ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ 105 ਕਿਸਾਨਾਂ ਨੂੰ ਪ੍ਰਸੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ
ਜ਼ਿਲ੍ਹਾ ਮਾਨਸਾ ਦੇ 105 ਕਿਸਾਨ ਕਹਿਲਾਏ ''ਵਾਤਾਵਰਣ ਦੇ ਰਾਖੇ''
ਹੋਰਨਾਂ ਕਿਸਾਨਾਂ ਲਈ ਵੀ ਚਾਨਣ ਮੁਨਾਰਾ ਬਣਨ ਕਿਸਾਨ-ਡਿਪਟੀ ਕਮਿਸ਼ਨਰ
ਮਾਨਸਾ, 23 ਸਤੰਬਰ:
ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਨੇ ਪਿਛਲੇ ਸਾਲਾਂ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਇਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਨਾਲ ਪ੍ਰਬੰਧਨ ਕਰਨ ਵਾਲੇ ਜ਼ਿਲ੍ਹਾ ਮਾਨਸਾ ਦੇ 105 ਕਿਸਾਨਾਂ ਨੂੰ ਪ੍ਰਸੰਸ਼ਾ ਪੱਤਰ ਅਤੇ ਟੀ ਸ਼ਰਟਸ ਨਾਲ ਸਨਮਾਨਿਤ ਕੀਤਾ।
ਇੰਨ੍ਹਾਂ ਕਿਸਾਨਾਂ ਦੀ ਪ੍ਰਸ਼ੰਸਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕਿਹਾ ਕਿ ਇਹ ਕਿਸਾਨ ਵਾਤਾਵਰਣ ਦੇ ਰਾਖੇ ਕਹਿਲਾਏ ਹਨ ਅਤੇ ਉਹ ਉਮੀਦ ਕਰਦੇ ਹਨ ਇਹ ਕਿਸਾਨ ਹੋਰਨਾਂ ਕਿਸਾਨਾਂ ਲਈ ਵੀ ਚਾਨਣ ਮੁਨਾਰੇ ਬਣ ਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਬਾਰੇ ਪ੍ਰੇਰਿਤ ਕਰਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਹਰ ਉਸ ਕਿਸਾਨ ਦੇ ਸਹਿਯੋਗ ਲਈ ਕਾਰਜਸ਼ੀਲ ਹੈ ਜੋ ਝੋਨੇ ਦੀ ਪਰਾਲੀ ਨੂੰ ਨਾ ਸਾੜ ਕੇ ਇਸ ਦਾ ਯੋਗ ਪ੍ਰਬੰਧਨ ਕਰਨ ਦਾ ਇੱਛੁਕ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਜਿੱਥੇ ਵਾਤਵਰਣ ਦਾ ਨੁਕਸਾਨ ਤਾਂ ਹੁੰਦਾ ਹੀ ਹੈ ਉੱਥੇ ਹੀ ਮਿੱਟੀ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ, ਇਸ ਲਈ ਇਸ ਨੁਕਸਾਨ ਤੋਂ ਕਿਸਾਨਾਂ ਦਾ ਜਾਣੂ ਹੋਣਾ ਬਹੁਤ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਜ਼ਿਲ੍ਹੇ ਅੰਦਰ ਜ਼ੀਰੋ ਬਰਨਿੰਗ ਦੇ ਟੀਚੇ ਨੂੰ ਪੂਰਾ ਕਰਨ ਲਈ ਯਤਨ ਕਰਨੇ ਚਾਹੀਦੇ ਹਨ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਦਾ ਹਰ ਤਰ੍ਹਾਂ ਨਾਲ ਸਹਿਯੋਗ ਕਰਨ ਲਈ ਪਿੰਡਾਂ ਵਿਚ ਕਿਸਾਨ ਜਾਗਰੂਕਤਾ ਕੈਂਪਾ ਦੀ ਲੜੀ ਨੂੰ ਜਾਰੀ ਰੱਖਿਆ ਜਾਵੇ ਅਤੇ ਜ਼ੀਰੋ ਬਰਨਿੰਗ ਦੇ ਟੀਚੇ ਨੂੰ ਪੂਰਾ ਕਰਨ ਲਈ ਉਪਰਾਲੇ ਕੀਤੇ ਜਾਣ।
ਮੁੱਖ ਖੇਤੀਬਾੜੀ ਅਫ਼ਸਰ, ਡਾ. ਹਰਪ੍ਰੀਤ ਪਾਲ ਕੌਰ ਨੇ ਕਿਹਾ ਕਿ ਕਿਸਾਨ ਪਰਾਲੀ ਦੇ ਇਨ ਸੀਟੂ ਅਤੇ ਐਕਸ ਸੀਟੂ ਪ੍ਰਬੰਧਨ ਲਈ ਸਬਸਿਡੀ 'ਤੇ ਦਿੱਤੀ ਜਾਂਦੀ ਮਸ਼ੀਨਰੀ ਦਾ ਉਪਯੋਗ ਕਰਨ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਕਿਸਾਨਾਂ ਦਾ ਸਹਿਯੋਗ ਕਰਨ ਤੇ ਪਰਾਲੀ ਸਾੜਨ ਦੀ ਰਵਾਇਤ ਨੂੰ ਬੰਦ ਕਰਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ, ਡਾ. ਗੁਰਲੀਨ ਕੌਰ ਆਈ.ਏ.ਐਸ. (ਸਿਖਲਾਈ ਅਧੀਨ), ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਅਜੀਤ ਪਾਲ ਸਿੰਘ, ਡਿਪਟੀ ਪ੍ਰੌਜੈਕਟ ਡਾਇਰੈਕਟਰ ਆਤਮਾ ਡਾ. ਚਮਨਦੀਪ ਸਿੰਘ, ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਸਿੱਧੂ, ਖੇਤੀਬਾੜੀ ਵਿਕਾਸ ਅਫ਼ਸਰ ਜਸਲੀਨ ਕੌਰ ਤੋਂ ਇਲਾਵਾ ਕਿਸਾਨ ਅਤੇ ਵੱਖ ਵੱਖ ਬਲਾਕਾਂ ਦੇ ਖੇਤੀਬਾੜੀ ਵਿਕਾਸ ਅਫ਼ਸਰ ਮੌਜੂਦ ਸਨ।