Arth Parkash : Latest Hindi News, News in Hindi
ਕੈਬਨਿਟ ਮੰਤਰੀ, ਮੇਅਰ ਤੇ ਚੇਅਰਮੈਨ ਨੇ ਮਾਡਲ ਹਾਊਸ ’ਚ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ ਕੈਬਨਿਟ ਮੰਤਰੀ, ਮੇਅਰ ਤੇ ਚੇਅਰਮੈਨ ਨੇ ਮਾਡਲ ਹਾਊਸ ’ਚ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ
Sunday, 14 Jun 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਕੈਬਨਿਟ ਮੰਤਰੀ, ਮੇਅਰ ਤੇ ਚੇਅਰਮੈਨ ਨੇ ਮਾਡਲ ਹਾਊਸ ’ਚ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ

 

ਕਿਹਾ, 50 ਲੱਖ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਸਦਕਾ ਸਮਾਜਿਕ, ਸੱਭਿਆਚਾਰਕ ਤੇ ਭਾਈਚਾਰਕ ਗਤੀਵਿਧੀਆਂ ਲਈ ਆਧੁਨਿਕ ਸਥਾਨ ਦੀ ਮਿਲੇਗੀ ਸਹੂਲਤ

 

ਗਿਆਨ ਗਿਰੀ ਮਹਾਰਾਜ ਜੀ ਦੀ ਜਯੰਤੀ 'ਤੇ ਦਿੱਤੀ ਵਧਾਈ

 

 

ਜਲੰਧਰ, 15 ਜੂਨ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਮਾਡਲ ਹਾਊਸ ਇਲਾਕੇ ਵਿੱਚ ਇੱਕ ਨਵੇਂ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਦਿਆਂ ਸੂਬੇ ਭਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਜਨਤਕ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ। 

 

ਮੇਅਰ ਵਿਨੀਤ ਧੀਰ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਸਮੇਤ ਵਸਨੀਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਥਾਨਕ ਲੋਕਾਂ ਦੀ ਪ੍ਰਮੁੱਖ ਮੰਗ ਨੂੰ ਪੂਰਾ ਕਰਦੇ ਹੋਏ ਵਾਰਡ ਨੰਬਰ 45 ਵਿੱਚ 49.46 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਹਾਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਵੱਖ-ਵੱਖ ਸਮਾਜਿਕ, ਸੱਭਿਆਚਾਰਕ ਅਤੇ ਭਾਈਚਾਰਕ ਗਤੀਵਿਧੀਆਂ ਲਈ ਆਧੁਨਿਕ ਅਤੇ ਪਹੁੰਚਯੋਗ ਜਗ੍ਹਾ ਉਪਲਬਧ ਕਰਵਾਏਗਾ।

 

ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਕਾਸ ਅਤੇ ਲੋਕ ਭਲਾਈ ’ਤੇ ਕੇਂਦਰਿਤ ਨੀਤੀਆਂ ਲਾਗੂ ਕਰ ਰਹੀ ਹੈ, ਜਿਸ ਨਾਲ ਸੂਬੇ ਦੇ ਵਿਕਾਸ ਦੀ ਦਿਸ਼ਾ ਬਦਲ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕ ਭਲਾਈ ਪ੍ਰਾਜੈਕਟਾਂ ਲਈ ਫੰਡਜ਼ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਮਹੀਨਿਆਂ ਵਿੱਚ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਹੋਰ ਬਿਹਤਰ ਬਣਾਉਣ ਲਈ ਕਈ ਹੋਰ ਵਿਕਾਸ ਪਹਿਲਕਦਮੀਆਂ ਸ਼ੁਰੂ ਕੀਤੀਆਂ ਜਾਣਗੀਆਂ।

 

ਇਸ ਪ੍ਰਾਜੈਕਟ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਮਿਊਨਿਟੀ ਹਾਲ ਸਮਾਜਿਕ ਇਕੱਤਰਤਾਵਾਂ, ਵਿੱਦਿਅਕ ਪ੍ਰੋਗਰਾਮਾਂ, ਸੱਭਿਆਚਾਰਕ ਸਮਾਗਮਾਂ, ਜਾਗਰੂਕਤਾ ਮੁਹਿੰਮਾਂ ਅਤੇ ਹੋਰ ਭਾਈਚਾਰਕ ਸਮਾਗਮਾਂ ਲਈ ਇੱਕ ਸਾਂਝੇ ਪਲੇਟਫਾਰਮ ਵਜੋਂ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਅਜਿਹੀਆਂ ਸਹੂਲਤਾਂ ਸਮਾਜਿਕ ਸਦਭਾਵਨਾ, ਭਾਈਚਾਰਕ ਭਾਗੀਦਾਰੀ ਅਤੇ ਸਮੂਹਿਕ ਪ੍ਰਗਤੀ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਉਂਦੀਆਂ ਹਨ।

 

ਸ਼੍ਰੀ ਭਗਤ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਅਤੇ ਦਿਹਾਤੀ ਦੋਵਾਂ ਖੇਤਰਾਂ ਵਿੱਚ ਵੱਡੇ ਪੈਮਾਨੇ ’ਤੇ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਦੁਹਰਾਇਆ ਕਿ ਜਨਤਕ ਭਲਾਈ ਨਾਲ ਜੁੜੇ ਬੁਨਿਆਦੀ ਢਾਂਚਾ ਪ੍ਰਾਜੈਕਟ ਰਾਜ ਸਰਕਾਰ ਦੀ ਪ੍ਰਮੁੱਖ ਤਰਜੀਹ ਹਨ।

 

ਇਲਾਕੇ ਦੇ ਵਸਨੀਕਾਂ ਨੇ ਇਸ ਪਹਿਲਕਦਮੀ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਸਹੂਲਤ ਸਥਾਨਕ ਭਾਈਚਾਰੇ ਲਈ ਬਹੁਤ ਲਾਹੇਵੰਦ ਸਾਬਿਤ ਹੋਵੇਗੀ, ਕਿਉਂਕਿ ਇਸ ਸਦਕਾ ਕਈ ਤਰ੍ਹਾਂ ਦੀਆਂ ਜਨਤਕ ਅਤੇ ਸਮਾਜਿਕ ਗਤੀਵਿਧੀਆਂ ਲਈ ਇੱਕ ਸਮਰਪਿਤ ਜਗ੍ਹਾ ਦੀ ਸੁਵਿਧਾ ਮਿਲੇਗੀ।

 

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਇਸ ਮੌਕੇ ਸਦਗੁਰੂ ਸਵਾਮੀ ਗਿਆਨ ਗਿਰੀ ਮਹਾਰਾਜ ਜੀ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਅਤੇ ਲੋਕਾਂ ਨੂੰ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਲਈ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਵਾਂ ਬਣਨ ਵਾਲਾ ਕਮਿਊਨਿਟੀ ਹਾਲ ਸੰਤ ਜੀ ਦੀ ਜਯੰਤੀ ਵੱਡੇ ਪੱਧਰ 'ਤੇ ਮਨਾਉਣ ਦੀ ਸਹੂਲਤ ਪ੍ਰਦਾਨ ਕਰੇਗਾ। ਉਨ੍ਹਾਂ ਇਸ ਸ਼ੁਭ ਮੌਕੇ 'ਤੇ ਸਾਰੇ ਸ਼ਰਧਾਲੂਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ।

 

ਇਸ ਮੌਕੇ ਕੌਂਸਲਰ ਰਾਜ ਕੁਮਾਰ ਰਾਜੂ ਤੋਂ ਇਲਾਵਾ ਵੱਡੀ ਗਿਣਤੀ ਇਲਾਕਾ ਵਾਸੀ ਮੌਜੂਦ ਸਨ।