Arth Parkash : Latest Hindi News, News in Hindi
ਸੂਬੇ ਵਿੱਚ ਕਿਸਾਨਾਂ ਨੂੰ ਝੋਨੇ ਦੀ 7472 ਕਰੋੜ ਰੁਪਏ ਦੀ ਅਦਾਇਗੀ, 100 ਫ਼ੀਸਦੀ ਲਿਫਟਿੰਗ ਹੋਈ ਸੂਬੇ ਵਿੱਚ ਕਿਸਾਨਾਂ ਨੂੰ ਝੋਨੇ ਦੀ 7472 ਕਰੋੜ ਰੁਪਏ ਦੀ ਅਦਾਇਗੀ, 100 ਫ਼ੀਸਦੀ ਲਿਫਟਿੰਗ ਹੋਈ
Friday, 17 Oct 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸੂਬੇ ਵਿੱਚ ਕਿਸਾਨਾਂ ਨੂੰ ਝੋਨੇ ਦੀ 7472 ਕਰੋੜ ਰੁਪਏ ਦੀ ਅਦਾਇਗੀ, 100 ਫ਼ੀਸਦੀ ਲਿਫਟਿੰਗ ਹੋਈ

ਹੜ੍ਹਾਂ ਦੇ ਬਾਵਜੂਦ ਪੰਜਾਬ ਵੱਲੋਂ 175 ਲੱਖ ਮੀਟਰਕ ਟਨ ਝੋਨੇ ਦਾ ਖਰੀਦ ਦਾ ਟੀਚਾ

*ਮੁੱਖ ਮੰਤਰੀ ਵੱਲੋਂ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਤਿਉਹਾਰੀ ਸੀਜ਼ਨ ਦੌਰਾਨ ਖਰੀਦ ਕਾਰਜਾਂ ਦੀ ਨਿਰੰਤਰ ਨਿਗਰਾਨੀ ਕਰਨ ਦੇ ਆਦੇਸ਼*

ਚੰਡੀਗੜ੍ਹ, 18 ਅਕਤੂਬਰ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਅਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਝੋਨੇ ਦੀ ਚੱਲ ਰਹੀ ਖਰੀਦ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਯਕੀਨੀ ਬਣਾਉਣ ਦੇ ਹੁਕਮ ਦਿੱਤੇ।

ਅੱਜ ਇੱਥੇ ਆਪਣੀ ਰਿਹਾਇਸ਼ ਵਿਖੇ ਆਈ.ਏ.ਐਸ. ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ ਦੇ ਬਾਵਜੂਦ, ਪੰਜਾਬ ਵੱਲੋਂ ਅਜੇ ਵੀ ਕੌਮੀ ਅਨਾਜ ਭੰਡਾਰ ਵਿੱਚ 175 ਲੱਖ ਮੀਟਰਕ ਟਨ ਝੋਨੇ ਦਾ ਯੋਗਦਾਨ ਪਾਉਣ ਦੀ ਸੰਭਾਵਨਾ ਹੈ। ਨਿਰਵਿਘਨ ਅਤੇ ਸੁਚਾਰੂ ਖਰੀਦ ਪ੍ਰਬੰਧਾਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਠੋਸ ਯਤਨ ਕੀਤੇ ਜਾਣੇ ਚਾਹੀਦੇ ਹਨ ਕਿ ਪੰਜਾਬ ਦੇ ਕਿਸਾਨਾਂ ਦੀ ਸਖ਼ਤ ਮਿਹਨਤ ਅਤੇ ਲਗਨ ਨਾਲ ਪੈਦਾ ਹੋਇਆ ਇੱਕ-ਇੱਕ ਦਾਣਾ ਖਰੀਦਿਆ ਜਾਵੇ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਉਣੀ ਮੰਡੀਕਰਨ ਸੀਜ਼ਨ, 2025-26 ਵਿੱਚ ਝੋਨੇ ਦੀ ਖਰੀਦ ਲਈ 1,822 ਨਿਯਮਤ ਖਰੀਦ ਕੇਂਦਰਾਂ ਨੂੰ ਨੋਟੀਫਾਈ ਕੀਤਾ ਗਿਆ ਹੈ ਅਤੇ ਇਹ ਸਾਰੀਆਂ ਨੋਟੀਫਾਈਡ ਮੰਡੀਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਵੱਲੋਂ ਅਲਾਟ ਕੀਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਦੱਸਿਆ ਕਿ ਸ਼ੁੱਕਰਵਾਰ ਤੱਕ ਸੂਬੇ ਭਰ ਦੀਆਂ ਮੰਡੀਆਂ ਵਿੱਚ 38.65 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ 37.20 ਲੱਖ ਮੀਟਰਕ ਟਨ ਝੋਨਾ ਪਹਿਲਾਂ ਹੀ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਖਰੀਦ ਦੇ 72 ਘੰਟਿਆਂ ਦੇ ਅੰਦਰ-ਅੰਦਰ ਲਿਫਟਿੰਗ ਨੂੰ ਯਕੀਨੀ ਬਣਾਉਣ ਸਬੰਧੀ ਸੂਬਾ ਸਰਕਾਰ ਦੇ ਮਾਪਦੰਡ ਦੀ ਪਾਲਣਾ ਕਰਦਿਆਂ ਸੂਬੇ ਵੱਲੋਂ 100 ਫੀਸਦ ਲਿਫਟਿੰਗ ਹੋ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਖਰੀਦੇ ਗਏ ਅਨਾਜ ਲਈ ਕਿਸਾਨਾਂ ਨੂੰ ਕੁੱਲ 7,472.20 ਕਰੋੜ ਰੁਪਏ ਦੀ ਅਦਾਇਗੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ।

ਝੋਨੇ ਦੇ ਇੱਕ-ਇੱਕ ਦਾਣੇ ਦੀ ਖਰੀਦ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪੂਰੀ ਖਰੀਦ ਪ੍ਰਕਿਰਿਆ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਿਰਵਿਘਨ, ਪਾਰਦਰਸ਼ੀ ਅਤੇ ਕੁਸ਼ਲ ਅਨਾਜ ਖਰੀਦ ਨੂੰ ਯਕੀਨੀ ਬਣਾਉਣ ਲਈ ਮਿਸਾਲੀ ਕਦਮ ਚੁੱਕੇ ਗਏ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਹੇਠਲੇ ਪੱਧਰ 'ਤੇ ਪੁਖਤਾ ਪ੍ਰਬੰਧਾਂ ਰਾਹੀਂ ਕਿਸਾਨਾਂ ਨੂੰ ਹਰ ਸਹੂਲਤ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।