Arth Parkash : Latest Hindi News, News in Hindi
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਤੇ ਪਾਣੀ ਦੀ ਸਪਲਾਈ ਮੁੜ ਬਹਾਲ- ਹਰਜੋਤ ਸਿੰਘ ਬੈਂਸ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਤੇ ਪਾਣੀ ਦੀ ਸਪਲਾਈ ਮੁੜ ਬਹਾਲ- ਹਰਜੋਤ ਸਿੰਘ ਬੈਂਸ
Tuesday, 09 Sep 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਤੇ ਪਾਣੀ ਦੀ ਸਪਲਾਈ ਮੁੜ ਬਹਾਲ- ਹਰਜੋਤ ਸਿੰਘ ਬੈਂਸ

ਸਿੰਘਪੁਰ-ਪਲਾਸੀ ਦੇ ਪਿੰਡ ਵਾਸੀ ਰਾਹਤ ਕੈਂਪਾਂ ਤੋਂ ਘਰਾਂ ਨੂੰ ਵਾਪਸ ਜਾਣ ਲੱਗੇ – ਕੈਬਨਿਟ ਮੰਤਰੀ

ਬੇਲਾ ਧਿਆਨੀ ਦਾ ਟੁੱਟਿਆ ਲੱਕੜ ਦਾ ਪੁੱਲ ਹੁਣ ਮਜ਼ਬੂਤ ਮੋਟਰਯੋਗ ਪੁੱਲ ਵਿੱਚ ਤਬਦੀਲ ਕੀਤਾ ਜਾਵੇਗਾ

ਰੈਵਨਿਊ ਅਧਿਕਾਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਖਾਸ ਗਿਰਦਾਵਰੀ ਦਾ ਕੰਮ ਜਾਰੀ

ਚੰਡੀਗੜ੍ਹ / ਨੰਗਲ 10 ਸਤੰਬਰ 

ਸ. ਹਰਜੋਤ ਸਿੰਘ ਬੈਂਸ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਅੱਜ ਦੱਸਿਆ ਕਿ ਉਨ੍ਹਾਂ ਦੇ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਸਪਲਾਈ ਅਤੇ ਪਾਣੀ ਸਪਲਾਈ ਮੁੜ ਬਹਾਲ ਕਰ ਦਿੱਤੀ ਗਈ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਸਿੰਘਪੁਰ-ਪਲਾਸੀ ਦੇ ਵਾਸੀ ਹੁਣ ਹੜ੍ਹ ਦੇ ਪਾਣੀਆਂ ਦੇ ਘਟਣ ਤੋਂ ਬਾਅਦ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਵਾਪਸ ਜਾਣ ਲੱਗ ਪਏ ਹਨ।
         ਸ. ਬੈਂਸ ਖੁਦ ਪਿਛਲੇ ਕਈ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੌਕੇ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਰਸਾ ਬੇਲਾ, ਪੱਤੀ ਦੂਲਚੀ ਅਤੇ ਬੇਲਾ ਸ਼ਿਵ ਸਿੰਘ ਵਰਗੇ ਪਿੰਡ, ਜੋ ਹੜ੍ਹ ਦੇ ਪਾਣੀ ਕਾਰਨ ਕੱਟ ਗਏ ਸਨ, ਮੁੜ ਜੋੜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੱਲ੍ਹ 90 ਪ੍ਰਤੀਸ਼ਤ ਕੰਮ ਮੁਕੰਮਲ ਕਰ ਲਿਆ ਗਿਆ ਸੀ ਪਰ ਕੁਝ ਮਕੈਨਿਕਲ ਰੁਕਾਵਟਾਂ ਕਰਕੇ ਦੇਰ ਹੋ ਗਈ। ਹਾਲਾਂਕਿ ਉਨ੍ਹਾਂ ਯਕੀਨੀ ਬਣਾਇਆ ਕਿ ਇਹ ਕੰਮ ਅੱਜ ਕੁਝ ਘੰਟਿਆਂ ਵਿੱਚ ਪੂਰਾ ਹੋ ਜਾਵੇਗਾ।
   ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੰਘਪੁਰ-ਪਲਾਸੀ ਦੇ ਘਰਾਂ ਵਿੱਚ ਵਿਆਪਕ ਤੌਰ ‘ਤੇ ਫਾਗਿੰਗ ਤੇ ਦਵਾਈ ਦਾ ਛਿੜਕਾਅ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ  ਪ੍ਰਸ਼ਾਸਨ ਸਾਫ-ਸੁਥਰਾ ਮਾਹੌਲ ਦੇਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ 100ਪ੍ਰਤੀਸ਼ਤ ਬਿਜਲੀ ਸਪਲਾਈ ਮੁੜ ਚਾਲੂ ਕਰ ਦਿੱਤੀ ਗਈ ਹੈ, ਬਿਜਲੀ ਦੇ ਖੰਭੇ, ਤਾਰਾਂ ਤੇ ਟਰਾਂਸਫਾਰਮਰ ਠੀਕ ਕਰਕੇ ਚਾਲੂ ਕੀਤੇ ਗਏ ਹਨ। ਇਸੇ ਤਰ੍ਹਾਂ, 100ਪ੍ਰਤੀਸ਼ਤ ਪਾਣੀ ਸਪਲਾਈ ਵੀ ਮੁੜ ਬਹਾਲ ਹੋ ਚੁੱਕੀ ਹੈ, ਜਿਸ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਐਨ.ਡੀ.ਆਰ.ਐਫ ਦੀਆਂ ਕਿਸ਼ਤੀਆਂ ਦੀ ਸਹਾਇਤਾ ਨਾਲ ਪਾਈਪ ਲਾਈਨਾਂ ਨੂੰ ਮੁੜ ਜੋੜਿਆ।
     ਸ. ਬੈਂਸ ਨੇ ਹੋਰ ਦੱਸਿਆ ਕਿ ਬੇਲਾ ਧਿਆਨੀ ਦਾ ਟੁੱਟਿਆ ਲੱਕੜ ਦਾ ਪੁੱਲ ਹੁਣ ਮਜ਼ਬੂਤ ਮੋਟਰਯੋਗ ਪੁੱਲ ਵਿੱਚ ਤਬਦੀਲ ਕੀਤਾ ਜਾਵੇਗਾ, ਜਿਸ ਨਾਲ ਲੰਬੇ ਸਮੇਂ ਲਈ ਸੁਰੱਖਿਆ ਅਤੇ ਬਿਹਤਰ ਸੰਪਰਕ ਸੁਨਿਸ਼ਚਿਤ ਹੋਵੇਗਾ। ਉਨ੍ਹਾਂ ਦੱਸਿਆ ਕਿ ਰੈਵੇਨਿਊ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਖਾਸ ਗਿਰਦਾਵਰੀ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ, ਜੋ ਆਉਂਦੇ ਦਿਨਾਂ ਵਿੱਚ ਮੁਕੰਮਲ ਹੋ ਜਾਵੇਗਾ। ਇਸ ਦੀ ਰਿਪੋਰਟ ਸਰਕਾਰ ਨੂੰ ਭੇਜ ਕੇ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।
     ਪਿਛਲੇ ਕਈ ਹਫ਼ਤਿਆਂ ਤੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਲਗਾਤਾਰ ਆਪਣੇ ਹਲਕੇ ਵਿੱਚ ਮੌਜੂਦ ਰਹਿ ਕੇ ਪ੍ਰਸ਼ਾਸਨ ਨਾਲ ਮਿਲ ਕੇ ਹਾਲਾਤਾਂ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਨੇ ਆਪ ਵਲੰਟੀਅਰਾਂ, ਪੰਚਾਂ-ਸਰਪੰਚਾਂ ਅਤੇ ਯੂਥ ਕਲੱਬਾਂ ਦੇ ਯੋਗਦਾਨ ਦੀ ਵੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਇਸ ਸੰਕਟ ਦੇ ਸਮੇਂ ਉਨ੍ਹਾਂ ਨਾਲ ਮਿਲ ਕੇ ਕੰਮ ਕੀਤਾ।
     ਕੈਬਨਿਟ ਮੰਤਰੀ ਨੇ ਦੱਸਿਆ ਕਿ ਡਾਕਟਰੀ ਟੀਮਾਂ ਅਤੇ ਪਸ਼ੂ ਪਾਲਣ ਵਿਭਾਗ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੁਫ਼ਤ ਡਾਕਟਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਪਸ਼ੂਆਂ ਲਈ ਖ਼ਾਸ ਟੀਕਾਕਰਨ ਮੁਹਿੰਮ ਵੀ ਚਲਾਈ ਜਾ ਰਹੀ ਹੈ। ਪਸ਼ੂਆਂ ਦੀ ਸੰਭਾਲ ਲਈ 10 ਟਰੱਕ ਚਾਰਾ ਪਹਿਲਾਂ ਹੀ ਵੰਡਿਆ ਜਾ ਚੁੱਕਾ ਹੈ, ਜਦਕਿ ਪ੍ਰਭਾਵਿਤ ਪਰਿਵਾਰਾਂ ਲਈ ਖਾਣ-ਪੀਣ ਸਮੇਤ ਹੋਰ ਜ਼ਰੂਰੀ ਚੀਜ਼ਾਂ ਦੀ ਸਪਲਾਈ ਨਿਯਮਿਤ ਤੌਰ ‘ਤੇ ਕੀਤੀ ਜਾ ਰਹੀ ਹੈ।
        ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਕਿਹਾ, “ਮੈਂ ਦਿਲੋਂ ਧੰਨਵਾਦ ਕਰਦਾ ਹਾਂ ਸਾਰੀਆਂ ਦਾ ਜਿਨ੍ਹਾਂ ਨੇ ਇਨ੍ਹਾਂ ਕੁਦਰਤੀ ਆਫ਼ਤਾਂ ਵਾਲੇ ਦਿਨਾਂ ਦੌਰਾਨ ਪੰਜਾਬ ਦੇ ਲੋਕਾਂ, ਖ਼ਾਸਕਰ ਮੇਰੇ ਹਲਕੇ ਦੇ ਵਾਸੀਆਂ, ਲਈ ਸਕਾਰਾਤਮਕ ਭੂਮਿਕਾ ਨਿਭਾਈ ਅਤੇ ਸਹਿਯੋਗ ਦਿੱਤਾ।
------------