Arth Parkash : Latest Hindi News, News in Hindi
ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਲਈ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਲਈ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
Monday, 22 Sep 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਲਈ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

 

ਪਿੰਡਾਂ ਵਿਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਅਤੇ ਫਾਇਦਿਆਂ ਬਾਰੇ ਕੀਤਾ ਜਾਵੇਗਾ ਜਾਗਰੂਕ-ਡਿਪਟੀ ਕਮਿਸ਼ਨਰ

 

ਜ਼ੀਰੋ ਬਰਨਿੰਗ ਦੇ ਟੀਚੇ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਪ੍ਰਸਾਸ਼ਨ ਤੇ ਖੇਤੀਬਾੜੀ ਵਿਭਾਗ ਕਾਰਜਸ਼ੀਲ-ਨਵਜੋਤ ਕੌਰ

 

ਮਾਨਸਾ, 23 ਸਤੰਬਰ:

          ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

          ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੇ ਇਸ ਸੀਜ਼ਨ ਦੌਰਾਨ ਜ਼ਿਲ੍ਹਾ ਮਾਨਸਾ ਵਿਚ ਜ਼ੀਰੋ ਬਰਨਿੰਗ ਦਾ ਟੀਚਾ ਮਿੱਥਿਆ ਗਿਆ ਹੈ ਜਿਸ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਲਗਾਤਾਰ ਕਾਰਜਸ਼ੀਲ ਹੈ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜ ਕੇ ਬਲਕਿ ਇਸ ਦੇ ਯੋਗ ਪ੍ਰਬੰਧਨ ਲਈ ਜਾਗਰੂਕ ਕੀਤਾ ਜਾਵੇ।

          ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਇਹ ਵੀ ਲਾਜ਼ਮੀ ਹੈ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਵੱਖ ਵੱਖ ਤਕਨੀਕਾਂ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਉਨ੍ਹਾਂ ਦਾ ਸਬਸਿਡੀ 'ਤੇ ਦਿੱਤੀ ਜਾਣ ਵਾਲੀ ਮਸ਼ੀਨਰੀ ਬਾਰੇ ਮਾਗਰਦਰਸ਼ਨ ਕੀਤਾ ਜਾਵੇ।

          ਉਨ੍ਹਾਂ ਕਿਹਾ ਕਿ ਇਹ ਚਾਰ ਜਾਗਰੂਕਤਾ ਵੈਨਾਂ ਜ਼ਿਲ੍ਹੇ ਦੇ ਸਾਰੇ ਬਲਾਕਾਂ ਦੇ ਪਿੰਡਾਂ ਵਿਚ ਕਿਸਾਨਾਂ ਨੂੰ ਜਾਗਰੂਕ ਕਰਨਗੀਆਂ ਅਤੇ ਪਰਾਲੀ ਨਾ ਸਾੜ ਕੇ ਜ਼ਿਲ੍ਹੇ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਦਾ ਸੰਦੇਸ਼ ਦੇਣਗੀਆਂ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪਰਾਲੀ ਪ੍ਰਬੰਧਨ ਸਬੰਧੀ ਤਕਨੀਕਾਂ ਬਾਰੇ ਖੇਤੀਬਾੜੀ ਵਿਭਾਗ ਵੱਲੋਂ ਤਿਆਰ ਕੀਤੇ ਜਾਗਰੂਕਤਾ ਪੈਂਫਲੇਟ ਵੀ ਕਿਸਾਨਾਂ ਵਿਚ ਵੰਡੇ ਜਾਣਗੇ।

          ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧਨ ਕਰਕੇ ਪਰਾਲੀ ਸਾੜਨ ਦੇ ਸਿਹਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਅ ਕਰਨ।

          ਇਸ ਮੌਕੇ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ, ਡਾ. ਗੁਰਲੀਨ ਕੌਰ, ਆਈ.ਏ.ਐਸ. (ਸਿਖਲਾਈ ਅਧੀਨ), ਐਸ.ਡੀ.ਐਮ.,ਸਰਦੂਲਗੜ੍ਹ ਸ੍ਰੀ ਅਜੀਤ ਪਾਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਸ੍ਰੀਮਤੀ ਹਰਪ੍ਰੀਤ ਪਾਲ ਕੌਰ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਤੇ ਕਿਸਾਨ ਵੀਰ ਮੌਜੂਦ ਸਨ।