Arth Parkash : Latest Hindi News, News in Hindi
ਪੰਜਾਬੀਆਂ ਨੂੰ ‘ਬਿੱਲ ਲਿਆਓ, ਇਨਾਮ ਪਾਓ’ਦਾ ਵੱਡਾ ਮੌਕਾ; ਮੁੱਖ ਮੰਤਰੀ ਨੇ ਜਾਰੀ ਕੀਤਾ ‘ਮੇਰਾ ਬਿੱਲ ਐਪ’ ਪੰਜਾਬੀਆਂ ਨੂੰ ‘ਬਿੱਲ ਲਿਆਓ, ਇਨਾਮ ਪਾਓ’ਦਾ ਵੱਡਾ ਮੌਕਾ; ਮੁੱਖ ਮੰਤਰੀ ਨੇ ਜਾਰੀ ਕੀਤਾ ‘ਮੇਰਾ ਬਿੱਲ ਐਪ’
Monday, 21 Aug 2023 00:00 am
Arth Parkash : Latest Hindi News, News in Hindi

Arth Parkash : Latest Hindi News, News in Hindi

ਪੰਜਾਬੀਆਂ ਨੂੰ ‘ਬਿੱਲ ਲਿਆਓ, ਇਨਾਮ ਪਾਓ’ਦਾ ਵੱਡਾ ਮੌਕਾ; ਮੁੱਖ ਮੰਤਰੀ ਨੇ ਜਾਰੀ ਕੀਤਾ ‘ਮੇਰਾ ਬਿੱਲ ਐਪ’

ਮਾਲੀਆ ਵਧਾਉਣ ਤੇ ਟੈਕਸ ਕਾਨੂੰਨਾਂ ਦੀ ਪਾਲਣ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ


ਹਰੇਕ ਜ਼ਿਲ੍ਹੇ ਵਿਚ ਹਰ ਮਹੀਨੇ ਦਿੱਤੇ ਜਾਣਗੇ 10 ਇਨਾਮ


ਚੰਡੀਗੜ੍ਹ, 21 ਅਗਸਤ


ਹੇਠਲੇ ਪੱਧਰ ਉਤੇ ਟੈਕਸ ਚੋਰੀ ਦੇ ਅਮਲ ਨੂੰ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੇ ਤਹਿਤ ‘ਮੇਰਾ ਬਿੱਲ’ ਐਪ ਦੀ ਸ਼ੁਰੂਆਤ ਕੀਤੀ ਤਾਂ ਕਿ ਸੂਬੇ ਵਿਚ ਮਾਲੀਏ ਦੀ ਉਗਰਾਹੀ ਵਧਾਈ ਜਾ ਸਕੇ।


ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਇਸ ਐਪ ਦੀ ਸ਼ੁਰੂਆਤ ਕਰਨ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਦਾ ਉਦੇਸ਼ ਜੀ.ਐਸ.ਟੀ. ਤਹਿਤ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮਾਲੀਏ ਦੀ ਉਗਰਾਹੀ ਵਧਾਉਣਾ ਹੈ। ਇਹ ਸਕੀਮ ਖਪਤਕਾਰਾਂ ਨੂੰ ਸੂਬੇ ਵਿਚ ਖਰੀਦ ਕਰਨ ਮੌਕੇ ਡੀਲਰਾਂ ਪਾਸੋਂ ਬਿੱਲ ਹਾਸਲ ਕਰਨ ਲਈ ਉਤਸ਼ਾਹਤ ਕਰਨ ਅਤੇ ਵਿਕਰੀ ਬਦਲੇ ਬਿੱਲ ਹਾਸਲ ਕਰਨ ਲਈ ਡੀਲਰਾਂ ਨੂੰ ਮਜਬੂਰ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਪਤਕਾਰਾਂ ਨੂੰ ‘ਮੇਰਾ ਬਿੱਲ’ ਐਪ ਉਤੇ ਖਰੀਦ ਕਰਨ ਦਾ ਬਿੱਲ ਅਪਲੋਡ ਕਰਨ ਲਈ ਉਤਸ਼ਾਹਤ ਕੀਤਾ ਜਾਵੇਗਾ ਜਿਸ ਤੋਂ ਬਾਅਦ ਇਹ ਖਪਤਕਾਰ ਲੱਕੀ ਡਰਾਅ ਵਿਚ ਸ਼ਾਮਲ ਹੋਣ ਦੇ ਯੋਗ ਹੋਵੇਗਾ ਅਤੇ ਇਹ ਲੱਕੀ ਡਰਾਅ ਹਰੇਕ ਮਹੀਨੇ ਦੀ 7 ਤਰੀਕ ਨੂੰ ਨਿਕਲੇਗਾ।


ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ 29 ਟੈਕਸੇਸ਼ਨ ਜ਼ਿਲ੍ਹੇ ਹਨ ਅਤੇ ਹਰੇਕ ਜ਼ਿਲ੍ਹੇ ਵਿਚ ਵੱਧ ਤੋਂ ਵੱਧ 10 ਇਨਾਮ ਦਿੱਤੇ ਜਾਣਗੇ ਜਿਸ ਤਹਿਤ ਹਰੇਕ ਮਹੀਨੇ 290 ਇਨਾਮ ਦਿੱਤੇ ਜਾਣਗੇ।  ਇਹ ਇਨਾਮ ਵਸਤ/ਸੇਵਾ ਲਈ ਅਦਾ ਕੀਤੇ ਟੈਕਸ ਦੇ ਪੰਜ ਗੁਣਾ ਦੇ ਬਰਾਬਰ ਹੋਵੇਗਾ ਪਰ ਇਹ ਇਨਾਮ ਵੱਧ ਤੋਂ ਵੱਧ 10 ਹਜ਼ਾਰ ਰੁਪਏ ਤੱਕ ਦੇ ਮੁੱਲ ਦਾ ਹੋਵੇਗਾ।  ਉਨ੍ਹਾਂ ਕਿਹਾ ਕਿ ਜੇਤੂਆਂ ਦੀ ਸੂਚੀ ਟੈਕਸੇਸ਼ਨ ਵਿਭਾਗ ਦੀ ਵੈੱਬਸਾਈਟ ਉਤੇ ਨਸ਼ਰ ਕੀਤੀ ਜਾਵੇਗੀ ਅਤੇ ਜੇਤੂਆਂ ਨੂੰ ਮੋਬਾਈਲ ਐਪ ਜ਼ਰੀਏ ਸੂਚਿਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੈਟਰੋਲੀਅਮ ਉਤਪਾਦ (ਕੱਚਾ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਈਂਧਨ ਅਤੇ ਕੁਦਰਤੀ ਗੈਸ) ਅਤੇ ਸ਼ਰਾਬ ਦੇ ਨਾਲ-ਨਾਲ ਬਿਜ਼ਨਸ-ਟੂ-ਬਿਜ਼ਨਸ ਦੇ ਲੈਣ-ਦੇਣ ਦੇ ਵਿਕਰੀ ਬਿੱਲ ਉਕਤ ਸਕੀਮ ਵਿਚ ਹਿੱਸਾ ਲੈਣ ਦੇ ਯੋਗ ਨਹੀਂ ਹੋਣਗੇ।


ਲੋਕਾਂ ਨੂੰ ਵਸਤਾਂ ਦੀ ਖਰੀਦ ਲਈ ਬਿੱਲ ਲੈਣ ਲਈ ਉਤਸ਼ਾਹਤ ਕਰਨ ਵਾਸਤੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਵੱਧ ਤੋਂ ਵੱਧ ਇਸ ਸਕੀਮ ਵਿਚ ਹਿੱਸਾ ਲੈਣਾ ਚਾਹੀਦਾ ਹੈ ਤਾਂ ਕਿ ਟੈਕਸ ਦੀ ਪਾਲਣ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਸਮਾਜ ਭਲਾਈ ਦੀਆਂ ਵੱਖ-ਵੱਖ ਸਕੀਮਾਂ ਲਈ ਸੂਬੇ ਨੂੰ ਮਾਲੀਏ ਦਾ ਬਣਦਾ ਹਿੱਸਾ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਕੀਮ ਲੋਕਾਂ ਲਈ ਬਣਾਈ ਗਈ ਹੈ ਅਤੇ ਇਸ ਜ਼ਰੀਏ ਸਰਕਾਰ ਟੈਕਸ ਚੋਰੀ ਵੀ ਰੋਕ ਸਕੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਟੈਕਸ ਕਾਨੂੰਨਾਂ ਦੀ ਪਾਲਣ ਕਰਨ ਵਾਲੇ ਸਮਾਜ ਪ੍ਰਤੀ ਪ੍ਰੇਰਿਤ ਕੀਤਾ ਜਾਵੇਗਾ ਜਿਸ ਨਾਲ ਉਹ ਸੂਬੇ ਦੇ ਵਿਕਾਸ ਵਿਚ ਅਹਿਮ ਭਾਈਵਾਲ ਬਣਨਗੇ।


ਇਸ ਮੌਕੇ ਵਿੱਤ, ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਵੀ ਹਾਜ਼ਰ ਸਨ।