Arth Parkash : Latest Hindi News, News in Hindi
Punjab to Post Women Govt Employees Within 40 KM of Home ਪੰਜਾਬ ਦੀਆਂ ਮਹਿਲਾ ਮੁਲਾਜ਼ਮਾਂ ਨੂੰ ਵੱਡੀ ਰਾਹਤ, ਪਰਖਕਾਲ (Probation Period) ਤੋਂ ਬਾਅਦ ਘਰ ਤੋਂ 40 ਕਿਲੋਮੀਟਰ ਦੇ ਅੰਦਰ ਹੋਵੇਗੀ ਤਾਇਨਾਤੀ: ਸੀ.ਐਮ. ਮਾਨ
Tuesday, 16 Jun 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਚੰਡੀਗੜ੍ਹ: ਪੰਜਾਬ ਭਰ ਦੀਆਂ ਮਹਿਲਾ ਸਰਕਾਰੀ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਗਰੁੱਪ 'ਸੀ' (C) ਅਤੇ 'ਡੀ' (D) ਸ਼੍ਰੇਣੀਆਂ ਨਾਲ ਸਬੰਧਤ ਮਹਿਲਾ ਮੁਲਾਜ਼ਮ, ਜਿਨ੍ਹਾਂ ਵਿੱਚ ਸਟਾਫ਼ ਨਰਸਾਂ, ਮਹਿਲਾ ਪੁਲਿਸ ਮੁਲਾਜ਼ਮ ਅਤੇ ਹੋਰ ਯੋਗ ਕਰਮਚਾਰੀ ਸ਼ਾਮਲ ਹਨ, ਨੂੰ ਉਨ੍ਹਾਂ ਦਾ ਪਰਖਕਾਲ (ਪ੍ਰੋਬੇਸ਼ਨ ਪੀਰੀਅਡ) ਪੂਰਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰਾਂ ਤੋਂ ਵੱਧ ਤੋਂ ਵੱਧ 40 ਕਿਲੋਮੀਟਰ ਦੇ ਦਾਇਰੇ ਵਿੱਚ ਹੀ ਤਾਇਨਾਤ ਕੀਤਾ ਜਾਵੇਗਾ।

ਇਸ ਫ਼ੈਸਲੇ, ਜਿਸ ਦਾ ਉਦੇਸ਼ ਮਹਿਲਾ ਮੁਲਾਜ਼ਮਾਂ ਦੇ ਨਿੱਜੀ ਜੀਵਨ ਅਤੇ ਦਫ਼ਤਰੀ ਕੰਮਾਂ ਵਿਚਕਾਰ ਤਾਲਮੇਲ ਨੂੰ ਬਿਹਤਰ ਬਣਾਉਣਾ ਹੈ, ਨੂੰ ਇੱਕ ਇਤਿਹਾਸਕ ਮੁਲਾਜ਼ਮ-ਪੱਖੀ ਪਹਿਲਕਦਮੀ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਮੁਲਾਜ਼ਮਾਂ, ਔਰਤਾਂ, ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜਤਾ ਨਾਲ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕਦਮ ਨਾਲ ਸੂਬੇ ਭਰ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੀਆਂ ਹਜ਼ਾਰਾਂ ਮਹਿਲਾ ਮੁਲਾਜ਼ਮਾਂ ਨੂੰ ਫ਼ਾਇਦਾ ਹੋਵੇਗਾ।

ਹੋਰ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਅਧਿਕਾਰੀਆਂ ਨੂੰ ਇਸ ਪਹਿਲਕਦਮੀ ਨੂੰ ਲਾਗੂ ਕਰਨ ਲਈ ਲੋੜੀਂਦਾ ਢਾਂਚਾ ਤਿਆਰ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ। ਉਨ੍ਹਾਂ ਕਿਹਾ, “ਹਜ਼ਾਰਾਂ ਮਹਿਲਾ ਮੁਲਾਜ਼ਮਾਂ, ਵਿਸ਼ੇਸ਼ ਤੌਰ 'ਤੇ ਸਿਹਤ ਵਿਭਾਗ ਵਿੱਚ ਕੰਮ ਕਰਦੀਆਂ ਸਟਾਫ਼ ਨਰਸਾਂ, ਅਧਿਆਪਕਾਂ ਅਤੇ ਮਹਿਲਾ ਪੁਲਿਸ ਕਰਮਚਾਰੀਆਂ ਨੂੰ ਇਸ ਪਹਿਲਕਦਮੀ ਦਾ ਲਾਭ ਮਿਲੇਗਾ।”

ਮੁੱਖ ਮੰਤਰੀ ਨੇ ਕਿਹਾ, “ਮੈਂ ਨਿੱਜੀ ਤੌਰ 'ਤੇ ਕਈ ਮਹਿਲਾ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਹੈ, ਜਿਨ੍ਹਾਂ ਨੇ ਮੈਨੂੰ ਦੱਸਿਆ ਕਿ ਉਨ੍ਹਾਂ ਦੀ ਤਾਇਨਾਤੀ ਉਨ੍ਹਾਂ ਦੇ ਘਰਾਂ ਤੋਂ ਲਗਭਗ 200 ਕਿਲੋਮੀਟਰ ਦੂਰ ਕੀਤੀ ਗਈ ਹੈ। ਇਸ ਕਾਰਨ ਉਹ ਹਫ਼ਤੇ ਵਿੱਚ ਸਿਰਫ਼ ਦੋ ਦਿਨ ਹੀ ਆਪਣੇ ਪਰਿਵਾਰਾਂ ਨੂੰ ਮਿਲ ਪਾਉਂਦੀਆਂ ਹਨ ਅਤੇ ਉਨ੍ਹਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਸਾਡੀ ਸਰਕਾਰ ਨੇ ਅਜਿਹੀ ਨੀਤੀ ਬਣਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਤਹਿਤ ਗਰੁੱਪ ਸੀ ਅਤੇ ਡੀ ਸ਼੍ਰੇਣੀਆਂ ਨਾਲ ਸਬੰਧਤ ਮਹਿਲਾ ਮੁਲਾਜ਼ਮਾਂ, ਜਿਨ੍ਹਾਂ ਵਿੱਚ ਸਟਾਫ਼ ਨਰਸਾਂ, ਅਧਿਆਪਕ ਅਤੇ ਮਹਿਲਾ ਪੁਲਿਸ ਮੁਲਾਜ਼ਮ ਸ਼ਾਮਲ ਹਨ, ਨੂੰ ਪਰਖਕਾਲ ਪੂਰਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰਾਂ ਤੋਂ ਵੱਧ ਤੋਂ ਵੱਧ 40 ਕਿਲੋਮੀਟਰ ਦੇ ਦਾਇਰੇ ਵਿੱਚ ਤਾਇਨਾਤ ਕੀਤਾ ਜਾਵੇਗਾ।”

ਉਨ੍ਹਾਂ ਅੱਗੇ ਕਿਹਾ, “ਮਹਿਲਾ ਮੁਲਾਜ਼ਮ ਸਰਕਾਰੀ ਫਾਰਮ ਭਰਦੇ ਸਮੇਂ ਆਪਣੇ ਪੇਕੇ ਜਾਂ ਸਹੁਰੇ ਘਰ ਦਾ ਪਤਾ ਦੇ ਸਕਣਗੀਆਂ। ਇਸ ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਉਹ ਲਗਭਗ ਇੱਕ ਘੰਟੇ ਦੇ ਅੰਦਰ-ਅੰਦਰ ਆਪਣੇ ਪਰਿਵਾਰ ਤੱਕ ਪਹੁੰਚ ਸਕਣ, ਕਿਉਂਕਿ ਇੱਕ ਖ਼ੁਸ਼ ਮੁਲਾਜ਼ਮ ਹਮੇਸ਼ਾ ਬਿਹਤਰ ਕੰਮ ਕਰਦਾ ਹੈ। 40 ਕਿਲੋਮੀਟਰ ਸਿਰਫ਼ ਉਪਰਲੀ ਸੀਮਾ ਹੈ ਅਤੇ ਇਹ ਤਾਇਨਾਤੀਆਂ ਇਸ ਤੋਂ ਵੀ ਘੱਟ ਦੂਰੀ, ਜਿਵੇਂ ਕਿ 15 ਜਾਂ 20 ਕਿਲੋਮੀਟਰ ਦੇ ਅੰਦਰ ਵੀ ਹੋ ਸਕਦੀਆਂ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਨੇ ਹਮੇਸ਼ਾ ਆਪਣੀਆਂ ਚਿੰਤਾਵਾਂ ਅਤੇ ਸਮੱਸਿਆਵਾਂ ਉਨ੍ਹਾਂ ਨਾਲ ਖੁੱਲ੍ਹ ਕੇ ਸਾਂਝੀਆਂ ਕੀਤੀਆਂ ਹਨ, ਜਿਸ ਨਾਲ ਸਰਕਾਰ ਨੂੰ ਉਨ੍ਹਾਂ ਦੀਆਂ ਲੋੜਾਂ ਅਤੇ ਉਮੀਦਾਂ ਨੂੰ ਸਿੱਧੇ ਤੌਰ 'ਤੇ ਹੱਲ ਕਰਨ ਵਾਲੀਆਂ ਨੀਤੀਆਂ ਤਿਆਰ ਕਰਨ ਵਿੱਚ ਮਦਦ ਮਿਲਦੀ ਹੈ।