Arth Parkash : Latest Hindi News, News in Hindi
ਲਾਜਵੰਤੀ ਸਟੇਡੀਅਮ ਵਿਖੇ ਅੱਜ ਸ਼ਾਮ ਹੋਵੇਗਾ ਵਿਲੱਖਣ ਲਾਈਟ ਐਂਡ ਸਾਊਂਡ ਸ਼ੋਅ - ਤਿਆਰੀਆਂ ਮੁਕੰਮਲ ਲਾਜਵੰਤੀ ਸਟੇਡੀਅਮ ਵਿਖੇ ਅੱਜ ਸ਼ਾਮ ਹੋਵੇਗਾ ਵਿਲੱਖਣ ਲਾਈਟ ਐਂਡ ਸਾਊਂਡ ਸ਼ੋਅ - ਤਿਆਰੀਆਂ ਮੁਕੰਮਲ
Thursday, 06 Nov 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

--ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ---

ਲਾਜਵੰਤੀ ਸਟੇਡੀਅਮ ਵਿਖੇ ਅੱਜ ਸ਼ਾਮ ਹੋਵੇਗਾ ਵਿਲੱਖਣ ਲਾਈਟ ਐਂਡ ਸਾਊਂਡ ਸ਼ੋਅ - ਤਿਆਰੀਆਂ ਮੁਕੰਮਲ

-ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਕੀਤਾ ਜਾਵੇਗਾ ਰੂਪਮਾਨ

-ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦਾ ਦਿੱਤਾ ਨਿੱਘਾ ਸੱਦਾ

ਹੁਸ਼ਿਆਰਪੁਰ, 7 ਨਵੰਬਰ :
     ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ 8 ਨਵੰਬਰ ਨੂੰ ਸ਼ਾਮ 5 ਵਜੇ ਲਾਜਵੰਤੀ ਬਹੁਮੰਤਵੀ ਸਟੇਡੀਅਮ ਹੁਸ਼ਿਆਰਪੁਰ ਵਿਖੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਵਿਲੱਖਣ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ।
      ਇਹ ਜਾਣਕਾਰੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਸਟੇਡੀਅਮ ਵਿਖੇ ਤਿਆਰੀਆਂ ਨੂੰ ਦਿੱਤੀਆਂ ਜਾ ਰਹੀਆਂ ਅੰਤਿਮ ਛੋਹਾਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ 45 ਮਿੰਟ ਦੇ ਇਸ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸ਼ਾਨਦਾਰ ਪੇਸ਼ਕਾਰੀ ਨਾਲ ਸੰਗਤਾਂ ਨੂੰ ਅਨੋਖਾ ਅਨੁਭਵ ਹੋਵੇਗਾ, ਜੋ ਗੁਰੂ ਸਾਹਿਬ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫਲਸਫ਼ੇ ਨੂੰ ਸੁੰਦਰਤਾ ਨਾਲ ਦਰਸਾਵੇਗੀ।
   ਉਨ੍ਹਾਂ ਕਿਹਾ ਕਿ ਇਹ ਸ਼ੋਅ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਾਨਵਤਾ ਅਤੇ ਦਇਆ ਦੇ ਸੰਦੇਸ਼ ਨੂੰ ਸੱਚੀ ਸ਼ਰਧਾਂਜ਼ਲੀ ਹੋਵੇਗੀ। ਉਨ੍ਹਾਂ ਕਿਹਾ ਕਿ 8 ਨਵੰਬਰ ਨੂੰ ਸ਼ਾਮ 5 ਵਜੇ ਸ਼ੋਅ ਲਈ ਦਾਖ਼ਲਾ ਸ਼ੁਰੂ ਹੋਵੇਗਾ ਅਤੇ ਕੋਈ ਵੀ ਬਿਨਾਂ ਕਿਸੇ ਪਾਸ ਤੋਂ ਸ਼ੋਅ ਵਿਚ ਸ਼ਾਮਿਲ ਹੋ ਸਕਦਾ ਹੈ ਅਤੇ ਹਰੇਕ ਲਈ ਖੁੱਲ੍ਹਾ ਦਾਖ਼ਲਾ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਲਾਈਟ ਐਂਡ ਸਾਊਂਡ ਸ਼ੋਅ ਵਿਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ।
      ਉਨ੍ਹਾਂ ਦੱਸਿਆ ਕਿ ਇਸ ਮੈਗਾ ਈਵੈਂਟ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ, ਤਾਂ ਜੋ ਸੰਗਤਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਕਰਯੋਗ ਹੈ ਕਿ ਇਹ ਲਾਈਟ ਐਂਡ ਸਾਊਂਡ ਸ਼ੋਅ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਪੰਜਾਬ ਦੀ ਟੀਮ ਵੱਲੋਂ ਪੇਸ਼ ਕੀਤਾ ਜਾ ਰਿਹਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਆਰ.ਟੀ.ਓ ਅਮਨਦੀਪ ਕੌਰ ਘੁੰਮਣ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਫੋਟੋ ਕੈਪਸ਼ਨ :
      -ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਸਹਾਇਕ ਕਮਿਸ਼ਨਰ ਓਇਸ਼ੀ ਮੰਡਲ ਤੇ ਹੋਰ।