Arth Parkash : Latest Hindi News, News in Hindi
ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ 1,700 ਸੁਰੱਖਿਆ ਗਾਰਡ ਤਾਇਨਾਤ ਕੀਤੇ ਜਾਣਗੇ: ਮ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ 1,700 ਸੁਰੱਖਿਆ ਗਾਰਡ ਤਾਇਨਾਤ ਕੀਤੇ ਜਾਣਗੇ: ਮੋਹਿੰਦਰ ਭਗਤ
Monday, 08 Sep 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ 1,700 ਸੁਰੱਖਿਆ ਗਾਰਡ ਤਾਇਨਾਤ ਕੀਤੇ ਜਾਣਗੇ: ਮੋਹਿੰਦਰ ਭਗਤ

ਮੰਤਰੀ ਵੱਲੋਂ ਪੈਸਕੋ ਨੂੰ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼

ਮਾਨ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ

ਚੰਡੀਗੜ੍ਹ, 9 ਸਤੰਬਰ:


ਪੰਜਾਬ ਸਰਕਾਰ ਨੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ 1,700 ਸੁਰੱਖਿਆ ਗਾਰਡ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ ਦੌਰਾਨ ਦਿੱਤੀ।

ਸ੍ਰੀ ਭਗਤ ਨੇ ਕਿਹਾ ਕਿ ਇਸ ਨਵੀਂ ਭਰਤੀ ਵਿੱਚ ਸਾਬਕਾ ਸੈਨਿਕਾਂ ਅਤੇ ਗੈਰ-ਸਾਬਕਾ ਸੈਨਿਕਾਂ ਦੋਵਾਂ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਇਹ ਅਸਾਮੀਆਂ ਪੁਰਸ਼ਾਂ ਦੇ ਨਾਲ-ਨਾਲ ਮਹਿਲਾ ਉਮੀਦਵਾਰਾਂ ਲਈ ਵੀ ਖੁੱਲ੍ਹੀਆਂ ਹਨ। ਉਨ੍ਹਾਂ ਕਿਹਾ, “ਇਹ ਫੈਸਲਾ ਨਾ ਸਿਰਫ਼ ਸਾਡੀਆਂ ਜੇਲ੍ਹਾਂ ਲਈ ਹੋਰ ਸੁਰੱਖਿਆ ਗਾਰਡ ਪ੍ਰਦਾਨ ਕਰੇਗਾ ਬਲਕਿ ਸਾਬਕਾ ਸੈਨਿਕਾਂ ਅਤੇ ਪੰਜਾਬ ਦੇ ਨੌਜਵਾਨਾਂ ਲਈ ਸਨਮਾਨਜਨਕ ਰੁਜ਼ਗਾਰ ਦੇ ਮੌਕੇ ਵੀ ਪੈਦਾ ਕਰੇਗਾ।”

ਮੀਟਿੰਗ ਦੌਰਾਨ, ਪੈਸਕੋ ਦੇ ਮੈਨੇਜਿੰਗ ਡਾਇਰੈਕਟਰ, ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਕੁੱਲ ਮਨਜ਼ੂਰਸ਼ੁਦਾ ਗਿਣਤੀ ਵਿੱਚੋਂ 900 ਸੁਰੱਖਿਆ ਗਾਰਡ ਪਹਿਲਾਂ ਹੀ ਭਰਤੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਾਰੀਆਂ ਜੇਲ੍ਹਾਂ ਵਿੱਚ ਮਜ਼ਬੂਤ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਬਾਕੀ ਅਸਾਮੀਆਂ ਜਲਦ ਹੀ ਭਰੀਆਂ ਜਾਣਗੀਆਂ।

ਸ੍ਰੀ ਭਗਤ ਨੇ ਪੈਸਕੋ ਨੂੰ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਬਾਕੀ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਿਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ। ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਨੇ ਮੰਤਰੀ ਨੂੰ ਭਰੋਸਾ ਦਿੱਤਾ ਕਿ ਭਰਤੀ ਪ੍ਰਕਿਰਿਆ ਜਲਦ ਤੋਂ ਜਲਦ ਮੁਕੰਮਲ ਕੀਤੀ ਜਾਵੇਗੀ।

ਸ੍ਰੀ ਭਗਤ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।