ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ
·ਖਰੀਫ਼ ਸੀਜ਼ਨ ਦੌਰਾਨ ਮੰਡੀਆਂ ਵਿੱਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ -ਡਿਪਟੀ ਕਮਿਸ਼ਨਰ ਨਵਜੋਤ ਕੌਰ
·ਡਿਪਟੀ ਕਮਿਸ਼ਨਰ ਨੇ ਕੀਤੀ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ
·ਕੰਬਾਈਨ ਮਾਲਕ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕਟਾਈ ਕਰਨ
ਮਾਨਸਾ, 11 ਸਤੰਬਰ :
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਦੱਸਿਆ ਕਿ ਖਰੀਫ਼ ਸੀਜ਼ਨ 2025-26 ਦੌਰਾਨ ਝੋਨੇ ਦੀ ਖਰੀਦ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੋਈ ਕਿ ਖ਼ਰੀਦ ਦੌਰਾਨ ਕਿਸਾਨਾਂ ਅਤੇ ਖਰੀਦ ਨਾਲ ਸਬੰਧਤ ਕਿਸੇ ਵੀ ਵਰਗ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਨਾ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੰਡੀਆਂ ਵਿੱਚੋਂ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਚੁੱਕਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ ਮੰਡੀਆਂ ਵਿੱਚ ਸਮਾਂ ਰਹਿੰਦਿਆਂ ਹੀ ਸਾਰੇ ਪ੍ਰਬੰਧ ਯਕੀਨੀ ਬਣਾਏ ਜਾਣ ਅਤੇ ਪੀਣ ਵਾਲੇ ਸਾਫ਼ ਪਾਣੀ ਅਤੇ ਸਾਫ਼ ਸਫ਼ਾਈ ਦਾ ਖਾਸ ਧਿਆਨ ਰੱਖਿਆ ਜਾਵੇ।
ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਮੰਡੀਆਂ ਅੰਦਰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਭਾਗਾਂ ਵੱਲੋਂ ਪਿੰਡ ਪੱਧਰ ਤੇ ਜਾਗਰੂਕਤਾ ਕੈਂਪ ਲਗਾ ਕੇ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਅਨਾਊਂਸਮੈਂਟ ਵੀ ਕਰਵਾਈ ਜਾਵੇਗੀ।ਉਨ੍ਹਾਂ ਨਾਲ ਹੀ ਇਹ ਵੀ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸਵੱਛਤਾ ਲਈਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਲਈ ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਦਿਆਂ ਪਰਾਲੀ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ।
ਉਨ੍ਹਾਂ ਕੰਬਾਈਨ ਮਾਲਕਾਂ ਨੂੰ ਕਿਹਾ ਕਿ ਉਹ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ ਦੇ 6 ਵਜੇ ਤੱਕ ਹੀ ਕਟਾਈ ਕਰਨ ਕਿਉਂਕਿ ਇਸ ਉਪਰੰਤ ਫਸਲ ਵਿੱਚ ਨਮੀ ਦੀ ਮਾਤਰਾ ਵੱਧ ਹੋ ਜਾਂਦੀ ਹੈ ਅਤੇ ਜੇਕਰ ਕੋਈ ਵੀ ਕੰਬਾਈਨ ਮਾਲਕ ਨਿਰਧਾਰਿਤ ਸਮੇਂ ਤੋਂ ਬਾਅਦ ਕਟਾਈ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਉਪਰ ਸਖ਼ਤ ਕਾਰਵਾਈ ਕੀਤੀ ਜਾਵੇਗੀ।