
ਚੰਡੀਗੜ੍ਹ: ਪੈਟਰੋਲ ਅਤੇ ਡੀਜ਼ਲ ਦੀ ਖਪਤ ਘਟਾਉਣ ਦੇ ਨਾਂ 'ਤੇ ਹਰਿਆਣਾ ਵਿੱਚ ਧਰਨੇ-ਪ੍ਰਦਰਸ਼ਨਾਂ ਅਤੇ ਸਿਆਸੀ ਰੈਲੀਆਂ 'ਤੇ ਲਗਾਈਆਂ ਗਈਆਂ ਪਾਬੰਦੀਆਂ ਖ਼ਿਲਾਫ਼ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਨੇ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਭੈ ਸਿੰਘ ਚੌਟਾਲਾ ਨੇ ਸਰਕਾਰ ਦੇ ਇਸ ਫੈਸਲੇ ਨੂੰ ਲੋਕਤੰਤਰੀ ਅਧਿਕਾਰਾਂ 'ਤੇ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਜਨਤਾ ਦੀ ਆਵਾਜ਼ ਦਬਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਭੈ ਚੌਟਾਲਾ ਨੇ ਕਿਹਾ ਕਿ 25 ਸਤੰਬਰ ਨੂੰ ਸਾਬਕਾ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਦੀ ਜਯੰਤੀ (ਜਨਮ ਦਿਹਾੜੇ) 'ਤੇ ਇਨੈਲੋ ਵੱਲੋਂ ਇੱਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਨੇ ਚੁਣੌਤੀਪੂਰਨ ਲਹਿਜੇ ਵਿੱਚ ਕਿਹਾ ਕਿ ਜੇਕਰ ਕਿਸੇ ਵਿੱਚ ਹਿੰਮਤ ਹੈ ਤਾਂ ਉਹ ਇਸ ਰੈਲੀ ਨੂੰ ਰੋਕ ਕੇ ਦਿਖਾਵੇ। ਉਦੋਂ ਜਨਤਾ ਨੂੰ ਵੀ ਪਤਾ ਲੱਗ ਜਾਵੇਗਾ ਕਿ ਲੋਕਤੰਤਰ ਦੀ ਅਸਲੀ ਤਾਕਤ ਕੀ ਹੁੰਦੀ ਹੈ।
ਅਭੈ ਚੌਟਾਲਾ ਨੇ ਕਿਹਾ ਕਿ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀ ਖਪਤ ਘਟਾਉਣ ਦੇ ਨਾਂ 'ਤੇ ਸਿਆਸੀ ਗਤੀਵਿਧੀਆਂ ਨੂੰ ਸੀਮਤ ਕਰਨ ਦਾ ਫੈਸਲਾ ਪੂਰੀ ਤਰ੍ਹਾਂ ਗੈਰ-ਵਿਹਾਰਕ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਜਨਤਾ ਦੇ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਅਜਿਹੇ ਫੈਸਲੇ ਲੈ ਰਹੀ ਹੈ।
ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਧਰਨੇ-ਪ੍ਰਦਰਸ਼ਨ, ਰੈਲੀਆਂ ਅਤੇ ਜਨਸਭਾਵਾਂ ਸਿਆਸੀ ਪਾਰਟੀਆਂ ਅਤੇ ਆਮ ਨਾਗਰਿਕਾਂ ਦੇ ਸੰਵਿਧਾਨਕ ਅਧਿਕਾਰ ਹਨ। ਇਨ੍ਹਾਂ 'ਤੇ ਪਾਬੰਦੀ ਲਗਾਉਣਾ ਲੋਕਤੰਤਰੀ ਕਦਰਾਂ-ਕੀਮਤਾਂ ਦੇ ਖ਼ਿਲਾਫ਼ ਹੈ।
ਇਨੈਲੋ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ 25 ਸਤੰਬਰ ਨੂੰ ਮਿੱਥੀ ਗਈ ਰੈਲੀ ਹਰ ਹਾਲ ਵਿੱਚ ਕਰੇਗੀ ਅਤੇ ਇਸ ਵਿੱਚ ਸੂਬੇ ਭਰ ਵਿੱਚੋਂ ਵੱਡੀ ਗਿਣਤੀ ਵਿੱਚ ਲੋਕ ਹਿੱਸਾ ਲੈਣਗੇ। ਉਨ੍ਹਾਂ ਦਾਅਵਾ ਕੀਤਾ ਕਿ ਜਨਤਾ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੀ ਹੈ ਅਤੇ ਬਦਲਾਅ ਚਾਹੁੰਦੀ ਹੈ।
ਅਭੈ ਚੌਟਾਲਾ ਨੇ ਸਰਕਾਰ ਤੋਂ ਪਾਬੰਦੀ ਸਬੰਧੀ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਲੋਕਤੰਤਰ ਵਿੱਚ ਜਨਤਾ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਉਨ੍ਹਾਂ ਦੀ ਗੱਲ ਸੁਣੀ ਜਾਣੀ ਚਾਹੀਦੀ ਹੈ।