ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ
17 ਅਕਤੂਬਰ ਤੱਕ ਲਏ ਜਾਣਗੇ ਦਾਅਵੇ ਤੇ ਇਤਰਾਜ਼, 23 ਅਕਤੂਬਰ ਤੱਕ ਕੀਤਾ ਜਾਵੇਗਾ ਨਿਪਟਾਰਾ
ਜਲੰਧਰ, 13 ਅਕਤੂਬਰ : ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਜਲੰਧਰ-2 ਸ਼ਾਇਰੀ ਮਲਹੋਤਰਾ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ-2025 ਲਈ ਵੋਟਰ ਸੂਚੀਆਂ ਦੀ ਸੁਧਾਈ ਲਈ ਜਾਰੀ ਸੋਧੇ ਹੋਏ ਪ੍ਰੋਗਰਾਮ ਅਨੁਸਾਰ ਵੋਟਰ ਸੂਚੀਆਂ ਨੂੰ ਯੋਗਤਾ ਮਿਤੀ 15 ਅਕਤੂਬਰ 2025 ਅਨੁਸਾਰ ਅਪਡੇਟ ਕੀਤਾ ਜਾਣਾ ਹੈ।
ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਡ੍ਰਾਫਟ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ, ਜਿਸ ’ਤੇ ਦਾਅਵੇ ਤੇ ਇਤਰਾਜ਼ 17 ਅਕਤੂਬਰ 2025 ਤੱਕ ਪ੍ਰਾਪਤ ਕੀਤੇ ਜਾਣੇ ਹਨ।
ਉਨ੍ਹਾਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਜਲੰਧਰ ਪੱਛਮੀ, ਜਲੰਧਰ ਪੂਰਬੀ, ਆਦਮਪੁਰ ਅਤੇ ਭੋਗਪੁਰ ਨੂੰ ਹਦਾਇਤ ਕੀਤੀ ਕਿ ਜਾਰੀ ਪ੍ਰੋਗਰਾਮ ਅਨੁਸਾਰ ਉਨ੍ਹਾਂ ਅਧੀਨ ਆਉਂਦੇ ਪੇਂਡੂ ਖੇਤਰਾਂ (ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਹਲਕੇ) ਵਿੱਚ ਵਿਆਪਕ ਪੱਧਰ ’ਤੇ ਲੋਕਾਂ ਨੂੰ ਵੋਟਰ ਸੂਚੀਆਂ ਦੀ ਅਪਡੇਸ਼ਨ ਸਬੰਧੀ ਜਾਣੂ ਕਰਵਾਇਆ ਜਾਵੇ, ਤਾਂ ਜੋ ਕੋਈ ਵੀ ਯੋਗ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹਿ ਜਾਵੇ।
ਉਨ੍ਹਾਂ ਦੱਸਿਆ ਕਿ ਕੋਈ ਵੀ ਯੋਗ ਵੋਟਰ ਵੋਟ ਬਣਾਉਣ ਲਈ ਆਪਣਾ ਬਿਨੈ ਪੱਤਰ ਫਾਰਮ-I ਵਿੱਚ, ਕਿਸੇ ਵੀ ਇਤਰਾਜ਼/ਵੋਟ ਕਟਵਾਉਣ ਲਈ ਫਾਰਮ ਨੰਬਰ-II ਅਤੇ ਵੋਟਰ ਸੂਚੀ ਵਿੱਚ ਕਿਸੇ ਕਿਸਮ ਦੀ ਸੋਧ ਲਈ ਫਾਰਮ ਨੰਬਰ-III ਵਿੱਚ ਆਪਣੇ ਦਾਅਵੇ ਅਤੇ ਇਤਰਾਜ਼ ਦੇ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹਰ ਦਾਅਵੇ ਅਤੇ ਇਤਰਾਜ਼ ਨਾਲ ਬਤੌਰ ਇਕ ਰੁਪਏ ਫੀਸ ਲਈ ਜਾਣੀ ਹੈ, ਜੋ ਕਿ ਨਾ-ਮੋੜਨਯੋਗ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 23 ਅਕਤੂਬਰ 2025 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 24 ਅਕਤੂਬਰ 2025 ਨੂੰ ਹੋਵੇਗੀ।