
ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ
ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ 'ਤੇ ਸਿਖਲਾਈ ਸੈਸ਼ਨ ਕਰਵਾਇਆ
ਚੰਡੀਗੜ੍ਹ, 5 ਜੂਨ
ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ (ਐਸ.ਆਈ.ਆਰ.) 2026 ਲਈ ਪ੍ਰੋਗਰਾਮ ਦੀ ਪਾਲਣਾ ਤਹਿਤ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਚੋਣ ਅਧਿਕਾਰੀਆਂ ਅਤੇ ਤਕਨੀਕੀ ਅਧਿਕਾਰੀਆਂ ਲਈ ਅੱਜ ਇਥੇ ਇੱਕ ਵੱਡ ਅਕਾਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।
ਇਹ ਸਿਖਲਾਈ ਸੈਸ਼ਨ ਚੋਣ ਕਮਿਸ਼ਨ ਵੱਲੋਂ ਚੱਲ ਰਹੇ ਸਪੈਸ਼ਲ ਇੰਟੈਂਸਿਵ ਰਿਵੀਜਨ ਅਭਿਆਸ ਦੌਰਾਨ ਅਧਿਕਾਰੀਆਂ ਨੂੰ ਸਥਾਪਤ ਕੀਤੀਆਂ ਜਾ ਰਹੀਆਂ ਸੂਚਨਾ ਤਕਨਾਲੋਜੀ ਪ੍ਰਣਾਲੀਆਂ ਅਤੇ ਸਾਫਟਵੇਅਰ ਐਪਲੀਕੇਸ਼ਨਾਂ ਨਾਲ ਚੰਗੀ ਤਰ੍ਹਾਂ ਜਾਣੂ ਕਰਵਾਉਣ ਲਈ ਆਯੋਜਿਤ ਕੀਤਾ ਗਿਆ ਸੀ। ਇਸ ਪਹਿਲ ਦਾ ਉਦੇਸ਼ ਇਕਸਾਰ ਪ੍ਰਕਿਰਿਆਤਮਕ ਸਮਝ ਪੈਦਾ ਕਰਨਾ, ਆਈਟੀ ਤਿਆਰੀ ਨੂੰ ਮਜ਼ਬੂਤ ਕਰਨਾ ਅਤੇ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ ਦੇ ਸਹਿਜ, ਕੁਸ਼ਲ ਲਾਗੂਕਰਨ ਨੂੰ ਯਕੀਨੀ ਬਣਾਉਣਾ ਹੈ।
ਮੁੱਖ ਚੋਣ ਅਫ਼ਸਰ (ਸੀ.ਈ.ਓ.), ਪੰਜਾਬ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਵਿਸ਼ੇਸ਼ ਤੀਬਰ ਸੋਧ ਇਹ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਅਭਿਆਸ ਹੈ ਕਿ ਅੰਤਿਮ ਵੋਟਰ ਸੂਚੀਆਂ ਪੂਰੀ ਤਰ੍ਹਾਂ ਸਹੀ, ਸਮਾਵੇਸ਼ੀ ਅਤੇ ਅੱਪ ਟੂ ਡੇਟ ਹੋਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਤੰਤਰੀ ਪ੍ਰਕਿਰਿਆ ਦੀ ਪੂਰਨ ਅਖੰਡਤਾ ਅਤੇ ਪਾਰਦਰਸ਼ਤਾ ਨੂੰ ਬਣਾਈ ਰੱਖਣ ਲਈ ਚੰਗੀ ਤਰ੍ਹਾਂ ਸਿਖਲਾਈ ਪ੍ਰਾਪਤ ਕਰਮਚਾਰੀ ਅਤੇ ਨਵੀਨਤਕਨਾਲੋਜੀ ਦੀ ਰਣਨੀਤਕ ਵਰਤੋਂ ਬੁਨਿਆਦੀ ਪਹਿਲੂ ਹਨ।
ਤਕਨੀਕੀ ਸੈਸ਼ਨਾਂ ਦੀ ਅਗਵਾਈ ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਅਧਿਕਾਰੀਆਂ ਅਤੇ ਆਈ.ਟੀ. ਮਾਹਿਰਾਂ ਨੇ ਕੀਤੀ। ਭਾਰਤੀ ਚੋਣ ਕਮਿਸ਼ਨ ਦੇ ਮੁੱਖ ਭਾਗੀਦਾਰਾਂ ਅਤੇ ਫੈਸਿਲੀਟੇਟਜ਼ ਵਿੱਚ ਡਾ. ਸੀਮਾ ਖੰਨਾ ਅਤੇ ਤਕਨੀਕੀ ਮਾਹਿਰਾਂ ਦੀ ਇੱਕ ਵਿਸ਼ੇਸ਼ ਟੀਮ ਸ਼ਾਮਲ ਸੀ।
ਸੈਸ਼ਨ ਦੀ ਸਮਾਪਤੀ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਨੇ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਨੂੰ ਪੂਰੀ ਤਰ੍ਹਾਂ ਪੇਸ਼ੇਵਰ, ਪਾਰਦਰਸ਼ੀ ਅਤੇ ਨਾਗਰਿਕ-ਕੇਂਦ੍ਰਿਤ ਢੰਗ ਨਾਲ ਲਾਗੂ ਕਰਨ ਸਬੰਧੀ ਸੂਬੇ ਦੇ ਚੋਣ ਅਮਲੇ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।