂ ਹਨ ਅਤੇ ਬਾਕੀ ਰਹਿੰਦੀਆਂ ਗੱਠਾਂ ਸਤੰਬਰ ਮਹੀਨੇ ਦੇ ਅੱਧ ਤੱਕ ਪਹੁੰਚਣ ਦੀ ਉਮੀਦ ਹੈ।