Arth Parkash : Latest Hindi News, News in Hindi
*ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਭ੍ਰਿਸ਼ਟ ਮੁਲਾਜ਼ਮਾਂ ਵਿਰੁੱ *ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਭ੍ਰਿਸ਼ਟ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦਾ ਐਲਾਨ*
Monday, 12 Jan 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

*ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਭ੍ਰਿਸ਼ਟ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦਾ ਐਲਾਨ*

*ਵਿੱਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਤੋਂ ਬਾਅਦ ਇੱਕ ਸੁਪਰਡੈਂਟ ਬਰਖ਼ਾਸਤ, ਤਿੰਨ ਹੋਰਨਾਂ ਨੂੰ ਦਿੱਤੀ ਸਖ਼ਤ ਸਜ਼ਾ: ਹਰਪਾਲ ਸਿੰਘ ਚੀਮਾ*

*ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ੇਗੀ, ਚਾਹੇ ਉਹ ਕਿਸੇ ਵੀ ਅਹੁਦੇ 'ਤੇ ਹੋਵੇ: ਹਰਪਾਲ ਸਿੰਘ ਚੀਮਾ*

*ਪੰਜਾਬ ਸਰਕਾਰ ਪਾਰਦਰਸ਼ੀ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਵਚਨਬੱਧ, ਕਿਸੇ ਵੀ ਪੱਧਰ 'ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ*

ਚੰਡੀਗੜ੍ਹ, 13 ਜਨਵਰੀ 2026


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ 'ਜ਼ੀਰੋ-ਟੋਲਰੈਂਸ' ਨੀਤੀ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵਿੱਤ ਵਿਭਾਗ ਵਿੱਚ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ, ਚਾਹੇ ਉਹ ਕਿੰਨੇ ਵੀ ਉੱਚੇ ਅਹੁਦੇ 'ਤੇ ਕਿਉਂ ਨਾ ਹੋਵੇ।

ਭ੍ਰਿਸ਼ਟਾਚਾਰ ਵਿਰੁੱਧ ਜਾਰੀ ਸਖ਼ਤ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਾਲ 2022 ਦੇ ਅੱਧ ਵਿੱਚ ਖ਼ਜ਼ਾਨਾ ਅਤੇ ਲੇਖਾ ਸ਼ਾਖਾ (ਮੁੱਖ ਦਫ਼ਤਰ) ਅਤੇ ਵੱਖ-ਵੱਖ ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਵਿੱਚ ਤਾਇਨਾਤ ਚਾਰ ਮੁਲਾਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਮਿਲਦੇ ਹੀ ਵਿਭਾਗ ਨੇ ਬਿਨਾਂ ਕਿਸੇ ਦੇਰੀ ਦੇ ਕਾਰਵਾਈ ਕੀਤੀ। ਇਨ੍ਹਾਂ ਚਾਰੇ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਅਤੇ ਮਾਮਲਾ ਡੂੰਘਾਈ ਨਾਲ ਜਾਂਚ ਲਈ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ ਗਿਆ।

ਵਿਭਾਗੀ ਜਾਂਚ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਮੁਕੰਮਲ ਜਾਂਚ ਤੋਂ ਬਾਅਦ ਦਸੰਬਰ 2025 ਵਿੱਚ ਨਿਰਣਾਇਕ ਕਾਰਵਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸੁਪਰਡੈਂਟ ਗ੍ਰੇਡ-2 ਦੇ ਅਹੁਦੇ 'ਤੇ ਤਾਇਨਾਤ ਇੱਕ ਅਧਿਕਾਰੀ ਨੂੰ ਸੇਵਾ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ, ਜਦੋਂ ਕਿ ਬਾਕੀ ਤਿੰਨ ਕਰਮਚਾਰੀਆਂ ਨੂੰ ਸੇਵਾ ਨਿਯਮਾਂ ਅਨੁਸਾਰ ਸਖ਼ਤ ਸਜ਼ਾ ਦਿੱਤੀ ਗਈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਦੱਸਿਆ ਕਿ ਕਾਨੂੰਨੀ ਕਾਰਵਾਈ ਨੂੰ ਵੀ ਤਰਕਪੂਰਨ ਅੰਤ ਤੱਕ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵੱਲੋਂ ਬਰਖ਼ਾਸਤ ਕੀਤੇ ਸੁਪਰਡੈਂਟ ਗ੍ਰੇਡ-2 ਵਿਰੁੱਧ ਐਫ.ਆਈ.ਆਰ ਨੰਬਰ 1/2026 ਦਰਜ ਕੀਤੀ ਗਈ। ਉਕਤ ਮੁਲਜ਼ਮ ਨੂੰ 11 ਜਨਵਰੀ 2026 ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਸ਼ੁਰੂਆਤੀ ਹਿਰਾਸਤ ਖ਼ਤਮ ਹੋਣ ਤੋਂ ਬਾਅਦ 12 ਜਨਵਰੀ 2026 ਨੂੰ ਮੁੱਖ ਜੁਡੀਸ਼ੀਅਲ ਮੈਜਿਸਟ੍ਰੇਟ, ਗੁਰਦਾਸਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਅਗਲੇਰੀ ਪੁੱਛਗਿੱਛ ਲਈ ਮੁਲਜ਼ਮ ਦਾ ਇੱਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ।

ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਨੂੰ ਹੋਰ ਅੱਗੇ ਵਧਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੁਲਾਸਾ ਕੀਤਾ ਕਿ ਚਾਰ ਮੁਲਜ਼ਮ ਮੁਲਾਜ਼ਮਾਂ ਦੇ ਬੈਂਕ ਖਾਤਿਆਂ ਦੀ ਜਾਂਚ ਦੌਰਾਨ 22 ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਸਬੰਧਤ ਸ਼ੱਕੀ ਵਿੱਤੀ ਲੈਣ-ਦੇਣ ਸਾਹਮਣੇ ਆਏ। ਉਨ੍ਹਾਂ ਕਿਹਾ ਕਿ ਪੂਰੀ ਨਿਰਪੱਖਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਇਨ੍ਹਾਂ ਲੈਣ-ਦੇਣ ਦੀ ਜਾਂਚ ਇੱਕ ਸੇਵਾਮੁਕਤ ਜੱਜ ਤੋਂ ਕਰਵਾਈ ਗਈ। ਇਸ ਨਿਰਪੱਖ ਜਾਂਚ ਦੇ ਆਧਾਰ 'ਤੇ ਹੁਣ ਇਨ੍ਹਾਂ ਸਾਰੇ 22 ਅਧਿਕਾਰੀਆਂ ਵਿਰੁੱਧ ਨਿਯਮਾਂ ਅਨੁਸਾਰ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਭ੍ਰਿਸ਼ਟਾਚਾਰ ਵਿਰੁੱਧ ਪੰਜਾਬ ਸਰਕਾਰ ਦੇ ਦ੍ਰਿੜ ਇਰਾਦੇ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਪਾਰਦਰਸ਼ੀ, ਜ਼ਿੰਮੇਵਾਰ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਭ੍ਰਿਸ਼ਟਾਚਾਰ ਸਾਹਮਣੇ ਆਵੇਗਾ, ਉੱਥੇ ਅਧਿਕਾਰੀ ਦੇ ਅਹੁਦੇ ਦੀ ਪਰਵਾਹ ਕੀਤੇ ਬਿਨਾਂ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੋਰ ਦਿੰਦਿਆਂ ਕਿਹਾ ਕਿ ਇਹ ਕਾਰਵਾਈਆਂ ਇੱਕ ਸਪੱਸ਼ਟ ਸੰਦੇਸ਼ ਹਨ ਕਿ ਕਿਸੇ ਵੀ ਹਾਲਤ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਅਤੇ ਮਾੜੇ ਆਚਰਣ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲ ਪੰਜਾਬ ਦੇ ਲੋਕਾਂ ਲਈ ਇੱਕ ਇਮਾਨਦਾਰ ਅਤੇ ਭਰੋਸੇਮੰਦ ਪ੍ਰਸ਼ਾਸਨਿਕ ਢਾਂਚਾ ਤਿਆਰ ਕਰਨਾ ਹੈ।

-----------