
ਚੰਡੀਗੜ੍ਹ, 24 ਮਈ: ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਝੋਨੇ ਦੀ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਨੇ ਐਲਾਨ ਕੀਤਾ ਕਿ ਸੂਬੇ ਨੇ ਸਾਲ 2026-27 ਦੇ ਸਾਉਣੀ (ਖ਼ਰੀਫ਼) ਦੇ ਸੀਜ਼ਨ ਦੌਰਾਨ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ ਹੇਠ ਲਿਆਉਣ ਦਾ ਟੀਚਾ ਮਿੱਥਿਆ ਹੈ ਅਤੇ ਇਸ ਮਕਸਦ ਲਈ 40 ਕਰੋੜ ਰੁਪਏ ਦੇ ਬਜਟ ਦੀ ਵਿਵਸਥਾ ਵੀ ਕੀਤੀ ਗਈ ਹੈ।
ਪਾਣੀ ਬਚਾਉਣ ਵਾਲੀ ਡੀ.ਐਸ.ਆਰ. (DSR) ਸਕੀਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਨੇ ਦੱਸਿਆ ਕਿ ਸਾਲ 2025 ਦੇ ਸਾਉਣੀ ਦੇ ਸੀਜ਼ਨ ਦੌਰਾਨ 23,410 ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਈ, ਜਿਸ ਤਹਿਤ 2,35,899 ਏਕੜ ਰਕਬਾ ਕਵਰ ਕੀਤਾ ਗਿਆ। ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰੇ ਯੋਗ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ 35.38 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ।
ਸ. ਗੁਰਮੀਤ ਸਿੰਘ ਖੁੱਡੀਆ ਨੇ ਕਿਹਾ, “ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਇਹ ਕਿਸਾਨਾਂ ਦੀ ਅਗਵਾਈ ਵਾਲੀ ਇੱਕ ਕ੍ਰਾਂਤੀਕਾਰੀ ਪਹਿਲਕਦਮੀ ਹੈ। ਸਾਲ 2025-26 ਵਿੱਚ ਇਸ ਸਕੀਮ ਨੂੰ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਹੁਣ ਸਾਲ 2026-27 ਲਈ 40 ਕਰੋੜ ਰੁਪਏ ਦੀ ਲਾਗਤ ਨਾਲ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ ਰੱਖਿਆ ਗਿਆ ਹੈ। ਅਸੀਂ ਕੀਮਤੀ ਭੂ-ਜਲ (ਧਰਤੀ ਹੇਠਲੇ ਪਾਣੀ) ਨੂੰ ਬਚਾਉਣ ਲਈ ਵਚਨਬੱਧ ਹਾਂ।”
ਸੂਬੇ ਦੇ ਕਿਸਾਨਾਂ ਨੂੰ ਪਾਣੀ ਬਚਾਉਣ ਵਾਲੀ ਡੀਐਸਆਰ ਤਕਨੀਕ ਅਪਣਾਉਣ ਅਤੇ ਉਤਸ਼ਾਹ ਰਾਸ਼ੀ ਦਾ ਲਾਭ ਲੈਣ ਲਈ ਜਲਦੀ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਤਕਨੀਕ ਨੂੰ ਅਪਣਾਉਣ ਦੇ ਇੱਛੁਕ ਕਿਸਾਨਾਂ ਲਈ ਆਨਲਾਈਨ ਡੀਐਸਆਰ ਰਜਿਸਟ੍ਰੇਸ਼ਨ ਪੋਰਟਲ ਚਾਲੂ ਹੈ ਅਤੇ ਕਿਸਾਨ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਸ. ਗੁਰਮੀਤ ਸਿੰਘ ਖੁੱਡੀਆ ਨੇ ਕਿਹਾ ਕਿ ਡੀਐਸਆਰ ਤਕਨੀਕ ਖੇਤ ਦੀ ਕੱਦੂ (ਜੁਤਾਈ) ਕਰਨ ਅਤੇ ਝੋਨੇ ਦੀ ਪਨੀਰੀ ਲਗਾਉਣ ਦੀ ਲੋੜ ਨੂੰ ਖ਼ਤਮ ਕਰਦੀ ਹੈ ਅਤੇ ਸਿੰਚਾਈ ਲਈ ਪਾਣੀ ਦੀ ਵਰਤੋਂ ਵਿੱਚ 15-20 ਫੀਸਦੀ ਤੱਕ ਕਮੀ ਲਿਆਉਣ ਦੇ ਨਾਲ-ਨਾਲ ਮਜ਼ਦੂਰੀ ਦੀ ਲਾਗਤ ਵਿੱਚ ਵੀ ਭਾਰੀ ਕਮੀ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਉਸ ਵਿਆਪਕ ਰਣਨੀਤੀ ਦਾ ਇੱਕ ਅਹਿਮ ਹਿੱਸਾ ਹੈ, ਜਿਸਦਾ ਉਦੇਸ਼ ਡਿੱਗ ਰਹੇ ਭੂ-ਜਲ ਪੱਧਰ ਨੂੰ ਰੋਕਣਾ ਅਤੇ ਆਰਥਿਕ ਉਤਸ਼ਾਹ ਰਾਹੀਂ ਵਾਤਾਵਰਣ ਪੱਖੀ ਖੇਤੀ ਨੂੰ ਹੁਲਾਰਾ ਦੇਣਾ ਹੈ।