ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਤਾਵਰਣ ਪਲਾਨ ਅਧੀਨ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਗਿੱਲੇ ਤੇ ਸੁੱਕੇ ਕੂੜੇ ਦੀ ਸੰਭਾਲ, ਸਿੰਗਲ ਯੂਜ਼ ਪਲਾਸਟਿਕ, ਗੰਦੇ ਪਾਣੀ ਦੀ ਨਿਕਾਸੀ ਤੇ ਪ੍ਰਦੂਸ਼ਣ ਰੋਕਥਾਮ ਸਬੰਧੀ ਕੀਤੀ ਚਰਚਾ
ਪ੍ਰਦੂਸ਼ਣ ਰੋਕਥਾਮ ਸਬੰਧੀ ਐਨ.ਜੀ.ਟੀ. ਜਾਂ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼
ਮਾਨਸਾ, 19 ਸਤੰਬਰ;
ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ IAS ਨੇ ਜ਼ਿਲ੍ਹਾ ਵਾਤਾਵਰਣ ਪਲਾਨ ਅਧੀਨ ਵੱਖ ਵੱਖ ਵਿਭਾਗੀ ਅਧਿਕਾਰੀਆਂ ਨਾਲ ਪ੍ਰਦੂਸ਼ਣ ਦੀ ਰੋਕਥਾਮ ਅਤੇ ਵਾਤਾਵਰਣ ਸੰਭਾਲ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਵਿਭਾਗੀ ਅਧਿਕਾਰੀਆਂ ਤੋਂ ਵਾਤਾਵਰਣ ਦੀ ਸੰਭਾਲ ਵਿਚ ਕੀਤੀਆਂ ਗਈਆਂ ਅਤੇ ਭਵਿੱਖ ਦੀਆਂ ਕਾਰਵਾਈਆਂ ਦਾ ਲੇਖਾ ਜੋਖਾ ਕੀਤਾ ਤੇ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਤਾਵਰਣ ਪਲਾਨ ਵਿਚ ਦਰਸਾਏ ਕੰਮਾਂ ਦੀ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਸੀਵਰੇਜ਼ ਟਰੀਟਮੈਂਟ ਪਲਾਂਟ ਅਤੇ ਸੌਲਿਡ ਵੇਸਟ ਮੈਨੇਜ਼ਮੈਂਟ ਬਾਰੇ ਜਾਣਕਾਰੀ ਲੈਂਦਿਆਂ ਕਿਹਾ ਕਿ ਗੰਦੇ ਪਾਣੀ ਅਤੇ ਸੌਲਿਡ ਵੇਸਟ ਮੈਨੇਜ਼ਮੈਂਟ ਲਈ ਸੁਚੱਜੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਗਿੱਲੇ ਅਤੇ ਸੁੱਕੇ ਕੂੜੇ ਦੀ ਸੰਭਾਲ ਲਈ ਯੋਜਨਾਬੱਧ ਤਰੀਕੇ ਨਾਲ ਪ੍ਰਬੰਧ ਕਰਨ ਬਾਰੇ ਵੀ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਉਹ ਗਿੱਲਾ ਤੇ ਸੁੱਕਾ ਕੂੜਾ ਅਲੱਗ ਅਲੱਗ ਕਰਕੇ ਪਾਉਣ।
ਉਨ੍ਹਾਂ ਕਾਰਜਸਾਧਕ ਅਫ਼ਸਰਾਂ ਨੂੰ ਆਦੇਸ਼ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਸਿੰਗਲ ਵਰਤੋਂ ਵਾਲੇ ਪਲਾਸਟਿਕ ਦੀ ਰੋਕਥਾਮ ਲਈ ਹੋਰ ਸਖ਼ਤ ਕਾਰਵਾਈਆਂ ਕਰਨ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ, ਉਪਕਰਣਾਂ ਤੇ ਸਾਧਨਾਂ ਦੇ ਬਦਲਵੇਂ ਪ੍ਰਬੰਧਾਂ ਦੀ ਵਰਤੋਂ ਦੀ ਲੋੜ 'ਤੇ ਜ਼ੋਰ ਦਿੱਤਾ।
ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਰੋਕਥਾਮ ਸਬੰਧੀ ਐਨ.ਜੀ.ਟੀ. ਜਾਂ ਸਰਕਾਰ ਵੱਲੋਂ ਜੋ ਵੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ, ਇੰਨ੍ਹਾਂ ਨੂੰ ਅਮਲ ਵਿਚ ਲਿਆਉਣਾ ਯਕੀਨੀ ਬਣਾਇਆ ਜਾਵੇ ਅਤੇ ਪ੍ਰਦੂਸ਼ਣ ਰੋਕਥਾਮ ਲਈ ਹਰ ਤਰ੍ਹਾਂ ਦੇ ਪ੍ਰਬੰਧ ਯਕੀਨੀ ਬਣਾਏ ਜਾਣ।
ਇਸ ਮੌਕੇ ਐਕਸੀਅਨ ਵਾਟਰ ਸਪਲਾਈ ਰਜਿੰਦਰ ਗੁਪਤਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ, ਡੀ.ਐਸ.ਪੀ. ਪ੍ਰਿਤਪਾਲ ਸਿੰਘ, ਐਸ.ਡੀ.ਓ. ਪ੍ਰਦੂਸ਼ਣ ਕੰਟਰੋਲ ਬੋਰਡ ਹਰਮਨ ਗਿੱਲ ਤੋਂ ਇਲਾਵਾ ਕਾਰਜਸਾਧਕ ਅਫ਼ਸਰ ਤੇ ਹੋਰ ਵਿਭਾਗੀ ਅਧਿਕਾਰੀ ਮੌਜੂਦ ਸਨ।