ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੀ
ਪਾਣੀ ਘੱਟਣ ਤੋਂ ਬਾਅਦ ਸਿਹਤ ਟੀਮਾਂ ਪੰਜਾਬ ਦੇ ਪਿੰਡਾਂ ਵਿੱਚ ਘਰ-ਘਰ ਜਾ ਕੇ ਸਰਵੇਖਣ ਕਰਨਗੀਆਂ
ਬਰਸਾਤੀ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੇ ਪ੍ਰਕੋਪ ਨੂੰ ਰੋਕਣ ਲਈ ਇੱਕਜੁੱਟ ਕਾਰਵਾਈ ਦੀ ਵੀ ਅਪੀਲ ਕੀਤੀ
ਲੁਧਿਆਣਾ, 9 ਸਤੰਬਰ:
ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਮੰਗਲਵਾਰ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੀ, ਜਿਸ ਵਿੱਚ ਲੋਕਾਂ ਨੂੰ ਬਰਸਾਤੀ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਮਜ਼ਬੂਤ ਡਾਕਟਰੀ ਸਹਾਇਤਾ ਅਤੇ ਸਰਗਰਮ ਉਪਾਵਾਂ 'ਤੇ ਜ਼ੋਰ ਦਿੱਤਾ ਗਿਆ।
ਸਰਕਟ ਹਾਊਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ, ਨਗਰ ਨਿਗਮ, ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਅਤੇ ਵੱਖ-ਵੱਖ ਗੈਰ-ਸਰਕਾਰੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਵੱਲੋਂ ਵਿਧਾਨ ਸਭਾ ਹਲਕਾ ਜਗਰਾਉਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੇ ਨਾਲ ਵੈਕਟਰ-ਬੋਰਨ ਬਿਮਾਰੀਆਂ ਦੇ ਜੋਖਮਾਂ ਬਾਰੇ ਗੱਲ ਕੀਤੀ।
ਡਾ. ਬਲਬੀਰ ਸਿੰਘ ਨੇ ਵਿਆਪਕ ਪਾਣੀ ਭਰਨ ਅਤੇ ਮੱਛਰਾਂ ਦੇ ਵਧੇ ਹੋਏ ਪ੍ਰਜਨਨ ਕਾਰਨ ਡੇਂਗੂ, ਮਲੇਰੀਆ, ਬੁਖਾਰ, ਚਮੜੀ ਦੀ ਲਾਗ ਅਤੇ ਪੇਟ ਦੀਆਂ ਬਿਮਾਰੀਆਂ ਦੇ ਸੰਭਾਵੀ ਖ਼ਤਰੇ ਬਾਰੇ ਚਾਨਣਾ ਪਾਇਆ। ਇਨ੍ਹਾਂ ਖਤਰਿਆਂ ਦਾ ਮੁਕਾਬਲਾ ਕਰਨ ਲਈ ਉਨ੍ਹਾਂ ਐਲਾਨ ਕੀਤਾ ਕਿ ਸਿਹਤ ਟੀਮਾਂ ਹੜ੍ਹ ਦਾ ਪਾਣੀ ਘੱਟ ਹੋਣ 'ਤੇ ਪੰਜਾਬ ਦੇ ਹਰ ਪਿੰਡ ਵਿੱਚ ਘਰ-ਘਰ ਸਰਵੇਖਣ ਕਰਨਗੀਆਂ, ਜਿਸ ਨਾਲ ਜ਼ਰੂਰੀ ਸਿਹਤ ਅਭਿਆਸਾਂ ਬਾਰੇ ਜਾਗਰੂਕਤਾ ਪੈਦਾ ਹੋਵੇਗੀ। ਵਸਨੀਕਾਂ ਨੂੰ ਪਾਣੀ ਦੀਆਂ ਟੈਂਕੀਆਂ ਨੂੰ ਸ਼ੁੱਧ ਕਰਨ ਲਈ ਕਲੋਰੀਨ ਦੀਆਂ ਗੋਲੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਡੇਂਗੂ ਨੂੰ ਰੋਕਣ ਲਈ ਖੜ੍ਹੇ ਪਾਣੀ ਨੂੰ ਖਤਮ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ।
ਸਿਹਤ ਮੰਤਰੀ ਨੇ ਨਗਰ ਨਿਗਮ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਸੰਭਾਵੀ ਬਿਮਾਰੀਆਂ ਦੀ ਰੋਕਥਾਮ ਲਈ ਪ੍ਰਭਾਵਿਤ ਖੇਤਰਾਂ ਵਿੱਚ ਫੌਗਿੰਗ ਕਰਨ ਦਾ ਨਿਰਦੇਸ਼ ਵੀ ਦਿੱਤਾ। ਉਨ੍ਹਾ ਨਾਗਰਿਕਾਂ ਨੂੰ ਸ਼ੁੱਧ ਭੋਜਨ ਉਪਲੱਬਧ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਟੀਮਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਨਿਰੀਖਣ ਕਰਨ ਦਾ ਕੰਮ ਸੌਂਪਿਆ ਗਿਆ ਹੈ।
ਸਾਫ਼ ਪੀਣ ਵਾਲੇ ਪਾਣੀ ਤੱਕ ਪਹੁੰਚ ਨੂੰ ਯਕੀਨੀ ਬਣਾਉਣ ਲਈ, ਡਾ. ਬਲਬੀਰ ਸਿੰਘ ਨੇ ਸਰਕਾਰੀ ਸਕੂਲਾਂ ਵਿੱਚ ਰਿਵਰਸ ਓਸਮੋਸਿਸ (ਆਰ.ਓ) ਸਿਸਟਮ ਲਗਾਉਣ ਦੇ ਹੁਕਮ ਦਿੱਤੇ, ਲੋੜ ਅਨੁਸਾਰ ਨਿਗਮ ਅਤੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਦੁਆਰਾ ਸਾਰੇ ਪਾਣੀ ਦੇ ਸਰੋਤਾਂ ਦੀ ਕਲੋਰੀਨੇਸ਼ਨ ਨੂੰ ਲਾਜ਼ਮੀ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਕਲੀਨਿਕ, ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ), ਪ੍ਰਾਇਮਰੀ ਹੈਲਥ ਸੈਂਟਰ (ਪੀ.ਐਚ.ਸੀ) ਅਤੇ ਜ਼ਿਲ੍ਹਾ ਹਸਪਤਾਲ ਜ਼ਰੂਰੀ ਦਵਾਈਆਂ ਨਾਲ ਪੂਰੀ ਤਰ੍ਹਾਂ ਲੈਸ ਹਨ, ਜਿਸ ਵਿੱਚ ਸੱਪ ਅਤੇ ਕੁੱਤੇ ਦੇ ਕੱਟਣ ਦਾ ਮੁਫ਼ਤ ਇਲਾਜ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਨੂੰ 24 ਨਵੇਂ ਡਾਕਟਰ ਮਿਲੇ ਹਨ ਜਦਕਿ ਜਲਦ 24 ਹੋਰ ਵੀ ਸ਼ਾਮਲ ਹੋਣਗੇ, ਜਿਨ੍ਹਾਂ ਨੂੰ ਤੁਰੰਤ ਦੇਖਭਾਲ ਲਈ ਪ੍ਰਭਾਵਿਤ ਖੇਤਰਾਂ ਵਿੱਚ ਵਿਸ਼ੇਸ਼ ਸਿਹਤ ਕੈਂਪਾਂ ਵਿੱਚ ਤਾਇਨਾਤ ਕੀਤਾ ਜਾਵੇਗਾ। ਡਾ. ਬਲਬੀਰ ਸਿੰਘ ਨੇ ਨਿਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਲਈ 104 ਰਾਜ-ਪੱਧਰੀ ਸਿਹਤ ਹੈਲਪਲਾਈਨ ਦੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ।
ਕੈਬਨਿਟ ਮੰਤਰੀ ਨੇ ਸਮਾਜਿਕ ਸੰਗਠਨਾਂ ਅਤੇ ਆਈ.ਐਮ.ਏ ਨੂੰ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਸਵੈ-ਇੱਛਾ ਨਾਲ ਕੰਮ ਕਰਨ ਅਤੇ ਗੋਦ ਲੈਣ ਦਾ ਸੱਦਾ ਦਿੱਤਾ, ਜੋਕਿ ਇਸ ਔਖੀ ਘੜੀ ਵਿੱਚ ਮਾਨਵਤਾ ਦੀ ਸੱਚੀ ਸੇਵਾ ਹੈ। ਉਨ੍ਹਾਂ ਜਨਤਕ ਸਿਹਤ ਦੀ ਰੱਖਿਆ ਲਈ ਪੰਜਾਬ ਸਰਕਾਰ ਦੇ 24 ਘੰਟੇ ਦੇ ਯਤਨਾਂ ਦੀ ਪੁਸ਼ਟੀ ਕੀਤੀ, ਚੁਣੌਤੀਆਂ ਨੂੰ ਦੂਰ ਕਰਨ ਲਈ ਸਮੂਹਿਕ ਕਾਰਵਾਈ ਕਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਸਰਕਾਰ ਦੇ ਇਤਿਹਾਸਕ ਫੈਸਲਿਆਂ ਬਾਰੇ ਵੀ ਚਾਨਣਾ ਪਾਇਆ ਜਿਸ ਵਿੱਚ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਲਈ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ, ਦਰਿਆ ਦੇ ਕੰਢਿਆਂ 'ਤੇ ਰਹਿਣ ਵਾਲੇ ਕਿਸਾਨਾਂ ਨੂੰ ਬਿਨਾਂ ਪਰਮਿਟ ਦੇ ਰੇਤ ਕੱਢਣ ਅਤੇ ਵੇਚਣ ਦੀ ਆਗਿਆ ਦੇਣ ਵਾਲੀ ਨੀਤੀ ਅਤੇ ਹੋਰ ਭਲਾਈ ਉਪਾਅ ਸ਼ਾਮਲ ਹਨ।
ਮੀਟਿੰਗ ਤੋਂ ਬਾਅਦ, ਡਾ. ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਭਾਈਚਾਰਿਆਂ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਵਧਾਉਣ ਲਈ ਇੱਕ ਨਵੀਂ ਐਂਬੂਲੈਂਸ ਨੂੰ ਹਰੀ ਝੰਡੀ ਦਿਖਾਈ।