Arth Parkash : Latest Hindi News, News in Hindi
ਮੁੱਖ ਮੰਤਰੀ ਵੱਲੋਂ 30,000 ਤੋਂ ਵੱਧ ਪਰਿਵਾਰਾਂ ਨੂੰ 377 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਦੀ ਪ੍ਰਕਿਰਿਆ ਸ਼ੁਰੂ ਮੁੱਖ ਮੰਤਰੀ ਵੱਲੋਂ 30,000 ਤੋਂ ਵੱਧ ਪਰਿਵਾਰਾਂ ਨੂੰ 377 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਦੀ ਪ੍ਰਕਿਰਿਆ ਸ਼ੁਰੂ
Tuesday, 25 Nov 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਮੁੱਖ ਮੰਤਰੀ ਦਫ਼ਤਰ, ਪੰਜਾਬ
 
ਮੁੱਖ ਮੰਤਰੀ ਵੱਲੋਂ 30,000 ਤੋਂ ਵੱਧ ਪਰਿਵਾਰਾਂ ਨੂੰ 377 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਦੀ ਪ੍ਰਕਿਰਿਆ ਸ਼ੁਰੂ
 
* ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਦੀ ਕੀਤੀ ਕਰੜੀ ਨਿਖੇਧੀ
* ਕਿਹਾ, ਸੂਬੇ ਨੂੰ ਹੜ੍ਹ ਰਾਹਤ ਪੈਕੇਜ ਨਾ ਦੇਣਾ ਹੜ੍ਹ ਪ੍ਰਭਾਵਿਤ ਪੰਜਾਬੀਆਂ ਨਾਲ ਕੇਂਦਰ ਦਾ ਇੱਕ ਹੋਰ 'ਜੁਮਲਾ'
* ਸੂਬੇ ਦੇ ਹਿੱਤਾਂ ਦੀ ਰਾਖੀ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ


ਡੇਰਾ ਬਾਬਾ ਨਾਨਕ, 26 ਨਵੰਬਰ:

ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ 30,000 ਤੋਂ ਵੱਧ ਪਰਿਵਾਰਾਂ ਜਿਨ੍ਹਾਂ ਦੇ ਘਰ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਨੁਕਸਾਨੇ ਗਏ ਸਨ, ਨੂੰ ਮੁਆਵਜ਼ਾ ਵੰਡਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਿਆਨਕ ਹੜ੍ਹਾਂ ਕਾਰਨ ਪੰਜਾਬ ਦੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਦਾ ਦਰਦ ਬਿਆਨ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਆਪਣੇ ਦੌਰਿਆਂ ਦੌਰਾਨ ਉਨ੍ਹਾਂ ਨੇ ਨਿੱਜੀ ਤੌਰ 'ਤੇ ਲੋਕਾਂ ਦਾ ਦੁੱਖ ਸੁਣਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਹਰ ਪ੍ਰਭਾਵਿਤ ਪਰਿਵਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।

ਮੁੱਖ ਮੰਤਰੀ ਨੇ ਪੰਜਾਬ ਅਤੇ ਹੋਰ ਸੂਬਿਆਂ ਦੇ ਸਮਾਜਿਕ ਅਤੇ ਧਾਰਮਿਕ ਸੰਗਠਨਾਂ ਅਤੇ ਵਲੰਟੀਅਰਾਂ ਵੱਲੋਂ ਇਸ ਆਫ਼ਤ ਦੌਰਾਨ ਨਿਰਸਵਾਰਥ ਸੇਵਾ ਲਈ ਕੀਤੇ ਅਣਥੱਕ ਯਤਨਾਂ ਦੀ ਵੀ ਸ਼ਲਾਘਾ ਕੀਤੀ। ਪੰਜਾਬੀਆਂ ਦੇ ਜੁਝਾਰੂ ਜਜ਼ਬੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਨੇ ਇੱਕ ਵਾਰ ਫਿਰ ਮੁਸੀਬਤ ਵਿੱਚੋਂ ਨਿਕਲਣ ਦੇ ਆਪਣੇ ਬੇਮਿਸਾਲ ਜਜ਼ਬੇ ਦਾ ਪ੍ਰਦਰਸ਼ਨ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਔਖੇ ਸਮੇਂ ਵਿੱਚ ਆਪਣੇ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਅਤੇ ਉਨ੍ਹਾਂ ਦੀ ਸਰਕਾਰ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੜ੍ਹਾਂ ਦੌਰਾਨ ਕਿਸਾਨਾਂ ਨੂੰ ਹੋਏ ਫਸਲੀ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ੇ ਦੀ ਅਦਾਇਗੀ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੀ ਕਿਸੇ ਵੀ ਸਰਕਾਰ ਵੱਲੋਂ ਦਿੱਤਾ ਗਿਆ ਸਭ ਤੋਂ ਵੱਧ ਫਸਲੀ ਮੁਆਵਜ਼ਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਘਰਾਂ ਦੇ ਨੁਕਸਾਨ ਲਈ ਇੱਕ ਵਿਆਪਕ ਪੁਨਰਵਾਸ ਪੈਕੇਜ ਵੀ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਪ੍ਰਭਾਵਿਤ ਪਰਿਵਾਰਾਂ ਨੂੰ ਪੂਰੀ ਤਰ੍ਹਾਂ ਨੁਕਸਾਨੇ ਗਏ ਘਰ ਲਈ 1.20 ਲੱਖ ਰੁਪਏ ਦਿੱਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਹੜ੍ਹਾਂ ਦੌਰਾਨ ਸੂਬੇ ਭਰ ਵਿੱਚ ਨੁਕਸਾਨੇ ਗਏ ਲਗਪਗ 30,000 ਘਰਾਂ ਵਿੱਚੋਂ 8,056 ਘਰ ਇਕੱਲੇ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪ੍ਰਭਾਵਿਤ ਪਰਿਵਾਰਾਂ ਨੂੰ 377 ਕਰੋੜ ਰੁਪਏ ਦਾ ਮੁਆਵਜ਼ਾ ਵੰਡਿਆ ਜਾ ਰਿਹਾ ਹੈ ਤਾਂ ਜੋ ਉਹ ਆਪਣੇ ਘਰ ਦੁਬਾਰਾ ਬਣਾ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਘਰ ਦੀ ਮੁੜ ਉਸਾਰੀ ਲਈ ਹਰੇਕ ਯੋਗ ਪਰਿਵਾਰ ਨੂੰ ਪਹਿਲੀ ਕਿਸ਼ਤ ਵਜੋਂ 70,000 ਰੁਪਏ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ, ਜਦੋਂ ਕਿ ਬਾਕੀ ਰਾਸ਼ੀ ਦੋ ਵਾਧੂ ਕਿਸ਼ਤਾਂ ਵਿੱਚ ਵੰਡੀ ਜਾ ਰਹੀ ਹੈ ਤਾਂ ਜੋ ਉਸਾਰੀ ਦਾ ਕੰਮ ਸੁਚਾਰੂ ਢੰਗ ਨਾਲ ਅੱਗੇ ਵਧ ਸਕੇ। ਪੁਨਰ ਨਿਰਮਾਣ ਸਬੰਧੀ ਹੋਰ ਸਹਾਇਤਾ ਪ੍ਰਦਾਨ ਕਰਨ ਲਈ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਨੁਕਸਾਨੇ ਗਏ ਘਰਾਂ ਦੀ ਮੁੜ ਉਸਾਰੀ ਦਾ ਕੰਮ ਮਗਨਰੇਗਾ ਅਧੀਨ ਲਿਆ ਗਿਆ ਹੈ, ਜਿਸ ਨਾਲ ਲਾਭਪਾਤਰੀਆਂ ਨੂੰ ਆਪਣੇ ਘਰ ਬਣਾਉਣ ਲਈ 90 ਦਿਨਾਂ ਦਾ ਕੰਮ ਮਿਲੇਗਾ।

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਹ 90 ਦਿਨਾਂ ਦਾ ਰੋਜ਼ਗਾਰ ਪੂਰੀ ਤਰ੍ਹਾਂ ਨੁਕਸਾਨੇ ਗਏ ਹਰੇਕ ਘਰ ਲਈ ਦਿੱਤੀ ਜਾਂਦੀ 1.20 ਲੱਖ ਰੁਪਏ ਦੀ ਗ੍ਰਾਂਟ ਤੋਂ ਵੱਖਰਾ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲ ਨਾਲ ਪ੍ਰਭਾਵਿਤ ਪਰਿਵਾਰਾਂ ਲਈ ਵਿੱਤੀ ਸਹਾਇਤਾ ਦੇ ਨਾਲ ਨਾਲ ਰੋਜ਼ੀ-ਰੋਟੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਹੋਏ ਵਿਆਪਕ ਨੁਕਸਾਨ ਦੇ ਬਾਵਜੂਦ, ਪੰਜਾਬ ਨੇ ਰਾਸ਼ਟਰੀ ਪੂਲ ਵਿੱਚ ਲਗਭਗ 150 ਲੱਖ ਟਨ ਝੋਨਾ ਦਾ ਯੋਗਦਾਨ ਪਾਉਂਦਿਆਂ ਇੱਕ ਵਾਰ ਫਿਰ ਦੇਸ਼ ਦੇ ਅੰਨਦਾਤਾ ਵਜੋਂ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਹੈ।  ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਹੜ੍ਹਾਂ ਕਾਰਨ ਸੂਬੇ ਨੂੰ ਲਗਪਗ 13,500 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਆਪਣੀ ਪੁਰਜ਼ੋਰ ਮੰਗ ਦੁਹਰਾਈ ਕਿ ਕੇਂਦਰ ਸਰਕਾਰ ਜਨਤਕ ਤੌਰ 'ਤੇ ਐਲਾਨੇ 1,600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ਤੁਰੰਤ ਜਾਰੀ ਕਰੇ।

ਮੁੱਖ ਮੰਤਰੀ ਨੇ ਕਿਹਾ ਕਿ ਵਾਅਦਾ ਕੀਤੀ ਗਈ ਸਹਾਇਤਾ ਰਾਸ਼ੀ ਨੂੰ ਰੋਕਣਾ ਕੇਂਦਰ ਵੱਲੋਂ ਲੋਕਾਂ ਨਾਲ ਕੀਤਾ ਇੱਕ ਹੋਰ "ਜੁਮਲਾ" ਹੈ। ਉਨ੍ਹਾਂ ਨੇ ਪੰਜਾਬ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਲਈ ਕੇਂਦਰ ਸਰਕਾਰ ਦੀ ਕੜੀ ਨਿੰਦਿਆ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਦਾ ਪੰਜਾਬ ਵਿਰੋਧੀ ਰੁਖ਼ ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਦੀ ਸਥਿਤੀ ਨੂੰ ਬਦਲਣ ਲਈ ਉਨ੍ਹਾਂ ਵੱਲੋਂ ਚੱਲੀਆਂ ਜਾ ਰਹੀਆਂ ਸੌੜੀਆਂ ਚਾਲਾਂ ਤੋਂ ਸਪੱਸ਼ਟ ਨਜ਼ਰ ਆਉਂਦਾ ਹੈ। ਆਪਣੀ ਸਰਕਾਰ ਦੇ ਮੁੱਖ ਲੋਕ-ਪੱਖੀ ਫੈਸਲਿਆਂ 'ਤੇ ਚਾਨਣਾ ਪਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 17 ਤੋਂ ਵੱਧ ਟੋਲ ਪਲਾਜ਼ਾ ਸਫਲਤਾਪੂਰਵਕ ਬੰਦ ਕਰ ਦਿੱਤੇ ਗਏ ਹਨ, ਜਿਸ ਦੇ ਨਤੀਜੇ ਵਜੋਂ ਆਉਣ-ਜਾਣ ਵਾਲੇ ਲੋਕਾਂ ਨੂੰ ਰੋਜ਼ਾਨਾ ਲਗਪਗ 65 ਲੱਖ ਰੁਪਏ ਦੀ ਬਚਤ ਹੋਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲਗਪਗ ਚਾਰ ਦਹਾਕਿਆਂ ਵਿੱਚ ਪਹਿਲੀ ਵਾਰ ਸੂਬੇ ਦੇ ਦੂਰ-ਦਰਾਡੇ ਵਾਲੇ ਇਲਾਕਿਆਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਤੋਂ ਯੋਗਤਾ ਦੇ ਆਧਾਰ 'ਤੇ 58,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਹੁਣ ਖੇਤੀਬਾੜੀ ਕਾਰਜਾਂ ਲਈ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਗੱਲ 'ਤੇ ਦ੍ਰਿੜ੍ਹ ਵਿਸ਼ਵਾਸ ਰੱਖਦੀ ਹੈ ਕਿ ਸਿੱਖਿਆ ਹੀ ਸਾਰੀਆਂ ਸਮਾਜਿਕ ਅਤੇ ਆਰਥਿਕ ਬੁਰਾਈਆਂ ਦਾ ਹੱਲ ਹੈ। ਇਸ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਦਿਆਰਥੀ ਆਈ.ਆਈ.ਟੀ. ਅਤੇ ਜੇ.ਈ.ਈ. ਵਰਗੀਆਂ ਵੱਕਾਰੀ ਪ੍ਰੀਖਿਆਵਾਂ ਵਿੱਚ ਸਫਲਤਾ ਹਾਸਲ ਕਰ ਰਹੇ ਹਨ, ਜੋ ਕਿ ਸਰਕਾਰੀ ਸੰਸਥਾਵਾਂ ਵਿੱਚ ਦਿੱਤੀ ਰਹੀ ਮਿਆਰੀ ਸਿੱਖਿਆ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਰਫ਼ ਸਿੱਖਿਆ, ਰੋਜ਼ਗਾਰ ਅਤੇ ਸਸ਼ਕਤੀਕਰਨ ਹੀ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਸੁਰੱਖਿਅਤ ਬਣਾ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਨ ਅਤੇ ਨੌਜਵਾਨਾਂ ਨੂੰ ਸਿੱਖਿਆ, ਖੇਡਾਂ ਅਤੇ ਉਸਾਰੂ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਲਈ ਵਚਨਬੱਧ ਹੈ। ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦੇਣ ਦਾ ਐਲਾਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਖੇਤਰ ਵਿੱਚ 23 ਮਾਡਲ ਖੇਡ ਦੇ ਮੈਦਾਨ ਬਣਾਏ ਜਾਣਗੇ ਅਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਕੁੱਲ 194 ਆਧੁਨਿਕ ਖੇਡ ਦੇ ਮੈਦਾਨ ਬਣਾਏ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਅਤਿ-ਆਧੁਨਿਕ ਖੇਡ ਮੈਦਾਨ ਉੱਭਰ ਰਹੇ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨਗੇ ਅਤੇ ਜ਼ਮੀਨੀ ਪੱਧਰ 'ਤੇ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਵਿੱਚ ਮਦਦ ਕਰਨਗੇ। ਔਰਤਾਂ ਦੇ ਸਸ਼ਕਤੀਕਰਨ ਅਤੇ ਉਚੇਰੀ ਸਿੱਖਿਆ ਤੱਕ ਪਹੁੰਚ ਵੱਲ ਅਹਿਮ ਕਦਮ ਚੁੱਕਦਿਆਂ ਉਨ੍ਹਾਂ ਨੇ ਡੇਰਾ ਬਾਬਾ ਨਾਨਕ ਵਿਖੇ ਲੜਕੀਆਂ ਲਈ ਨਵਾਂ ਸਰਕਾਰੀ ਕਾਲਜ ਸਥਾਪਤ ਕਰਨ ਦਾ ਐਲਾਨ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਲਜ ਵਿੱਚ ਕਲਾਸਾਂ ਅਗਲੇ ਅਕਾਦਮਿਕ ਸੈਸ਼ਨ ਤੋਂ ਸ਼ੁਰੂ ਹੋ ਜਾਣਗੀਆਂ ਅਤੇ ਸਾਰੇ ਲੋੜੀਂਦੇ ਬੁਨਿਆਦੀ ਢਾਂਚੇ ਅਤੇ ਫੈਕਲਟੀ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਵੀਂ ਸੰਸਥਾ ਨਾਲ ਡੇਰਾ ਬਾਬਾ ਨਾਨਕ ਅਤੇ ਨੇੜਲੇ ਇਲਾਕਿਆਂ ਦੀਆਂ ਲੜਕੀਆਂ ਆਪਣੇ ਘਰ ਦੇ ਨੇੜੇ ਹੀ ਸੁਰੱਖਿਅਤ ਅਤੇ ਅਨੁਕੂਲ ਮਾਹੌਲ ਵਿੱਚ ਉਚੇਰੀ ਸਿੱਖਿਆ ਪ੍ਰਾਪਤ ਕਰ ਸਕਣਗੀਆਂ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਹਿੱਸਿਆਂ ਵਿੱਚ ਸਥਿਤ ਮੌਜੂਦਾ ਅਨਾਜ ਮੰਡੀ ਅਤੇ ਪਾਵਰ ਗਰਿੱਡ ਨੂੰ ਹੋਰ ਢੁਕਵੀਆਂ ਥਾਵਾਂ 'ਤੇ ਤਬਦੀਲ ਕੀਤਾ ਜਾਵੇਗਾ। ਲੋਕਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਸੰਗਤ ਨੂੰ ਵੱਡੀ ਗਿਣਤੀ ਵਿੱਚ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲੈਂਦਿਆਂ ਅੰਮ੍ਰਿਤਸਰ (ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਵਾਲਡ ਸਿਟੀ), ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ "ਪਵਿੱਤਰ ਸ਼ਹਿਰ" ਐਲਾਨਿਆ ਗਿਆ ਹੈ ਅਤੇ ਇਹਨਾਂ ਸ਼ਹਿਰਾਂ ਵਿੱਚ ਪਵਿੱਤਰਤਾ ਅਤੇ ਵਿਰਾਸਤ ਨੂੰ ਸੁਰੱਖਿਅਤ ਰੱਖਣ ਲਈ ਵਿਸ਼ੇਸ਼ ਉਪਾਅ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਨੰਦਪੁਰ ਸਾਹਿਬ ਵਿਖੇ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਨਹੀਂ ਹੋਏ। ਉਨ੍ਹਾਂ ਅੱਗੇ ਕਿਹਾ ਕਿ ਇਸ ਵਤੀਰੇ ਨਾਲ ਪੰਜਾਬ ਦੀ ਅਮੀਰ ਅਧਿਆਤਮਿਕ ਅਤੇ ਸ਼ਹੀਦੀ ਵਿਰਾਸਤ ਪ੍ਰਤੀ ਉਨ੍ਹਾਂ ਦੇ ਵਿਤਕਰੇ ਵਾਲੇ ਰਵੱਈਏ ਦਾ ਪਰਦਾਫਾਸ਼ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਵੀ ਤਿੱਖਾ ਹਮਲਾ ਕਰਦਿਆਂ ਅਕਾਲੀ ਦਲ ਲੀਡਰਸ਼ਿਪ 'ਤੇ ਸੌੜੇ ਪਰਿਵਾਰਕ ਏਜੰਡੇ 'ਤੇ ਸਿਆਸਤ ਖੇਡਣ ਦਾ ਦੋਸ਼ ਲਗਾਇਆ ਅਤੇ ਚੇਤਾ ਕਰਵਾਇਆ ਕਿ ਉਨ੍ਹਾਂ ਨੇ ਤਰਨ ਤਾਰਨ ਉਪ-ਚੋਣ ਦੌਰਾਨ ਇੱਕ ਕਥਿਤ ਗੈਂਗਸਟਰ ਦੇ ਰਿਸ਼ਤੇਦਾਰ ਨੂੰ ਮੈਦਾਨ ਵਿੱਚ ਉਤਾਰਿਆ ਸੀ।

ਮੁੱਖ ਮੰਤਰੀ ਨੇ ਸਾਫ਼-ਸੁਥਰੀ ਤੇ ਪਾਰਦਰਸ਼ੀ ਸਿਆਸਤ, ਲੋਕ ਭਲਾਈ ਅਤੇ ਕਾਨੂੰਨ-ਵਿਵਸਥਾ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਦੇ ਲੋਕ ਉਨ੍ਹਾਂ ਲੋਕਾਂ ਦੀਆਂ ਪੁਰਾਣੀਆਂ ਸਿਆਸੀ ਚਾਲਾਂ ਤੋਂ ਪੂਰੀ ਤਰ੍ਹਾਂ ਜਾਣੂ ਹਨ ਜਿਨ੍ਹਾਂ ਨੇ ਪਿਛਲੇ ਸਮੇਂ ਵਿੱਚ ਸੂਬੇ ਨੂੰ ਖੂਬ ਲੁੱਟਿਆ ਅਤੇ ਗੁੰਮਰਾਹ ਕੀਤਾ ਸੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਹੁਣ ਉਨ੍ਹਾਂ ਨੀਤੀਆਂ ਨੂੰ ਭਰਵਾਂ ਹੁੰਗਾਰਾ ਦੇ ਰਹੇ ਹਨ ਜੋ ਸਮਾਜ ਦੇ ਹਰ ਵਰਗ ਲਈ ਵਿਕਾਸ, ਨਿਆਂ ਅਤੇ ਸਨਮਾਨ ਨੂੰ ਯਕੀਨੀ ਬਣਾਉਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਦਾ ਏਜੰਡਾ ਸਿਰਫ ਚਾਰ ਮੁੱਖ ਨੁਕਤਿਆਂ "ਮੇਰਾ ਪੁੱਤਰ, ਮੇਰਾ ਭਤੀਜਾ, ਮੇਰਾ ਸਾਲਾ, ਮੇਰਾ ਜੀਜਾ" ਦੁਆਲੇ ਘੁੰਮਦਾ ਹੈ ਅਤੇ ਉਨ੍ਹਾਂ ਨੂੰ ਆਮ ਜਨਤਾ ਦੀ ਭਲਾਈ ਲਈ ਕੋਈ ਲੈਣਾ-ਦੇਣਾ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਤੀਜਾ ਹੁਣ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋ ਗਿਆ ਹੈ, ਜਦੋਂ ਕਿ ਜੀਜਾ ਆਪਣੇ ਪਾਪਾਂ ਲਈ ਸਲਾਖਾਂ ਪਿੱਛੇ ਹੈ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਨੇ ਤਰਨ ਤਾਰਨ ਉਪ-ਚੋਣ ਵਿੱਚ ਇੱਕ ਗੈਂਗਸਟਰ ਦੇ ਰਿਸ਼ਤੇਦਾਰ ਨੂੰ ਟਿਕਟ ਵੀ ਦਿੱਤੀ, ਜਿਸਨੂੰ ਸੂਬੇ ਦੇ ਸੂਝਵਾਨ ਲੋਕਾਂ ਨੇ ਬਾਹਰ ਦਾ ਰਸਤਾ ਦਿਖਾਇਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਅਤੇ ਭਾਜਪਾ ਦੇ ਕੁਸ਼ਾਸਨ ਦੌਰਾਨ ਨਸ਼ਿਆਂ ਦਾ ਕਾਰੋਬਾਰ ਆਪਣੇ ਪੈਰ ਪਸਾਰ ਚੁੱਕਾ ਸੀ।

ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।