
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਠਿੰਡਾ
ਵਿਸ਼ੇਸ਼ ਗਹਿਰੀ ਸੁਧਾਈ: 25 ਜੂਨ ਤੋਂ ਘਰ ਘਰ ਜਾਣਗੇ : ਬੀ.ਐਲ.ਓ
ਹਰ ਵੋਟਰ ਵਲੋਂ ਭਰਿਆ ਜਾਵੇਗਾ ਗਣਨਾ ਫਾਰਮ, ਟੌਲ ਫਰੀ ਨੰਬਰ 1950
ਬਠਿੰਡਾ, 19 ਜੂਨ
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਵਿਸ਼ੇਸ਼ ਗਹਿਰੀ ਸੁਧਾਈ (ਐੱਸ ਆਈ ਆਰ) 2026 ਤਹਿਤ ਬੂਥ ਲੈਵਲ ਅਫਸਰ (ਬੀ ਐਲ ਓ) 25 ਜੂਨ ਤੋਂ 24 ਜੁਲਾਈ 2026 ਤਕ ਘਰ ਘਰ ਜਾਣਗੇ।
ਇਸ ਗਹਿਰੀ ਸੁਧਾਈ ਦਾ ਉਦੇਸ਼ ਹਰ ਯੋਗ ਵੋਟਰ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਹਰ ਅਯੋਗ ਵੋਟਰ ਨੂੰ ਵੋਟਰ ਸੂਚੀ ਵਿੱਚੋਂ ਬਾਹਰ ਕਰਨਾ ਅਤੇ ਵੋਟਰ ਸੂਚੀ ਨੂੰ ਅਪਡੇਟ ਕਰਨਾ ਹੈ।
ਇਸ ਪ੍ਰਕਿਰਿਆ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ ਐਲ ਓ ਦੁਆਰਾ ਘਰ ਘਰ ਜਾ ਕੇ ਗਣਨਾ ਫਾਰਮ ਦੀਆਂ ਦੋ ਕਾਪੀਆਂ ਦਿੱਤੀਆਂ ਜਾਣਗੀਆਂ। ਫਾਰਮ ਵਿੱਚ ਵੋਟਰ ਦਾ ਨਾਮ, ਐਪਿਕ ਨੰਬਰ, ਪੁਰਾਣੀ ਫੋਟੋ ਆਦਿ ਕੁਝ ਜਾਣਕਾਰੀ ਪਹਿਲਾਂ ਤੋਂ ਹੀ ਭਰੀ ਹੋਵੇਗੀ।
ਫਾਰਮ ਵਿੱਚ ਸਾਰੀ ਜਾਣਕਾਰੀ ਭਰਣ ਉਪਰੰਤ ਇੱਕ ਕਾਪੀ ਵੋਟਰ ਵਲੋਂ ਦਸਤਖ਼ਤ ਕਰਕੇ ਬੀ ਐਲ ਓ ਕੋਲ ਜਮ੍ਹਾਂ ਕਰਵਾਈ ਜਾਵੇਗੀ ਅਤੇ ਇੱਕ ਕਾਪੀ ਬੀ ਐਲ ਓ ਦੁਆਰਾ ਦਸਤਖ਼ਤ ਕਰਕੇ ਵੋਟਰ ਨੂੰ ਰਸੀਦ ਵਜੋਂ ਦਿੱਤੀ ਜਾਵੇਗੀ।
ਇਸ ਪ੍ਰਕਿਰਿਆ ਸਬੰਧੀ ਵੱਖ ਵੱਖ ਪੜਾਵਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 24 ਜੁਲਾਈ 2026 ਤੱਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜੇਸ਼ਨ (ਤਰਕ ਸੰਗਤ ਕਰਨਾ), 3 ਅਗਸਤ 2026 ਨੂੰ ਡਰਾਫਟ ਵੋਟਰ ਸੂਚੀ ਦਾ ਪ੍ਰਕਾਸ਼ਨ, 02 ਅਗਸਤ 2026 ਤੋਂ 02 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਮਿਆਦ ਤੇ 03 ਅਗਸਤ 2026 ਤੋਂ 28 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਅਤੇ 1 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਦਾ ਪ੍ਰਕਾਸ਼ਨ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਇੱਕ ਟੌਲ ਫ੍ਰੀ ਨੰਬਰ 1950 ਜਾਰੀ ਕੀਤਾ ਗਿਆ ਹੈ। ਓਹਨਾਂ ਸਮੂਹ ਜ਼ਿਲ੍ਹਾ ਵੋਟਰਾਂ ਨੂੰ ਅਪੀਲ ਕੀਤੀ ਕਿ ਇਸ ਗਹਿਰੀ ਸੁਧਾਈ ਦੀ ਪ੍ਰਕਿਰਿਆ ਨੂੰ ਸੁਚਾਰੂ ਰੂਪ ਵਿੱਚ ਨੇਪਰੇ ਚਾੜ੍ਹਨ ਲਈ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਹਰ ਵੋਟਰ ਆਪਣਾ ਗਣਨਾ ਫਾਰਮ ਜ਼ਰੂਰ ਭਰੇ।