
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਗੁਰਦੁਆਰਾ ਬੋਹੜ ਸਾਹਿਬ ਪਾਤਸ਼ਾਹੀ ਨੌਂਵੀ ਪਿੰਡ ਦੁੱਗਰੀ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਗਿਆ
ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਚੰਨੀ ਹੋਏ ਗੁਰੂਘਰ 'ਚ ਨਤਮਸਤਕ
ਪਿੰਡ ਦੇ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਵੱਲੋਂ 50 ਲੱਖ ਰੁਪਏ ਦਿੱਤੇ ਜਾਣਗੇ
ਸ੍ਰੀ ਚਮਕੌਰ ਸਾਹਿਬ, 1 ਨਵੰਬਰ: ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਨੂੰ ਸਮਰਪਿਤ ਕੀਰਤਨ ਦਰਬਾਰ ਮੌਕੇ ਅੱਜ ਗੁਰੂ ਸਾਹਿਬ ਦੀ ਪਾਵਨ ਚਰਨ ਛੋਹ ਪ੍ਰਾਪਤ ਗੁਰਦੁਆਰਾ ਬੋਹੜ ਸਾਹਿਬ ਪਿੰਡ ਦੁੱਗਰੀ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਉਪਰੰਤ ਪੰਜਾਬ ਸਰਕਾਰ ਅਤੇ ਗੁਰਦੁਆਰਾ ਪ੍ਰਬੰਧਕਾਂ ਦੇ ਸਹਿਯੋਗ ਸਦਕਾ ਸਵੇਰੇ 9:00 ਵਜੇ ਤੋਂ 12.30 ਵਜੇ ਤੱਕ ਵੱਖ-ਵੱਖ ਰਾਗੀ ਸਿੰਘਾਂ, ਕਥਾਵਾਚਕਾਂ ਅਤੇ ਕਵੀਸ਼ਰਾਂ ਵੱਲੋਂ ਸੰਗਤਾਂ ਨੂੰ ਕੀਰਤਨ ਤੇ ਕਥਾ ਪ੍ਰਵਾਹ ਨਾਲ ਨਿਹਾਲ ਕੀਤਾ ਗਿਆ ਤੇ ਗੁਰੂ ਇਤਹਾਸ ਨਾਲ ਜੋੜਿਆ ਗਿਆ।
ਹਲਕਾ ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਚੰਨੀ ਨੇ ਇਸ ਮੌਕੇ ਵਿਸ਼ੇਸ਼ ਤੌਰ ਤੇ ਗੁਰੂ ਚਰਨਾਂ ਵਿੱਚ ਹਾਜ਼ਰੀ ਲਗਵਾਉਣ ਮੌਕੇ ਆਖਿਆ ਕਿ ਪਿੰਡ ਦੁੱਗਰੀ ਦੀ ਇਹ ਬਹੁਤ ਹੀ ਪਵਿੱਤਰ ਧਰਤੀ ਹੈ ਜੋ ਕਿ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਹੈ। ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਨਾਲ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਧਾਰਮਿਕ ਅਜ਼ਾਦੀ, ਨਿਆ ਤੇ ਮਨੁੱਖੀ ਅਧਿਕਾਰਾਂ ਲਈ ਦਿੱਤੇ ਗਏ ਸਰਵਉੱਚ ਬਲੀਦਾਨ ਵਜੋਂ ਯਾਦ ਕੀਤਾ।
ਉਨ੍ਹਾਂ ਆਖਿਆ ਕਿ ਧੰਨਵਾਦ ਹੈ ਗੁਰੂ ਸਹਿਬਾਨ ਦਾ, ਜਿਨ੍ਹਾਂ ਨੇ ਸਮੁੱਚੀ ਲੋਕਾਈ ਨੂੰ ਅਨਿਆ ਵਿਰੁੱਧ ਲੜਨ ਅਤੇ ਸੱਚ ‘ਤੇ ਖੜਨ ਦਾ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਬਾਬਰ ਦੇ ਜ਼ੁਲਮਾਂ ਦਾ ਵਿਰੋਧ ਕਰਦਿਆਂ ਗੁਰੂ ਨਾਨਕ ਦੇਵ ਜੀ ਨੇ ਉਸਨੂੰ ਜਾਬਰ ਆਖ ਕੇ ਇਸ ਲੋਕਾਈ ਦੇ ਸਵੈਮਾਣ ਨੂੰ ਕਾਇਮ ਰੱਖਿਆ। ਫਿਰ ਗੁਰੂ ਅਰਜੁਨ ਦੇਵ ਜੀ ਅਤੇ ਫਿਰ ਗੁਰੂ ਤੇਗ ਬਹਾਦਰ ਜੀ ਨੇ ਲੋਕਾਂ ਦੀ ਧਾਰਮਿਕ ਅਜ਼ਾਦੀ ਦੀ ਰੱਖਿਆ ਅਤੇ ਸਮੇਂ ਦੀਆਂ ਜਾਬਰ ਹਕੂਮਤਾਂ ਨੂੰ ਸਖ਼ਤ ਸੁਨੇਹਾ ਦਿੰਦਿਆਂ ਇਸ ਰਸਤੇ ਨੂੰ ਚੁਣਿਆ। ਪੰਡਿਤ ਕਿਰਪਾ ਰਾਮ ਦੀ ਅਗਵਾਈ ਚ ਆਏ ਕਸ਼ਮੀਰੀ ਪੰਡਿਤਾਂ ਪਾਸੋਂ ਮੁਗ਼ਲ ਹਕੂਮਤ ਦੇ ਜ਼ੁਲਮਾਂ ਦੀ ਵਿਅਥਾ ਸੁਣ, ਗੁਰੂ ਤੇਗ ਬਹਾਦਰ ਸਾਹਿਬ ਨੇ ਦਿੱਲੀ ਦੇ ਚਾਂਦਨੀ ਚੌਂਕ ਚ ਆਪਣਾ ਸੀਸ ਦਿੱਤਾ ਉੱਥੇ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਨੇ ਵੀ ਸ਼ਹੀਦੀ ਪਾਈ।
ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਬਾਅਦ ਪੰਡਿਤ ਕਿਰਪਾ ਰਾਮ ਜੀ ਨੇ ਸਿੱਖੀ ਧਾਰਨ ਕੀਤੀ। ਚਮਕੌਰ ਸਾਹਿਬ ਦੀ ਗੜ੍ਹੀ ਚ ਸ਼ਹਾਦਤ ਪ੍ਰਾਪਤ ਕੀਤੀ।
ਉਨ੍ਹਾਂ ਸਿੱਖ ਧਰਮ ਦੀ ਦਿਨੋ-ਦਿਨ ਅਲੋਪ ਹੋ ਰਹੀ ਪਹਿਚਾਣ ਤੇ ਚਿੰਤਾ ਪ੍ਰਗਟਾਈ ਤੇ ਕਿਹਾ ਕਿ ਗੁਰੂ ਸਹਿਬਾਨ ਵੱਲੋਂ ਘਾਲਣਾਵਾਂ ਅਤੇ ਕੁਰਬਾਨੀਆਂ ਦੇ ਕੇ ਚਲਾਏ ਇਸ ਨਿਵੇਕਲੇ ਧਰਮ ਦੀ ਨਿਆਰੀ ਪਹਿਚਾਣ, ਪੱਗ ਅਤੇ ਕੇਸ ਨੂੰ ਬਚਾਉਣ ਲਈ ਮਾਪਿਆਂ ਨੂੰ ਗੰਭੀਰ ਹੋਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਜੇਕਰ ਪੱਗ ਅਤੇ ਕੇਸ ਹੀ ਨਾ ਰਹੇ ਤਾਂ ਸਾਡੀ ਹੌਂਦ ਅਤੇ ਪਛਾਣ ਨੂੰ ਵੱਡਾ ਖ਼ਤਰਾ ਖੜ੍ਹਾ ਹੋ ਜਾਵੇਗਾ। ਉਨ੍ਹਾਂ ਮਾਲਵੇ ਦੇ ਕਈ ਜ਼ਿਲ੍ਹਿਆਂ ਵਿੱਚ ਹਿੰਦੂ ਪਰਿਵਾਰਾਂ ਚ ਪਗੜੀ ਸਜਾਉਣ ਦੀ ਰਵਾਇਤ ਦੀ ਉਦਾਹਰਣ ਵੀ ਦਿੱਤੀ। ਉਨ੍ਹਾਂ ਆਖਿਆ ਕਿ ਸਾਡੇ ਬੱਚਿਆਂ ਨੂੰ ਸਿੱਖ ਧਰਮ ਦੇ ਗੌਰਵਮਈ ਇਤਿਹਾਸ ਨਾਲ ਜੋੜਨ ਦੀ ਲੋੜ ਹੈ।
ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਸਾਹਿਬ ਦੀ ਕਿਰਪਾ ਨਾਲ ਇਸ ਸਾਲ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਸੂਬੇ ਵਿੱਚ ਅਜਿਹੇ ਸਮਾਗਮ ਉਲੀਕੇ ਹਨ।
ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਵੱਲੋਂ 50 ਲੱਖ ਰੁਪਏ ਦਿੱਤੇ ਜਾਣਗੇ, ਜਿਸ ਦੇ ਵਿੱਚੋਂ 20 ਲੱਖ ਰੁਪਏ ਦੀ ਰਾਸ਼ੀ ਤਾਂ ਜਾਰੀ ਵੀ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਐਮਪੀ ਫੰਡ ਵਿੱਚੋਂ ਵੀ ਪਿੰਡ ਦੇ ਨੌਜ਼ਵਾਨਾਂ ਲਈ ਖੇਡ ਮੈਦਾਨ ਤੇ ਜ਼ਿੰਮ ਮੁਹੱਈਆ ਕਰਵਾਈਆਂ ਜਾਣਗੀਆਂ।
ਉਨ੍ਹਾਂ ਆਖਿਆ ਕਿ ਇਹ ਸਮਾਗਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਬਲੀਦਾਨ, ਸਿੱਖ ਧਰਮ ਦੇ ਤਿਆਗ ਅਤੇ ਅਸੂਲਾਂ ਅਤੇ ਮਨੁੱਖੀ ਕਦਰਾਂ ਕੀਮਤਾਂ ਪ੍ਰਤੀ ਸ਼ਰਧਾ ਦਾ ਪ੍ਰਤੀਕ ਹੈ ਜਿਸ ਨੂੰ ਜਿੰਨਾ ਸਿਜਦਾ ਕੀਤਾ ਜਾਵੇ ਥੋੜ੍ਹਾ ਹੈ। ਉਨ੍ਹਾਂ ਇਸ ਮੌਕੇ ਰਾਗੀ ਅਤੇ ਢਾਡੀ ਜੱਥੇ ਨੂੰ ਸਿਰੋਪਾਓ ਭੇਂਟ ਵੀ ਕੀਤੇ।
ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਸੰਤ ਮਹਾਂਪੁਰਖ ਤੇ ਵੱਡੀ ਗਿਣਤੀ ਵਿੱਚ ਇਲਾਕੇ ਦੀ ਸੰਗਤ ਨੇ ਇਨ੍ਹਾਂ ਕੀਰਤਨ ਸਮਾਗਮਾਂ ਦੌਰਾਨ ਨਾਮਬਾਣੀ ਦਾ ਲਾਹਾ ਲਿਆ।