
ਮਹਿਲਾਵਾਂ ਲਈ ਸਿਹਤ, ਸਫ਼ਾਈ ਤੇ ਰੋਜ਼ਗਾਰ ਨਾਲ ਸਬੰਧਤ ਵਿਸ਼ੇਸ਼ ਕੈਂਪ
ਔਰਤਾਂ ਦੀ ਸਿਹਤ ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਕੀਤਾ ਜਾਗੂਰਕ, ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਵੀ ਦਿੱਤੀ
ਜਲੰਧਰ, 20 ਜਨਵਰੀ: ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਇਕ ਅਹਿਮ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿੱਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਸਹਿਯੋਗ ਨਾਲ ਮਹਿਲਾਵਾਂ ਲਈ ਸਿਹਤ, ਸਫ਼ਾਈ ਅਤੇ ਰੋਜ਼ਗਾਰ ਨਾਲ ਸਬੰਧਿਤ ਜ਼ਿਲ੍ਹਾ ਪੱਧਰੀ ਵਿਸ਼ੇਸ਼ ਸਮਾਗਮ ਸਥਾਨਕ ਐਚ.ਐਮ.ਵੀ. ਕਾਲਜ ਵਿਖੇ ਕਰਵਾਇਆ ਗਿਆ।
ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਇਸ ਕੈਂਪ ਦਾ ਉਦੇਸ਼ ਮਹਿਲਾਵਾਂ ਦੀ ਸਿਹਤ ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਸਸ਼ਕਤ ਬਣਾਉਣ ਲਈ ਰੋਜ਼ਗਾਰ/ਸਵੈ ਰੋਜ਼ਗਾਰ ਦੇ ਮੌਕਿਆਂ ਬਾਰੇ ਜਾਣੂ ਕਰਵਾਉਣਾ ਹੈ।
ਇਸ ਦੌਰਾਨ ਉਨ੍ਹਾਂ ਔਰਤਾਂ ਲਈ ਵੱਖ-ਵੱਖ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥਣਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੀਲਮ ਮਹੇ ਵੀ ਮੌਜੂਦ ਸਨ।
ਸਮਾਗਮ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ, ਰੋਜ਼ਗਾਰ, ਸਿਹਤ, ਸਮਾਜਿਕ ਨਿਆਂ ਤੇ ਅਧਿਕਾਰਤਾ, ਖੇਤੀਬਾੜੀ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਹੋਰ ਵਿਭਾਗਾਂ ਵੱਲੋਂ ਵੱਖ-ਵੱਖ ਸਟਾਲ ਲਗਾਏ ਗਏ, ਜਿੱਥੇ ਮਹਿਲਾਵਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਸਬੰਧੀ ਜਾਣਕਾਰੀ ਤੋਂ ਇਲਾਵਾ ਇਸ ਸਬੰਧੀ ਪ੍ਰਦਰਸ਼ਨੀ ਵੀ ਲਗਾਈ ਗਈ।
ਇਸ ਕੈਂਪ ਦਾ ਮੁੱਖ ਆਕਰਸ਼ਣ ਰੋਜ਼ਗਾਰ ਮੇਲਾ ਰਿਹਾ, ਜਿਸ ਵਿੱਚ ਕਰੀਬ 200 ਵਿਦਿਆਰਥਣਾਂ ਨੇ ਰੋਜ਼ਗਾਰ ਦੇ ਮੌਕਿਆਂ ਲਈ ਰਜਿਸਟ੍ਰੇਸ਼ਨ ਕਰਵਾਈ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੇ ਭਾਰਤੀ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ, ਲੀਡ ਬੈਂਕ ਮੈਨੇਜਰ ਐਮ.ਐਸ. ਮੋਤੀ, ਸਿਵਲ ਸਰਜਨ ਦਫ਼ਤਰ ਤੋਂ ਅਸੀਮ ਸ਼ਰਮਾ, ਪ੍ਰਿੰਸੀਪਲ ਏਕਤਾ ਖੋਸਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।