ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਿਰੋਜ਼ਪੁਰ
ਜ਼ਿਲ੍ਹੇ ਦੇ ਪਿੰਡਾਂ ਵਿੱਚ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲ਼ੀ ਨਾ ਸਾੜਨ ਸਬੰਧੀ ਕੀਤਾ ਜਾ ਰਿਹਾ ਹੈ ਜਾਗਰੂਕ - ਡਿਪਟੀ ਕਮਿਸ਼ਨਰ
ਫ਼ਿਰੋਜ਼ਪੁਰ, 23 ਸਤੰਬਰ:
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਿੱਚ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ। ਇਸ ਦੇ ਲਈ ਜਿੱਥੇ ਜ਼ਿਲ੍ਹੇ ਵਿੱਚ ਵੱਖ-ਵੱਖ ਪਿੰਡਾਂ ਵਿਖੇ ਕੈਂਪ ਲਗਾਏ ਜਾ ਰਹੇ ਹਨ ਉੱਥੇ ਹੀ ਕਿਸਾਨਾਂ ਨੂੰ ਖੇਤਬਾੜੀ ਵਿਭਾਗ ਵੱਲੋਂ ਉਪਲੱਬਧ ਆਧੁਨਿਕ ਮਸ਼ੀਨਾਂ ਰਾਹੀਂ ਪਰਾਲ਼ੀ / ਰਹਿੰਦ-ਖੂਹੰਦ ਨੂੰ ਜ਼ਮੀਨ ਵਿੱਚ ਹੀ ਮਿਲਾਉਣ ਦੇ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪਿੰਡ ਪੀਰੂ ਵਾਲਾ ਵਿਖੇ ਪਰਾਲ਼ੀ ਨਾ ਸਾੜਨ ਦੇ ਲਈ ਕੈਂਪ, ਪਿੰਡ ਮਹੀਆਂ ਵਾਲਾ ਖੁਰਦ ਵਿਖੇ ਜਾਗਰੂਕਤਾ ਵੈਨ, ਪਿੰਡ ਵਰਨਾਲਾ, ਪਿੰਡ ਗੁਰਦਿੱਤੀ ਵਾਲਾ ਵਿਖੇ ਕੈਂਪ, ਪਿੰਡ ਮਸਤੇ ਕੇ ਸਮੇਤ ਹੋਰ ਪਿੰਡਾਂ ਵਿਖੇ ਸੀ.ਆਰ.ਐਮ. ਸਕੀਮ ਅਧੀਨ ਪਰਾਲ਼ੀ ਦੀ ਸਾਂਭ ਸੰਭਾਲ ਅਤੇ ਨਿਪਟਾਰੇ ਸਬੰਧੀ ਕੈਂਪ, ਪਿੰਡਾਂ ਦੇ ਵਿੱਚ ਗੁਰੂ ਘਰਾਂ ਵਿੱਚੋਂ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਦੇ ਲਈ ਅਨਾਉਂਸਮੈਂਟ, ਸਰਕਲ ਆਰਿਫ ਕੇ ਵਿਖੇ ਕਿਸਾਨ ਜਾਗਰੂਕਤਾ ਕੈਂਪ ਸਮੇਤ ਵੱਖ-ਵੱਖ ਢੰਗ-ਤਰੀਕਿਆਂ ਰਾਹੀਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੇ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲ਼ੀ ਨੂੰ ਸਾੜਨ ਦੇ ਨਾਲ ਜੋ ਨੁਕਸਾਨ ਹੁੰਦਾ ਹੈ ਉਸ ਸਬੰਧੀ ਕੈਂਪਾ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਪਿਛਲੇ ਸਮਿਆਂ ਦੌਰਾਨ ਵੀ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਦੇ ਨਾਲ ਹੋਣ ਬਾਰੇ ਨੁਕਸਾਨਾਂ ਸਬੰਧੀ ਜਾਗਰੂਕ ਕੀਤਾ ਗਿਆ ਹੈ । ਹੁਣ ਕਿਸਾਨਾਂ ਦੀ ਖੁਦ ਦੀ ਜਿੰਮੇਦਾਰੀ ਬਣਦੀ ਹੈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਲਈ ਸਾਫ਼-ਸੁੱਥਰਾ ਵਾਤਾਵਰਣ ਦਿੱਤਾ ਜਾ ਸਕੇ। ਖੇਤੀਬਾੜੀ ਵਿਭਾਗ ਅਤੇ ਹੋਰ ਵਿਭਾਗਾਂ ਵੱਲੋਂ ਪਰਾਲੀ ਨੂੰ ਖੇਤ ਵਿੱਚ ਹੀ ਮਿਲਾਉਣ ਦੇ ਲਈ ਕਈ ਤਰ੍ਹਾਂ ਦੀਆਂ ਆਧੁਨਿਕ ਮਸ਼ੀਨਾਂ ਤਿਆਰ ਕੀਤੀਆਂ ਗਈਆਂ ਹਨ ਜਿਸ ’ਤੇ ਸਰਕਾਰ ਵੱਲੋਂ ਬਕਾਇਦਾ ਤੌਰ ’ਤੇ ਸਬਸਿਡੀ ਵੀ ਦਿੱਤੀ ਜਾਂਦੀ ਹੈ। ਇਸ ਲਈ ਕਿਸਾਨ ਭਰਾਵਾਂ ਅਪੀਲ ਹੈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਸਗੋਂ ਪਰਾਲ਼ੀ ਨੂੰ ਜ਼ਮੀਨ ਵਿੱਚ ਹੀ ਮਿਲਾਉਣ ਅਤੇ ਪਰਾਲ਼ੀ ਨੂੰ ਅੱਗ ਨਾ ਲਗਾਉਣ।