Arth Parkash : Latest Hindi News, News in Hindi
ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਸਾਰੀਆਂ ਮੰਡੀਆਂ ਨੂੰ ਬਹਾਲ ਕਰਨ ਲਈ 5-ਰੋਜ਼ਾ ਮੁਹਿੰਮ ਦਾ ਆਗ਼ਾਜ਼ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਸਾਰੀਆਂ ਮੰਡੀਆਂ ਨੂੰ ਬਹਾਲ ਕਰਨ ਲਈ 5-ਰੋਜ਼ਾ ਮੁਹਿੰਮ ਦਾ ਆਗ਼ਾਜ਼
Saturday, 13 Sep 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਸਾਰੀਆਂ ਮੰਡੀਆਂ ਨੂੰ ਬਹਾਲ ਕਰਨ ਲਈ 5-ਰੋਜ਼ਾ ਮੁਹਿੰਮ ਦਾ ਆਗ਼ਾਜ਼

• ਗੁਰਮੀਤ ਖੁੱਡੀਆਂ ਵੱਲੋਂ ਜ਼ਿਲ੍ਹਾ ਮੰਡੀ ਅਫਸਰਾਂ ਨੂੰ 19 ਸਤੰਬਰ ਤੱਕ ਸਾਰੀਆਂ ਹੜ੍ਹ ਪ੍ਰਭਾਵਿਤ ਮੰਡੀਆਂ ਨੂੰ ਕਾਰਜਸ਼ੀਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 14 ਸਤੰਬਰ:


ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਲਈ ਨਿਰਵਿਘਨ ਅਤੇ ਮੁਸ਼ਕਲ ਰਹਿਤ ਝੋਨੇ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਸਾਰੀਆਂ ਅਨਾਜ ਮੰਡੀਆਂ ਨੂੰ ਚਾਲੂ ਕਰਨ ਲਈ ਵਿਸ਼ੇਸ਼ ਪੰਜ-ਰੋਜ਼ਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦਾ ਉਦੇਸ਼ ਖੜ੍ਹੇ ਪਾਣੀ ਅਤੇ ਚਿੱਕੜ ਨੂੰ ਸਾਫ਼ ਕਰਨਾ ਹੈ ਤਾਂ ਜੋ ਸੂਬੇ ਦੀਆਂ ਸਾਰੀਆਂ ਮੰਡੀਆਂ ਸਾਉਣੀ ਖਰੀਦ ਸੀਜ਼ਨ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਕੀਤੀਆਂ ਜਾ ਸਕਣ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਐਤਵਾਰ ਤੋਂ ਸ਼ੁਰੂ ਹੋਣ ਵਾਲੀ ਇਹ ਮੁਹਿੰਮ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ 'ਤੇ ਕੇਂਦ੍ਰਿਤ ਹੈ ਜਿੱਥੇ ਮੰਡੀਆਂ ਖੜ੍ਹੇ ਪਾਣੀ ਅਤੇ ਜਮ੍ਹਾਂ ਹੋਏ ਚਿੱਕੜ ਨਾਲ ਪ੍ਰਭਾਵਿਤ ਹਨ। ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਸਾਰੇ ਜ਼ਿਲ੍ਹਾ ਮੰਡੀ ਅਫਸਰਾਂ(ਡੀਐਮਓਜ਼) ਨੂੰ ਹਦਾਇਤ ਕੀਤੀ ਕਿ ਉਹ ਨਿੱਜੀ ਤੌਰ 'ਤੇ ਇਨ੍ਹਾਂ ਯਤਨਾਂ ਦੀ ਨਿਗਰਾਨੀ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਸਾਰੀਆਂ ਪ੍ਰਭਾਵਿਤ ਮੰਡੀਆਂ 19 ਸਤੰਬਰ, 2025 ਤੱਕ ਪੂਰੀ ਤਰ੍ਹਾਂ ਬਹਾਲ ਅਤੇ ਕਾਰਜਸ਼ੀਲ ਹੋ ਜਾਣ।

ਸ. ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਡੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ, "ਸਾਡੀ ਸਰਕਾਰ ਇਸ ਸੀਜ਼ਨ ਲਈ ਪੂਰੀ ਤਰ੍ਹਾਂ ਤਿਆਰ ਹੈ, ਅਸੀਂ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਪੈਦਾ ਹੋਈਆਂ ਚੁਣੌਤੀਆਂ ਤੋਂ ਪੂਰੀ ਤਰ੍ਹਾਂ ਜਾਣੂ ਹਾਂ। ਇਸ ਵਿਸ਼ੇਸ਼ ਮੁਹਿੰਮ ਪਿੱਛੇ ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਕਿਸਾਨ ਨੂੰ ਆਪਣੀ ਉਪਜ ਵੇਚਣ ਵਿੱਚ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਸਾਡੇ ਕਿਸਾਨਾਂ ਦੀ ਰੋਜ਼ੀ-ਰੋਟੀ ਦੀ ਰੱਖਿਆ ਅਤੇ ਕੁਸ਼ਲ ਖਰੀਦ ਪ੍ਰਕਿਰਿਆਵਾਂ ਨੂੰ ਯਕੀਨੀ ਬਣਾਉਣ ਲਈ ਹਰ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ।"

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ 16 ਸਤੰਬਰ, 2025 ਤੋਂ ਸ਼ੁਰੂ ਹੋਣ ਵਾਲੇ ਸਾਉਣੀ ਖਰੀਦ ਸੀਜ਼ਨ ਲਈ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਸਮੇਂ ਸਿਰ ਖਰੀਦ ਅਤੇ ਤੁਰੰਤ ਭੁਗਤਾਨ ਸਮੇਤ ਬਿਹਤਰ ਅਨੁਭਵ ਪ੍ਰਦਾਨ ਕਰਨ ਲਈ ਵਚਨਬੱਧ ਹੈ।

-----------