
20ਵੀ. ਸਦੀ ਦੇ ਮਹਾਨ ਨਾਇਕ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਨੇ ਸਮਾਜ ਵਿੱਚ ਸਮਾਨਤਾ ਨੂੰ ਕਾਇਮ ਕੀਤਾ- ਹਰਜੋਤ ਬੈਂਸ
ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਵਿਕਾਸ ਲਈ ਵਚਨਬੱਧ – ਕੈਬਨਿਟ ਮੰਤਰੀ
ਕੈਬਨਿਟ ਮੰਤਰੀ ਨੇ ਡਾ. ਬੀ.ਆਰ. ਅੰਬੇਡਕਰ ਜੀ ਦੇ ਜਨਮ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਤੇ ਪਿੰਡ ਭੱਲੜੀ ਵਿਖੇ ਕਰਵਾਏ ਸਮਾਗਮਾਂ 'ਚ ਕੀਤੀ ਸ਼ਿਰਕਤ
ਨੰਗਲ 14 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਡਾ. ਭੀਮ ਰਾਓ ਅੰਬੇਡਕਰ ਜੀ ਦੇ 136 ਵੇਂ ਜਨਮ ਦਿਵਸ ਮੌਕੇ ਪਿੰਡ ਭੱਲੜੀ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਗਏ ਸਮਾਗਮਾਂ ਵਿੱਚ ਸ਼ਿਰਕਤ ਕਰਦਿਆਂ ਡਾ. ਅੰਬੇਡਕਰ ਜੀ ਦੇ ਚਰਨਾਂ ਵਿੱਚ ਨਮਨ ਕੀਤਾ।
ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ 20ਵੀ. ਸਦੀ ਦੇ ਮਹਾਨ ਨਾਇਕ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਦੀ ਦੂਰ ਅੰਦੇਸ਼ੀ ਸੋਚ ਨੇ ਭਾਰਤ ਵਿੱਚ ਸਮਾਨਤਾ ਕਾਇਮ ਕਰਕੇ ਹਰ ਵਰਗ ਦਾ ਵਿਕਾਸ ਕਰਵਾਇਆ। ਉਨ੍ਹਾਂ ਨੇ ਦੱਸਿਆ ਕਿ ਡਾ. ਬੀ.ਆਰ. ਅੰਬੇਡਕਰ ਜੀ ਨੇ ਭਾਰਤ ਨੂੰ ਇੱਕ ਮਜ਼ਬੂਤ ਸੰਵਿਧਾਨ ਦੇਣ ਦੇ ਨਾਲ-ਨਾਲ ਸਮਾਜ ਵਿੱਚ ਸਮਾਨਤਾ, ਨਿਆਂ ਅਤੇ ਭਾਈਚਾਰੇ ਦੀ ਸੋਚ ਨੂੰ ਮਜ਼ਬੂਤ ਕੀਤਾ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਜੀ ਦੀ ਦੂਰਅੰਦੇਸ਼ੀ ਸੋਚ ਤੋਂ ਪ੍ਰੇਰਣਾ ਲੈ ਕੇ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਕਲਿਆਣ ਲਈ ਵਚਨਬੱਧ ਹੈ।
ਉਨ੍ਹਾਂ ਨੇ ਕਿਹਾ ਕਿ ਡਾ. ਅੰਬੇਡਕਰ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਾਡੇ ਲਈ ਮਾਰਗਦਰਸ਼ਕ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਵਿਚਾਰਾਂ ਨੂੰ ਅਪਣਾਉਂਦੇ ਹੋਏ ਅੱਗੇ ਵਧਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ਵਿੱਚ ਬਰਾਬਰੀ ਅਤੇ ਸਾਂਝੀਵਾਲਤਾ ਨੂੰ ਵਧਾਉਣ ਲਈ ਇਕੱਠੇ ਹੋ ਕੇ ਕੰਮ ਕੀਤਾ ਜਾਵੇ।
ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਵੱਲੋਂ ਵੀ ਡਾ.ਅੰਬੇਡਕਰ ਜੀ ਦੀ ਜ਼ਿੰਦਗੀ ਅਤੇ ਉਨ੍ਹਾਂ ਦੇ ਯੋਗਦਾਨ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਸੱਭਿਆਚਾਰਕ ਪ੍ਰੋਗਰਾਮਾਂ ਰਾਹੀਂ ਵੀ ਉਨ੍ਹਾਂ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਇਆ ਗਿਆ।
ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਪ੍ਰਮੁੱਖ ਸ਼ਖ਼ਸੀਅਤਾਂ, ਪੰਚਾਇਤੀ ਨੁਮਾਇੰਦਿਆਂ, ਨੌਜਵਾਨਾਂ ਅਤੇ ਸਥਾਨਕ ਵਾਸੀਆਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਸਾਰੇ ਹਾਜ਼ਰ ਲੋਕਾਂ ਵੱਲੋਂ ਡਾ. ਅੰਬੇਡਕਰ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਸੰਕਲਪ ਵੀ ਲਿਆ ਗਿਆ।