
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ
*ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਮਹਾਨ ਜੀਵਨ ਅਤੇ ਫਲਸਫ਼ਾ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ-ਅਰਵਿੰਦ ਕੇਜਰੀਵਾਲ*
*ਲੋਕਾਂ ਨੂੰ ਨੌਵੇਂ ਸਿੱਖ ਗੁਰੂ ਸਾਹਿਬ ਜੀ ਦੇ ਪਿਆਰ, ਧਰਮ ਨਿਰਪੱਖਤਾ, ਸਹਿਣਸ਼ੀਲਤਾ, ਧਾਰਮਿਕ ਆਜ਼ਾਦੀ ਅਤੇ ਸ਼ਾਂਤੀਪੂਰਨ ਸਹਿ-ਹੋਂਦ ਦੇ ਸੰਦੇਸ਼ ਦੀ ਪਾਲਣਾ ਕਰਨ ਦਾ ਸੱਦਾ*
*ਅਸੀਂ ਭਾਗਾਂ ਵਾਲੇ ਹਾਂ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਯਾਦਗਾਰੀ ਸਮਾਗਮ ਕਰਵਾਉਣ ਦੀ ਬਖਸ਼ਿਸ਼ ਹੋਈ-ਮੁੱਖ ਮੰਤਰੀ*
ਸ੍ਰੀਨਗਰ (ਜੰਮੂ-ਕਸ਼ਮੀਰ), 18 ਨਵੰਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਇੱਥੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਸਿੱਖ ਸੰਗਤ ਨਾਲ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗਏ ਕੀਰਤਨ ਦਰਬਾਰ ਵਿੱਚ ਸ਼ਾਮਲ ਹੋਏ।
ਇਕੱਠ ਨੂੰ ਸੰਬੋਧਨ ਕਰਦਿਆਂ, 'ਆਪ' ਦੇ ਰਾਸ਼ਟਰੀ ਕਨਵੀਨਰ ਨੇ ਲੋਕਾਂ ਨੂੰ ਗੁਰੂ ਜੀ ਦੇ ਪਿਆਰ, ਧਰਮ ਨਿਰਪੱਖਤਾ, ਸਹਿਣਸ਼ੀਲਤਾ, ਧਰਮ ਮੰਨਣ ਦੀ ਆਜ਼ਾਦੀ ਅਤੇ ਸ਼ਾਂਤੀਪੂਰਨ ਸਹਿ-ਹੋਂਦ ਦੇ ਵਿਸ਼ਵਵਿਆਪੀ ਸੰਦੇਸ਼ ਦੀ ਪਾਲਣਾ ਕਰਨ ਦਾ ਸੱਦਾ ਦਿੱਤਾ। ਇਸ ਨੂੰ ਮਨੁੱਖਤਾ ਅਤੇ ਧਾਰਮਿਕ ਆਜ਼ਾਦੀ ਲਈ ਗੁਰੂ ਸਾਹਿਬ ਦੇ ਸਰਵਉੱਚ ਬਲਿਦਾਨ ਦੇ ਸੰਦੇਸ਼ ਨੂੰ ਫੈਲਾਉਣ ਦਾ ਸਾਰਥਕ ਮੌਕਾ ਕਰਾਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਨੌਵੇਂ ਗੁਰੂ ਸਾਹਿਬ ਦਾ ਜੀਵਨ ਅਤੇ ਫਲਸਫ਼ਾ ਦੁਨੀਆ ਲਈ ਚਾਨਣ ਮੁਨਾਰਾ ਬਣਿਆ ਹੋਇਆ ਹੈ। ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਮਹਾਨ ਸਮਾਗਮ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਵਿਸਥਾਰਤ ਪ੍ਰਬੰਧ ਕੀਤੇ ਹਨ।
'ਆਪ' ਦੇ ਰਾਸ਼ਟਰੀ ਕਨਵੀਨਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਮਨੁੱਖਤਾ ਦੇ ਧਾਰਮਿਕ ਹੱਕਾਂ ਦੀ ਰਾਖੀ ਲਈ ਅਦੁੱਤੀ ਸ਼ਹਾਦਤ ਦਿੱਤੀ ਤਾਂ ਜੋ ਦੁਨੀਆ ਲਈ ਮਿਸਾਲ ਕਾਇਮ ਕੀਤੀ ਜਾ ਸਕੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਦਿੱਲੀ ਵਿੱਚ ਬਲਿਦਾਨ ਦਿੱਤਾ, ਜੋ ਕਿ ਵਿਸ਼ਵ ਦੇ ਇਤਿਹਾਸ ਵਿੱਚ ਬੇਮਿਸਾਲ ਹੈ।
'ਆਪ' ਦੇ ਰਾਸ਼ਟਰੀ ਕਨਵੀਨਰ ਨੇ ਕਿਹਾ ਕਿ ਨੌਵੇਂ ਸਿੱਖ ਗੁਰੂ ਜੀ ਧਰਮ ਨਿਰਪੱਖਤਾ, ਏਕਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਦੇ ਸੱਚੇ ਪ੍ਰਤੀਕ ਸਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਅਤੇ ਦਰਸ਼ਨ ਸਾਰੀ ਮਨੁੱਖਤਾ ਲਈ ਮਾਰਗ ਦਰਸ਼ਨ ਕਰਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ, ਸ਼ਹਾਦਤ ਅਤੇ ਮਨੁੱਖਤਾ ਦੇ ਸਦੀਵੀ ਸੰਦੇਸ਼ ਬਾਰੇ ਜਾਗਰੂਕ ਕਰਨਾ ਹੈ ਜੋ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਦਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਨੇ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਆਪਣੀ ਆਵਾਜ਼ ਬੁਲੰਦ ਕੀਤੀ ਅਤੇ 1675 ਵਿੱਚ ਦਿੱਲੀ ਦੇ ਚਾਂਦਨੀ ਚੌਕ ਵਿਖੇ ਸ਼ਹੀਦ ਹੋ ਗਏ।
'ਆਪ' ਦੇ ਰਾਸ਼ਟਰੀ ਕਨਵੀਨਰ ਨੇ ਕਿਹਾ ਕਿ ਕਸ਼ਮੀਰ ਦੇ ਪੰਡਿਤ, ਆਪਣੇ ਧਰਮ ਦੀ ਰੱਖਿਆ ਖਾਤਰ ਮਦਦ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਕੋਲ ਆਏ ਸਨ। ਉਨ੍ਹਾਂ ਕਿਹਾ ਕਿ ਉਸ ਮੌਕੇ ਦੇ ਹਾਕਮਾਂ ਵੱਲੋਂ ਕਈ ਪੇਸ਼ਕਸ਼ਾਂ ਦੇ ਬਾਵਜੂਦ ਗੁਰੂ ਜੀ ਨੇ ਜ਼ੁਲਮ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ ਅਤੇ ਧਰਮ ਦੀ ਆਜ਼ਾਦੀ ਦੀ ਰੱਖਿਆ ਲਈ ਸ਼ਹਾਦਤ ਦਾ ਰਸਤਾ ਚੁਣਿਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਦੁਨੀਆ ਭਰ ਵਿੱਚ ਪਹਿਲੇ ਸ਼ਹੀਦ ਵਜੋਂ ਯਾਦ ਕੀਤਾ ਜਾਂਦਾ ਹੈ ਜਿਨ੍ਹਾਂ ਨੇ ਮਨੁੱਖੀ ਅਧਿਕਾਰਾਂ ਦੀ ਖ਼ਾਤਰ ਜੀਵਨ ਕੁਰਬਾਨ ਕਰ ਦਿੱਤਾ।
'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਵਿਸ਼ਵ ਇਤਿਹਾਸ ਦੇ ਪੰਨੇ ਤਪੱਸਿਆ, ਸੰਜਮ, ਬਹਾਦਰੀ, ਕੁਰਬਾਨੀ ਅਤੇ ਸੇਵਾ ਦੇ ਕਿੱਸਿਆਂ ਨਾਲ ਭਰੇ ਹੋਏ ਹਨ, ਪਰ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਕੁਰਬਾਨੀ ਨੇ ਮਨੁੱਖੀ ਇਤਿਹਾਸ ਵਿੱਚ ਇੱਕ ਨਵਾਂ ਅਤੇ ਲਾਮਿਸਾਲ ਅਧਿਆਇ ਲਿਖਿਆ ਹੈ। ਉਨ੍ਹਾਂ ਕਿਹਾ ਕਿ ਸ਼ਾਸਕਾਂ ਅਤੇ ਉਨ੍ਹਾਂ ਦੇ ਅੱਤਿਆਚਾਰ ਅੱਗੇ ਝੁਕਣ ਦੀ ਬਜਾਏ ਗੁਰੂ ਜੀ ਨੇ ਆਪਣੀ ਲਾਸਾਨੀ ਸ਼ਹਾਦਤ ਨਾਲ ਹਕੂਮਤ ਦੀਆਂ ਜੜ੍ਹਾਂ ਨੂੰ ਹਿਲਾ ਕੇ ਰੱਖ ਦਿੱਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਤੋਂ ਪਹਿਲਾਂ ਗੁਰੂ ਸਾਹਿਬ ਜੀ ਦੇ ਦਾਦਾ ਜੀ, ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਵੀ ਮਨੁੱਖਤਾ ਦੀ ਭਲਾਈ ਅਤੇ ਧਰਮ ਲਈ ਜੀਵਨ ਕੁਰਬਾਨ ਕਰ ਦਿੱਤਾ।
ਇਸ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਹੱਕ-ਸੱਚ ਤੇ ਧਰਮ ਦੀ ਰਾਖੀ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਕੁਰਬਾਨੀ ਨੇ ਭਾਰਤ ਦੇ ਇਤਿਹਾਸ ਨੂੰ ਇੱਕ ਨਵਾਂ ਮੋੜ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਸਿੱਖ ਧਰਮ ਵਿੱਚ ਅਟੁੱਟ ਸ਼ਰਧਾ ਤੇ ਵਿਸ਼ਵਾਸ ਰੱਖਣ ਵਾਲੇ ਪੰਡਿਤ ਕਿਰਪਾ ਰਾਮ ਜੀ ਨੂੰ ਸ਼ਰਧਾਂਜਲੀ ਅਤੇ ਡੂੰਘਾ ਸਤਿਕਾਰ ਭੇਟ ਕਰਦੇ ਹਾਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਡਿਤ ਕਿਰਪਾ ਰਾਮ ਜੀ ਸ੍ਰੀਨਗਰ ਤੋਂ ਲਗਭਗ 65 ਕਿਲੋਮੀਟਰ ਦੂਰ ਸਥਿਤ ਮੱਟਨ ਕਸਬੇ ਦੇ ਵਸਨੀਕ ਸਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਕਸ਼ਮੀਰੀ ਪੰਡਤਾਂ ਨੇ ਆਪਣੇ ਧਰਮ ਦੀ ਰਾਖੀ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਕੋਲ ਮਦਦ ਦੀ ਗੁਹਾਰ ਲਾਈ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਕਸ਼ਮੀਰੀ ਪੰਡਿਤ ਵੀ ਸ੍ਰੀਨਗਰ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਵਿੱਚ ਸ਼ਾਮਲ ਹੋਣਗੇ, ਜੋ ਕਿ ਭਾਈਚਾਰਕ ਸਾਂਝ ਅਤੇ ਆਪਸੀ ਸਦਭਾਵਨਾ ਦਾ ਖੂਬਸੂਰਤ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀਆਂ ਕੁਰਬਾਨੀਆਂ ਨਿੱਜੀ ਹਿੱਤ ਲਈ ਨਹੀਂ, ਸਗੋਂ ਸਮੁੱਚੀ ਮਾਨਵਤਾ ਦੀ ਭਲਾਈ ਅਤੇ ਸੱਚਾਈ ਤੇ ਨਿਆਂ ਲਈ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਤੋਂ 24 ਸਾਲ ਬਾਅਦ, 1699 ਵਿੱਚ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਖਾਲਸੇ ਦਾ ਜਨਮ ਹੋਇਆ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਧਾਰਿਮਕ ਕਦਰਾਂ-ਕੀਮਤਾਂ ਦੀ ਰਾਖੀ ਅਤੇ ਸਨਮਾਨ ਲਈ ਆਪਣਾ ਪੂਰਾ ਸਰਬੰਸ ਵਾਰ ਦਿੱਤਾ, ਜਿਸਦੀ ਮਿਸਾਲ ਵਿਸ਼ਵ ਦੇ ਇਤਿਹਾਸ ਵਿੱਚ ਹੋਰ ਕਿਤੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਜ਼ੁਲਮ, ਅੱਤਿਆਚਾਰ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਤੇ ਡਟ ਕੇ ਖੜ੍ਹਨ ਦੀ ਗੁੜ੍ਹਤੀ ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ਼ ਬਹਾਦਰ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਵਿਰਾਸਤ ਵਿੱਚ ਮਿਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਲਿਦਾਨ ਦੀ ਭਾਵਨਾ ਸਾਡੇ ਖੂਨ ਵਿੱਚ ਹੈ ਅਤੇ ਪੰਜਾਬੀ ਆਪਣੀ ਸ਼ਾਨਦਾਰ ਵਿਰਾਸਤ 'ਤੇ ਮਾਣ ਕਰਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਮੌਕੇ ਨੂੰ ਮਨਾਉਣ ਦਾ ਉਦੇਸ਼ ਨੌਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਫ਼ਲਸਫ਼ੇ ਦਾ ਦੁਨੀਆਂ ਭਰ ਵਿੱਚ ਵੱਧ ਤੋਂ ਵੱਧ ਪਾਸਾਰ ਕਰਨਾ ਹੈ ਤਾਂ ਜੋ ਗੁਰੂ ਜੀ ਦੇ ਸ਼ਾਂਤੀ, ਸਦਭਾਵਨਾ ਅਤੇ ਧਰਮ ਨਿਰਪੱਖਤਾ ਦੇ ਆਦਰਸ਼ਾਂ ਨੂੰ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜੋ ਕੌਮਾਂ ਆਪਣੇ ਸ਼ਾਨਦਾਰ ਵਿਰਸੇ ਨੂੰ ਭੁੱਲ ਜਾਂਦੀਆਂ ਹਨ, ਉਹ ਇਤਿਹਾਸ ਦੇ ਪੰਨਿਆਂ ਤੋਂ ਜਲਦ ਮਿਟ ਜਾਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੋ ਕੌਮਾਂ ਆਪਣੀ ਵਿਰਾਸਤ ਤੋਂ ਪ੍ਰੇਰਨਾ ਲੈ ਕੇ ਸ਼ਹੀਦਾਂ ਦੁਆਰਾ ਦਿਖਾਏ ਮਾਰਗ ‘ਤੇ ਚਲਦੀਆਂ ਹਨ, ਉਹ ਹਨੇਰੇ ਵਿੱਚ ਵੀ ਉਮੀਦ ਦੀਆਂ ਰੌਸ਼ਨੀ ਲੱਭ ਲੈਂਦੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਨੌਵੇਂ ਸਿੱਖ ਗੁਰੂ ਏਕਤਾ ਅਤੇ ਧਰਮ ਦੀ ਆਜ਼ਾਦੀ ਦੇ ਸਮਰਥਕ ਸਨ ਅਤੇ ਉਨ੍ਹਾਂ ਦਾ ਜੀਵਨ ਤੇ ਸਿੱਖਿਆਵਾਂ ਸਾਰੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸ਼ਹੀਦੀ ਦਿਵਸ ਨੂੰ ਮਨਾਉਣ ਲਈ, ਪੰਜਾਬ ਸਰਕਾਰ ਨੇ ਸੂਬੇ ਦੇ ਅੰਦਰ ਅਤੇ ਬਾਹਰ ਲੜੀਵਾਰ ਸਮਾਗਮਾਂ ਦੀ ਯੋਜਨਾ ਉਲੀਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਗੁਰੂ ਜੀ ਦੇ ਜੀਵਨ, ਫ਼ਲਸਫ਼ੇ ਅਤੇ ਧਾਰਮਿਕ ਆਜ਼ਾਦੀ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਉਨ੍ਹਾਂ ਦੀ ਕੁਰਬਾਨੀ ਨੂੰ ਸਦੀਵੀਂ ਰੂਪ ਵਿੱਚ ਰੱਖਣ ਲਈ ਵਚਨਬੱਧ ਹੈ।