
ਝੱਜਰ: ਝੱਜਰ ਦੇ ਸੁਬਾਨਾ ਪਿੰਡ ਵਿੱਚ ਪੁਰਾਣੀ ਰੰਜਿਸ਼ ਕਾਰਨ ਪਿੰਡ ਦੇ ਹੀ ਰਹਿਣ ਵਾਲੇ ਹਿਤੇਸ਼ ਉਰਫ਼ ਗੁੱਲੂ ਦਾ ਕਤਲ ਕਰ ਦਿੱਤਾ ਗਿਆ। ਮੁਲਜ਼ਮ ਇੱਕ ਬੋਲੈਰੋ ਗੱਡੀ ਵਿੱਚ ਸਵਾਰ ਹੋ ਕੇ ਆਏ ਸਨ ਅਤੇ ਉਨ੍ਹਾਂ ਵੱਲੋਂ 20 ਤੋਂ ਵੱਧ ਰਾਊਂਡ ਫਾਇਰ ਕੀਤੇ ਗਏ। ਜਿਸ ਵੇਲੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਉਸ ਸਮੇਂ ਹਿਤੇਸ਼ ਆਪਣੇ ਘਰ ਦੇ ਬਾਹਰ ਖੜ੍ਹਾ ਸੀ। ਬੋਲੈਰੋ ਵਿੱਚ 3-4 ਨੌਜਵਾਨ ਆਏ ਅਤੇ ਉਨ੍ਹਾਂ ਨੇ ਹਿਤੇਸ਼ 'ਤੇ ਤਾਬੜਤੋੜ ਫਾਇਰਿੰਗ ਸ਼ੁਰੂ ਕਰ ਦਿੱਤੀ।
ਇਸ ਹਮਲੇ ਵਿੱਚ ਹਿਤੇਸ਼ ਦੀ ਮੌਤ ਹੋ ਗਈ। ਇਸ ਮਾਮਲੇ ਨੂੰ ਪੁਰਾਣੀ ਰੰਜਿਸ਼ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਸਾਲ ਪਹਿਲਾਂ ਮ੍ਰਿਤਕ ਅਤੇ ਮੁਲਜ਼ਮਾਂ ਵਿਚਕਾਰ ਕੋਈ ਝਗੜਾ ਹੋਇਆ ਸੀ, ਜਿਸ ਦੇ ਬਦਲੇ ਵਜੋਂ ਹੁਣ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।
ਮੁਲਜ਼ਮ ਫ਼ਰਾਰ, ਪੁਲਿਸ ਵੱਲੋਂ ਕੇਸ ਦਰਜ
ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਗਿਰਧਰਪੁਰ ਦੇ ਦੋ ਨੌਜਵਾਨਾਂ ਨੂੰ ਨਾਮਜ਼ਦ ਕਰਦੇ ਹੋਏ ਕੁਝ ਹੋਰ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।