ਸਥਾਨਕ ਸਰਕਾਰਾਂ ਵਿਭਾਗ ਯਕੀਨੀ ਬਣਾਵੇ ਕਿ ਸੀਵਰਮੈਨ ਤੇ ਸਫਾਈ ਸੇਵਕਾਂ ਦੀ ਨਵੀਂ ਕੋਈ ਵੀ ਭਰਤੀ ਰੈਗੂਲਰ ਆਧਾਰ ‘ਤੇ ਹੋਵੇ: ਹਰਪਾਲ ਸਿੰਘ ਚੀਮਾ
ਵਿੱਤ ਮੰਤਰੀ ਵੱਲੋਂ ਸਥਾਨਕ ਸਰਕਾਰਾਂ ਨਾਲ ਸਬੰਧਤ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ
ਮੁਲਾਜ਼ਮਾਂ ਦੀ ਮੰਗਾਂ ਅਤੇ ਮੁੱਦਿਆਂ ਨੂੰ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ
ਚੰਡੀਗੜ੍ਹ, 27 ਸਤੰਬਰ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਇਹ ਯਕੀਨੀ ਬਨਾਉਣ ਲਈ ਕਿਹਾ ਕਿ ਸੀਵਰਮੈਨ ਅਤੇ ਸਫਾਈ ਸੇਵਕਾਂ ਦੀ ਨਵੀਂ ਕੀਤੀ ਜਾਣ ਵਾਲੀ ਕੋਈ ਵੀ ਭਰਤੀ ਰੈਗੂਲਰ ਆਧਾਰ ‘ਤੇ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕਰਮਚਾਰੀਆਂ ਨੂੰ ਕਈ ਗੰਭੀਰ ਸਮੱਸਿਆਵਾਂ ਨਾਲ ਜੂਝਣਾ ਪੈਂਦਾ ਹੈ ਅਤੇ ਇੰਨ੍ਹਾਂ ਵਿੱਚੋਂ ਜਿਆਦਾਤਰ ਕੋਲ ਰੋਜਗਾਰ ਦੇ ਹੋਰ ਬਦਲ ਵੀ ਬਹੁਤ ਘੱਟ ਹੁੰਦੇ ਹਨ।
ਅੱਜ ਇਥੇ ਸਥਾਨਕ ਸਰਕਾਰਾਂ ਵਿਭਾਗ ਦੀਆਂ ਮੁਲਾਜ਼ਮ ਜਥੇਬੰਦੀਆਂ ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਅਤੇ ਪੰਜਾਬ ਨਗਰ ਪਾਲਿਕਾ ਕਰਮਚਾਰੀ ਸੰਗਠਨ ਨਾਲ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਨਿਰਦੇਸ਼ ਦਿੱਤੇ। ਇਨ੍ਹਾਂ ਉੱਚ ਪੱਧਰੀ ਮੀਟਿੰਗਾਂ, ਜਿਸ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਰਵਜੋਤ, ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਡਾਇਰੈਕਟਰ ਕੁਲਵੰਤ ਸਿੰਘ, ਪੀ.ਐਮ.ਆਈ.ਡੀ.ਸੀ ਦੇ ਸੀ.ਈ.ਓ ਦੀਪਤੀ ਉੱਪਲ, ਵਿਸ਼ੇਸ਼ ਸਕੱਤਰ ਵਿੱਤ ਅਜੇ ਅਰੋੜਾ ਅਤੇ ਵਧੀਕ ਸਕੱਤਰ ਪ੍ਰਸੋਨਲ ਗੌਤਮ ਜੈਨ ਮੌਜੂਦ ਸਨ, ਦੌਰਾਨ ਵਿੱਤ ਮੰਤਰੀ ਨੇ ਦੋਵਾਂ ਜਥੇਬੰਦੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ।
ਇਨ੍ਹਾਂ ਮੁਲਾਜ਼ਮ ਜਥੇਬੰਦੀਆਂ ਨਾਲ ਚਰਚਾ ਦੇ ਆਧਾਰ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਇੰਨ੍ਹਾਂ ਮੁਲਾਜਮਾਂ ਦੀਆਂ ਮੰਗਾਂ ਅਤੇ ਪ੍ਰੇਸ਼ਾਨੀਆਂ ਨੂੰ ਹੱਲ ਕਰਨ ਲਈ ਰਿਪੋਰਟ ਬਣਾ ਕੇ ਕੈਬਨਿਟ ਸਬ-ਕਮੇਟੀ ਅੱਗੇ ਪੇਸ਼ ਕਰੇ ਤਾਂ ਜੋ ਇੰਨ੍ਹਾਂ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਰਿਪੋਰਟ ਵਿੱਚ ਉਨ੍ਹਾਂ ਬਿਮਾਰੀਆਂ ਅਤੇ ਸਿਹਤ ਸਬੰਧੀ ਚੁਣੌਤੀਆਂ ਦਾ ਖਾਸਤੌਰ ਤੇ ਜਿਕਰ ਕੀਤਾ ਜਾਵੇ ਜਿੰਨਾ ਦਾ ਸੀਵਰਮੈਨ ਨੂੰ ਸਾਹਮਣਾ ਕਰਨਾ ਪੈਂਦਾ ਹੈ।
ਇੰਨ੍ਹਾਂ ਮੀਟਿੰਗਾਂ ਵਿੱਚ ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਦੇ ਸੂਬਾ ਚੇਅਰਮੈਨ ਚੰਦਨ ਗਰੇਵਾਲ, ਪ੍ਰਧਾਨ ਵਿਨੋਦ ਕੁਮਾਰ ਬਿੱਟਾ, ਵਾਈਸ ਚੇਅਰਮੈਨ ਸੁਰਿੰਦਰ ਟੋਨਾ, ਸੂਬਾ ਜਨਰਲ ਸਕੱਤਰ ਪਵਲ ਗੋਡਿਆਲ ਅਤੇ ਸਕੱਤਰ ਸੰਨੀ ਸਹੋਤਾ, ਅਤੇ ਪੰਜਾਬ ਨਗਰਪਾਲਿਕਾ ਕਰਮਚਾਰੀ ਸੰਗਠਨ ਤੋਂ ਜਨਰਲ ਸਕੱਤਰ ਕੁਲਵੰਤ ਸਿੰਘ ਸੈਣੀ, ਸੀਨੀਅਰ ਮੀਤ ਪ੍ਰਧਾਨ ਗੋਪਾਲ ਥਾਪਰ, ਸੋਮਨਾਥ ਆਦਿਆ, ਲਲਿਤ ਕੁਮਾਰ, ਸਰਵਣ ਸਿੰਘ, ਕੌਸ਼ਲ ਕੁਮਾਰ ਅਤੇ ਬੂਟਾ ਰਾਮ ਨੇ ਮੀਟਿੰਗ ਦੌਰਾਨ ਆਪਣਾ ਪੱਖ ਪੇਸ਼ ਕੀਤਾ।