Arth Parkash : Latest Hindi News, News in Hindi
*ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵ *ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
Wednesday, 01 Apr 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

*ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

* *ਜੇ ਚੰਡੀਗੜ੍ਹ ਵਿੱਚ ਵਾਪਰੀ ਘਟਨਾ ਲਈ ਮੈਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ ਤਾਂ ਕੇਂਦਰ ਨੂੰ ਚੰਡੀਗੜ੍ਹ ਪੰਜਾਬ ਸਰਕਾਰ ਨੂੰ ਸੌਂਪ ਦੇਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
* *ਇੱਕ ਪਾਸੇ ਆਪ ਸਰਕਾਰ ਲੋਕਾਂ ਤੋਂ ਬੋਝ ਘਟਾ ਰਹੀ ਹੈ, ਦੂਜੇ ਪਾਸੇ ਹਿਮਾਚਲ ਦੀ ਕਾਂਗਰਸ ਸਰਕਾਰ ਜਨਤਾ 'ਤੇ ਬੋਲੋੜਾ ਟੈਕਸ ਲਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
* *ਕਾਂਗਰਸ ਸਰਕਾਰ ਦਾ ਐਂਟਰੀ ਟੈਕਸ ਲੋਕ ਵਿਰੋਧੀ ਅਤੇ ਗੈਰ-ਵਾਜਬ, ਇਸ ਦਾ ਹਰ ਪੱਧਰ 'ਤੇ ਵਿਰੋਧ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
* *ਪੰਜਾਬ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ, ਆੜ੍ਹਤੀਆਂ ਦੀਆਂ ਮੰਗਾਂ ਕੇਂਦਰ ਸਰਕਾਰ ਅੱਗੇ ਰੱਖੀਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
* *ਪੰਜਾਬ ਸਰਕਾਰ ਫ਼ਸਲ ਦੀ ਨਿਰਵਿਘਨ ਖਰੀਦ ਲਈ ਵਚਨਬੱਧ, ਕਿਸਾਨਾਂ ਦੇ ਮੁੱਦੇ ਕੇਂਦਰ ਕੋਲ ਲਗਾਤਾਰ ਉਠਾਉਂਦੀ ਰਹੇਗੀ ਆਪ ਸਰਕਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਸੰਗਰੂਰ, 2 ਅਪ੍ਰੈਲ:


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਭਾਜਪਾ ਦਫ਼ਤਰ ਦੇ ਬਾਹਰ ਹੋਏ ਹਮਲੇ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕੇਂਦਰ ਦੇ ਕੰਟਰੋਲ ਅਧੀਨ ਆਉਂਦੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਸਿਆਸੀ ਦੂਸ਼ਣਬਾਜ਼ੀ ਦਾ ਆਧਾਰ ਬਣਾ ਕੇ ਵਰਤਣਾ ਪੂਰੀ ਤਰ੍ਹਾਂ ਗਲਤ ਹੈ। ਇਹ ਸਪੱਸ਼ਟ ਕਰਦਿਆਂ ਕਿ ਇਸ ਘਟਨਾ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਕੇਂਦਰ ਸਰਕਾਰ ਦੀ ਹੈ, ਉਨ੍ਹਾਂ ਕਿਹਾ ਕਿ ਜੇ ਇਸ ਘਟਨਾ ਨੂੰ ਉਨ੍ਹਾਂ 'ਤੇ ਥੋਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕੇਂਦਰ ਨੂੰ ਆਪਣੀ ਡਿਊਟੀ ਤੋਂ ਭੱਜਣ ਦੀ ਬਜਾਏ ਚੰਡੀਗੜ੍ਹ ਨੂੰ ਪੰਜਾਬ ਸਰਕਾਰ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਸਨ ਮਾਡਲਾਂ ਦਰਮਿਆਨ ਵੱਡੇ ਅੰਤਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਿੱਥੇ 'ਆਪ' ਸਰਕਾਰ ਲੋਕਾਂ ਤੋਂ ਵਿੱਤੀ ਬੋਝ ਘਟਾ ਰਹੀ ਹੈ, ਉਥੇ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਆਮ ਜਨਤਾ 'ਤੇ ਗੈਰ-ਵਾਜਬ ਢੰਗ ਨਾਲ ਐਂਟਰੀ ਟੈਕਸ ਦਾ ਬੋਝ ਵਧਾ ਰਹੀ ਹੈ। ਉਨ੍ਹਾਂ ਨੇ ਇਸ ਕਦਮ ਨੂੰ ਲੋਕ ਵਿਰੋਧੀ ਦੱਸਦਿਆਂ ਇਸ ਦੇ ਹਰ ਪੱਧਰ 'ਤੇ ਸਖ਼ਤ ਵਿਰੋਧ ਦਾ ਭਰੋਸਾ ਦਿੱਤਾ।

ਕਿਸਾਨਾਂ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਆੜ੍ਹਤੀਆਂ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਕੋਲ ਲਗਾਤਾਰ ਉਠਾਉਂਦੀ ਰਹੇਗੀ। ਉਨ੍ਹਾਂ ਨਾਲ ਹੀ ਕਿਹਾ ਕਿ ਸੂਬਾ ਸਰਕਾਰ ਕਿਸਾਨ ਭਾਈਚਾਰੇ ਦੇ ਮੋਢੇ ਨਾ ਮੋਢਾ ਲਾ ਕੇ ਹਮੇਸ਼ਾ ਖੜ੍ਹੀ ਹੈ ਅਤੇ ਪਹਿਲਾਂ ਦੇ ਸਫ਼ਲ ਸੀਜ਼ਨਾਂ ਦੀ ਤਰ੍ਹਾਂ ਫ਼ਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਏਗੀ।

ਪਿੰਡ ਚੀਮਾ ਵਿਖੇ ਕਮਿਊਨਿਟੀ ਹੈਲਥ ਸੈਂਟਰ ਲੋਕ ਅਰਪਣ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਗੱਲ ਤੋਂ ਹਰ ਕੋਈ ਵਾਕਫ਼ ਹੈ ਕਿ ਚੰਡੀਗੜ੍ਹ ਦਾ ਪ੍ਰਬੰਧ ਪੰਜਾਬ ਦੇ ਰਾਜਪਾਲ ਦੁਆਰਾ ਚਲਾਇਆ ਜਾਂਦਾ ਹੈ, ਪਰ ਫਿਰ ਵੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨ ਅੰਦੋਲਨ, ਪੰਜਾਬ ਯੂਨੀਵਰਸਿਟੀ (ਪੀ.ਯੂ.) ਵਿੱਚ ਅੰਦੋਲਨ ਜਾਂ ਹੋਰ ਅਜਿਹਾ ਕੋਈ ਵੀ ਮੁੱਦਾ ਹੋਵੇ, ਭਾਜਪਾ ਸਾਰਾ ਦੋਸ਼ ਮੇਰੇ ‘ਤੇ ਥੋਪਣ ਨੂੰ ਹਮੇਸ਼ਾ ਤਿਆਰ ਰਹਿੰਦੀ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਨੂੰ ਇਸ ਮੁੱਦੇ 'ਤੇ ਬੇਬੁਨਿਆਦ ਅਤੇ ਬੇਤੁਕੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਕਿਉਂਕਿ ਇਹ ਜਗ੍ਹਾ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਕ ਦੇ ਅਧਿਕਾਰ ਖੇਤਰ ਅਧੀਨ ਆਉਂਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਚੰਡੀਗੜ੍ਹ ਦੀ ਮੰਗ ਕਰਦਾ ਹੈ ਤਾਂ ਇਸ ਨੂੰ ਵੱਖਵਾਦੀ ਵਿਚਾਰਧਾਰਾ ਦੱਸਿਆ ਜਾਂਦਾ ਹੈ ਪਰ ਦੂਜੇ ਪਾਸੇ ਕੇਂਦਰ ਸਰਕਾਰ, ਯੂ.ਟੀ. ਚੰਡੀਗੜ੍ਹ ਵਿੱਚ ਕਾਨੂੰਨ ਵਿਵਸਥਾ ਕਾਇਮ ਰੱਖਣ ਦੇ ਆਪਣੇ ਫ਼ਰਜ਼ ਤੋਂ ਹਮੇਸ਼ਾ ਭੱਜਦੀ ਆਈ ਹੈ।

ਕਾਂਗਰਸ ਦੀ ਅਗਵਾਈ ਵਾਲੀ ਹਿਮਾਚਲ ਸਰਕਾਰ ਦੇ ਐਂਟਰੀ ਟੈਕਸ ਲਗਾਉਣ ਦੇ ਫੈਸਲੇ ਦਾ ਵਿਰੋਧ ਕਰਦਿਆਂ ਉਨ੍ਹਾਂ ਕਿਹਾ ਕਿ ਇੱਕ ਪਾਸੇ 'ਆਪ' ਸਰਕਾਰ ਟੋਲ ਟੈਕਸ ਖਤਮ ਕਰਕੇ ਆਮ ਆਦਮੀ ਨੂੰ ਰਾਹਤ ਦੇ ਰਹੀ ਹੈ, ਜਦੋਂ ਕਿ ਦੂਜੇ ਪਾਸੇ ਇਹ ਲੋਕ ਆਮ ਜਨਤਾ 'ਤੇ ਬੇਲੋੜਾ ਟੈਕਸ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਦਮ ਪੂਰੀ ਤਰ੍ਹਾਂ ਗੈਰ-ਵਾਜਬ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਦਾ ਹਰੇਕ ਪੱਧਰ ‘ਤੇ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ।

ਕਿਸਾਨਾਂ ਦੀਆਂ ਚਿੰਤਾਵਾਂ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਨੂੰ ਕੇਂਦਰ ਸਰਕਾਰ ਕੋਲ ਉਠਾਵਾਂਗਾ ਕਿਉਂਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਭਾਰਤ ਸਰਕਾਰ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਮੁੱਦੇ ਪਹਿਲਾਂ ਵੀ ਵਾਰ-ਵਾਰ ਕੇਂਦਰ ਕੋਲ ਉਠਾਏ ਗਏ ਹਨ ਅਤੇ ਸੂਬਾ ਸਰਕਾਰ ਲਗਾਤਾਰ ਅਜਿਹਾ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਕਿਸਾਨਾਂ ਨੂੰ ਲਾਭ ਪਹੁੰਚਾਉਣ ਵਾਸਤੇ ਸੁਚਾਰੂ ਅਤੇ ਮੁਸ਼ਕਲ ਰਹਿਤ ਖਰੀਦ ਯਕੀਨੀ ਬਣਾਉਣ ਲਈ ਦ੍ਰਿੜ੍ਹ ਹੈ।
------------